- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ’ਤੇ ਦਿੱਤਾ ਜ਼ੋਰ

ਵੱਖ-ਵੱਖ ਵਿਭਾਗਾਂ ਵੱਲੋਂ ਨਸ਼ਿਆਂ ਖ਼ਿਲਾਫ਼ ਚੁੱਕੇ ਜਾ ਰਹੇ ਕਦਮਾਂ ਦਾ ਲਿਆ ਜਾਇਜ਼ਾ ਚੰਦੀਪ ਭੱਲਾ, ਪੰਜਾਬੀ ਜਾਗਰਣ, ਜਲੰਧਰ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਅੱਜ ਨਸ਼ਾ ਮੁਕਤੀ ਮੋਰਚਾ ਦੇ ਅਹੁਦੇਦਾਰਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ’ਤੇ ਜ਼ੋਰ ਦਿੱਤਾ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਪੁਲਿਸ ਕਮਿਸ਼ਨਰ ਸਮੇਤ ਵੱਖ-ਵੱਖ ਵਿਭਾਗਾਂ ਵੱਲੋਂ ਨਸ਼ਿਆਂ ਖ਼ਿਲਾਫ਼ ਚੁੱਕੇ ਜਾ ਰਹੇ ਕਦਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਅਸਰਦਾਰ ਬਣਾਉਣ ਲਈ ਇਸ ਦੀ ਨਿਯਮਿਤ ਸਮੀਖਿਆ ’ਤੇ ਜ਼ੋਰ ਦਿੱਤਾ ਤਾਂ ਜੋ ਨਸ਼ਿਆਂ ਖ਼ਿਲਾਫ਼ ਚੱਲ ਰਹੀਆਂ ਗਤੀਵਿਧੀਆਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਸਕੇ ਤੇ ਲੋੜੀਂਦੇ ਸੁਧਾਰ ਕੀਤੇ ਜਾ ਸਕਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਮਰਜੀਤ ਬੈਂਸ ਵੀ ਮੌਜੂਦ ਸਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਦੀ ਵਚਨਬੱਧਤਾ ਦੁਹਰਾਉਂਦਿਆਂ ਵਾਲੀਆ ਨੇ ਕਿਹਾ ਕਿ ਇਸ ਅਲਾਮਤ ਨੂੰ ਜ਼ਿਲ੍ਹੇ ਵਿਚੋਂ ਜੜ੍ਹੋਂ ਖ਼ਤਮ ਕਰਨਾ ਪ੍ਰਸ਼ਾਸਨ ਦੀ ਪਹਿਲੀ ਤਰਜੀਹ ਹੈ। ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਕਿਹਾ ਕਿ ਨਸ਼ਿਆਂ ਨਾਲ ਸਬੰਧਿਤ ਗਤੀਵਿਧੀਆਂ ਵਿਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ ਅਤੇ ਅਜਿਹੇ ਕਿਸੇ ਵੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਹੋਰ ਮਜ਼ਬੂਤੀ ਅਤੇ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ।ਮੀਟਿੰਗ ਦੌਰਾਨ ਨਸ਼ਾ ਮੁਕਤੀ ਮੋਰਚਾ ਦੇ ਅਹੁਦੇਦਾਰਾਂ ਨੇ ਸੁਝਾਅ ਵੀ ਸਾਂਝੇ ਕੀਤੇ।ਮੀਟਿੰਗ ਵਿਚ ਨਸ਼ਾ ਮੁਕਤੀ ਮੋਰਚਾ ਦੇ ਦੁਆਬਾ ਇੰਚਾਰਜ ਅਤਿਨ ਅਗਨੀਹੋਤਰੀ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਇੰਚਾਰਜ (ਸ਼ਹਿਰੀ) ਸ਼ੈਂਕੀ ਭਗਤ, ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਇੰਚਾਰਜ (ਦਿਹਾਤੀ) ਅਜੈ ਭੀਲ ਅਤੇ ਹਲਕਾ ਕੋਆਰਡੀਨੇਟਰ ਵੀ ਮੌਜੂਦ ਸਨ।