ਡੀਸੀ ਨੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨਾਲ ਮਨਾਈ ਹੋਲੀ
ਡਿਪਟੀ ਕਮਿਸ਼ਨਰ ਨੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨਾਲ ਮਨਾਇਆ ਹੋਲੀ ਦਾ ਤਿਉਹਾਰ
Publish Date: Tue, 03 Mar 2026 09:24 PM (IST)
Updated Date: Tue, 03 Mar 2026 09:26 PM (IST)

-ਕਿਹਾ ਹੋਲੀ ਆਪਸੀ ਪ੍ਰੇਮ, ਏਕਤਾ ਤੇ ਸਦਭਾਵਨਾ ਦਾ ਤਿਉਹਾਰ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਮੰਗਲਵਾਰ ਸਥਾਨਕ ਰੈੱਡ ਕਰਾਸ ਦਿਵਿਆਂਗ ਸਕੂਲ ਤੇ ਪ੍ਰਯਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨਾਲ ਹੋਲੀ ਦਾ ਤਿਉਹਾਰ ਮਨਾਇਆ। ਉਨ੍ਹਾਂ ਇਸ ਮੌਕੇ ਬੱਚਿਆਂ ਨੂੰ ਫਲ ਤੇ ਪਿਚਕਾਰੀਆਂ ਆਦਿ ਵੰਡ ਕੇ ਉਨ੍ਹਾਂ ਨਾਲ ਹੋਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਡਾ. ਅਗਰਵਾਲ ਨੇ ਕਿਹਾ ਕਿ ਹੋਲੀ ਸਿਰਫ਼ ਰੰਗਾਂ ਦਾ ਨਹੀਂ, ਸਗੋਂ ਆਪਸੀ ਪ੍ਰੇਮ, ਏਕਤਾ ਤੇ ਸਦਭਾਵਨਾ ਦਾ ਤਿਉਹਾਰ ਹੈ। ਉਨ੍ਹਾਂ ਇਸ ਮੌਕੇ ਸਭ ਨੂੰ ਮਿਲ ਕੇ ਹੋਲੀ ਮਨਾਉਣ ਤੇ ਆਪਸੀ ਭਾਈਚਾਰੇ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਲਈ ਸਰਗਰਮ ਯਤਨ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਜਿਥੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ, ਉਥੇ ਹੋਲੀ ਦੇ ਰੰਗ ਅਨੇਕਾਂ ’ਚ ਏਕਤਾ ਦਾ ਸੰਦੇਸ਼ ਵੀ ਦਿੰਦੇ ਹਨ। ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਸਮਾਜ ਦਾ ਅਨਿੱਖੜਵਾਂ ਅੰਗ ਦੱਸਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਬੱਚੇ ਕਿਸੇ ਵੀ ਤਰ੍ਹਾਂ ਘੱਟ ਨਹੀਂ ਹਨ, ਸਗੋਂ ਵਿਲੱਖਣ ਪ੍ਰਤਿਭਾ ਤੇ ਹੌਸਲੇ ਦੇ ਮਾਲਕ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਬੱਚਿਆਂ ਨਾਲ ਸਮਾਂ ਬਿਤਾ ਕੇ ਉਨ੍ਹਾਂ ਦੇ ਮਨ ਨੂੰ ਬਹੁਤ ਸਕੂਨ ਮਿਲਿਆ ਹੈ। ਡਾ. ਅਗਰਵਾਲ ਨੇ ਇਸ ਮੌਕੇ ਰੈੱਡ ਕਰਾਸ ਓਲਡ ਏਜ ਹੋਮ ਦੇ ਬਜ਼ੁਰਗਾਂ ਨੂੰ ਵੀ ਫਲ ਆਦਿ ਵੰਡੇ ਤੇ ਗੱਲਬਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਜਾਣਿਆ। ਉਨ੍ਹਾਂ ਇਸ ਤਿਉਹਾਰ ਦੇ ਮੌਕੇ ’ਤੇ ਜ਼ਿਲ੍ਹਾ ਵਾਸੀਆਂ ਦੇ ਸੁੱਖ, ਸ਼ਾਂਤੀ ਤੇ ਖੁਸ਼ਹਾਲੀ ਲਈ ਕਾਮਨਾ ਵੀ ਕੀਤੀ। ਇਸ ਦੌਰਾਨ ਰੈੱਡ ਕਰਾਸ ਦਿਵਿਆਂਗ ਸਕੂਲ ਦੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਵੰਨਗੀ ਵੀ ਪੇਸ਼ ਕੀਤੀ ਗਈ। ਇਸ ਮੌਕੇ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸੁਰਜੀਤ ਲਾਲ ਵੀ ਮੌਜੂਦ ਸਨ।