ਪਹਿਲ ਦੇ ਆਧਾਰ 'ਤੇ ਹੱਲ ਹੋਣ ਲੋਕ ਮਸਲੇ : ਵਾਲੀਆ
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼
Publish Date: Fri, 17 Apr 2026 10:45 PM (IST)
Updated Date: Fri, 17 Apr 2026 10:48 PM (IST)
-ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਤੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ’ਤੇ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ’ਤੇ ਦਿੱਤਾ ਜ਼ੋਰ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਦੌਰਾਨ ਉਨ੍ਹਾਂ ਨੂੰ ਲੋਕ ਮਸਲਿਆਂ ਦਾ ਢੁੱਕਵਾਂ ਤੇ ਸਮਾਂਬੱਧ ਢੰਗ ਨਾਲ ਹੱਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਲੋਕਾਂ ਦੀ ਹਰੇਕ ਸਮੱਸਿਆ ਨੂੰ ਪੂਰੀ ਗੰਭੀਰਤਾ ਨਾਲ ਲੈਣ ਤੇ ਉਸ ਦਾ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗ ਪੇਸ਼ੇਵਰ ਢੰਗ ਨਾਲ ਤੇ ਪੂਰੇ ਤਾਲਮੇਲ ਨਾਲ ਕੰਮ ਕਰਨ ਤਾਂ ਜੋ ਲੋਕਾਂ ਨੂੰ ਹੋਰ ਵੀ ਬਿਹਤਰ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਇਸ ਮੌਕੇ ਮੁੱਖ ਪ੍ਰਸ਼ਾਸਕ ਜੇਡੀਏ ਨਿਤੇਸ਼ ਕੁਮਾਰ ਜੈਨ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਤੇਜਦੀਪ ਸਿੰਘ ਸੈਣੀ ਵੀ ਮੌਜੂਦ ਸਨ।
ਵਾਲੀਆ ਨੇ ਐੱਸਡੀਐੱਮਜ਼ ਨੂੰ ਵੀ ਆਪੋ-ਆਪਣੇ ਅਧਿਕਾਰ ਖੇਤਰ ’ਚ ਸਾਹਮਣੇ ਆਉਣ ਵਾਲੀਆਂ ਸਮੱਸਿਆਵਾਂ ਦੀ ਢੁੱਕਵੀਂ ਨਿਗਰਾਨੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਉਨ੍ਹਾਂ ਦਾ ਸਮੇਂ ਸਿਰ ਨਿਪਟਾਰਾ ਕਰਕੇ ਲੋਕਾਂ ਨੂੰ ਰਾਹਤ ਪਹੁੰਚਾਈ ਜਾ ਸਕੇ। ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਤੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ’ਤੇ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ’ਤੇ ਜ਼ੋਰ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਹਰ ਯੋਗ ਤੇ ਲੋੜਵੰਦ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪੁੱਜੇ। ਉਨ੍ਹਾਂ ਕਿਹਾ ਕਿ ਜੇ ਲੋਕ ਸਾਡੇ ਤੱਕ ਨਹੀਂ ਪੁੱਜ ਸਕਦੇ ਤਾਂ ਉਨ੍ਹਾਂ ਤੱਕ ਪੁੱਜਣਾ ਸਾਡੀ ਜ਼ਿੰਮੇਵਾਰੀ ਹੈ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਸਮਰਪਣ ਭਾਵਨਾ ਨਾਲ ਨਿਭਾਉਣ ਤੇ ਲੋਕਾਂ ਦੀ ਭਲਾਈ ਤੇ ਬਿਹਤਰੀ ਨੂੰ ਆਪਣੀ ਮੁੱਢਲੀ ਤਰਜੀਹ ਬਣਾਉਣ ਤਾਂ ਜੋ ਉਨ੍ਹਾਂ ਦਾ ਪ੍ਰਸ਼ਾਸਨ ’ਚ ਵਿਸ਼ਵਾਸ ਹੋਰ ਮਜ਼ਬੂਤ ਹੋ ਸਕੇ। ਮੀਟਿੰਗ ’ਚ ਸਮੂਹ ਐੱਸਡੀਐੱਮਜ਼, ਸਿਵਲ ਸਰਜਨ, ਜ਼ਿਲ੍ਹਾ ਮਾਲ ਅਫ਼ਸਰ ਸਮੇਤ ਵੱਖ-ਵੱਖ ਵਿਭਾਗਾਂ ਦੇ ਮੁਖੀ ਮੌਜੂਦ ਸਨ।