ਵਿਦਿਆਰਥੀਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ : ਵਾਲੀਆ ਡਿਪਟੀ ਕਮਿਸ਼ਨਰ ਵੱਲੋਂ ਸੇਫ਼ ਸਕੂਲ ਵਾਹਨ ਪਾਲਿਸੀ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼
Publish Date: Mon, 03 Aug 2026 08:33 PM (IST)
Updated Date: Mon, 03 Aug 2026 08:34 PM (IST)
ਡਿਪਟੀ ਕਮਿਸ਼ਨਰ ਵੱਲੋਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਸੋਮਵਾਰ ਜ਼ਿਲ੍ਹਾ ਪੱਧਰੀ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੌਰਾਨ ਸੇਫ਼ ਸਕੂਲ ਵਾਹਨ ਪਾਲਿਸੀ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਸਕੂਲੀ ਬੱਸਾਂ ਦੀ ਚੈਕਿੰਗ ਕਰਨ ਦੇ ਨਿਰਦੇਸ਼ ਦਿੱਤੇ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਸਮੂਹ ਐੱਸ.ਡੀ.ਐਮਜ਼, ਟ੍ਰੈਫਿਕ ਪੁਲਿਸ, ਟਰਾਂਸਪੋਰਟ ਤੇ ਸਿੱਖਿਆ ਵਿਭਾਗ ਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਸਕੂਲਾਂ ਵਿਚ ਚੱਲ ਰਹੀਆਂ ਸਕੂਲੀ ਬੱਸਾਂ ਵਿਚ ਸੇਫ਼ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਯਕੀਨੀ ਬਣਾਈ ਜਾਵੇ। ਵਾਲੀਆ ਨੇ ਸਪੱਸ਼ਟ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੀਟਿੰਗ ਦੌਰਾਨ ਸੜਕ ਹਾਦਸਿਆਂ ਦੀ ਰੋਕਥਾਮ, ਟ੍ਰੈਫਿਕ ਪ੍ਰਬੰਧਨ, ਸੁਪਰੀਮ ਕੋਰਟ ਤੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ। ਮੌਨਸੂਨ ਦੇ ਮੱਦੇਨਜ਼ਰ ਐੱਨ.ਐੱਚ.ਆਈ.ਏ. ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਹਾਈਵੇ ’ਤੇ ਕਿਤੇ ਵੀ ਬਾਰਿਸ਼ ਦਾ ਪਾਣੀ ਜਮ੍ਹਾਂ ਨਾ ਹੋਵੇ। ਡਿਪਟੀ ਕਮਿਸ਼ਨਰ ਨੇ ਹਿੱਟ ਐਂਡ ਰਨ ਦੇ ਮਾਮਲਿਆਂ ਦੀ ਸਮੀਖਿਆ ਕਰਦਿਆਂ ਪ੍ਰਭਾਵਿਤ ਪਰਿਵਾਰਾਂ ਨੂੰ ਸਮੇਂ ਸਿਰ ਸਹਾਇਤਾ ਪ੍ਰਦਾਨ ਕਰਨ, ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਮੁਹਿੰਮਾਂ ਨੂੰ ਹੋਰ ਤੇਜ਼ ਕਰਨ, ਬੇਸਹਾਰਾ ਪਸ਼ੂਆਂ ਨੂੰ ਗਊਸ਼ਾਲਾਵਾਂ ’ਚ ਪਹੁੰਚਾਉਣ ਅਤੇ ਬਲੈਕ ਸਪਾਟਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਦੂਰ ਕਰਨ ਲਈ ਫੌਰੀ ਅਮਲ ’ਚ ਲਿਆਉਣ ਦੀ ਹਦਾਇਤ ਕੀਤੀ। ਉਨ੍ਹਾਂ ਨਗਰ ਨਿਗਮ ਨੂੰ ਹਦਾਇਤ ਕੀਤੀ ਕਿ ਸੜਕਾਂ ਤੇ ਖ਼ਾਸ ਕਰਕੇ ਫੁੱਟਪਾਥਾਂ ਤੋਂ ਨਾਜਾਇਜ਼ ਕਬਜ਼ੇ ਹਟਾਏ ਜਾਣ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਅੰਡਰ ਏਜ, ਸ਼ਰਾਬ ਪੀ ਕੇ ਵਾਹਨ ਚਲਾਉਣ ਸਮੇਤ ਹੋਰ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਬੰਧਿਤ ਵਿਭਾਗਾਂ ਵੱਲੋਂ ਕੀਤੀ ਜਾ ਰਹੀ ਕਾਰਵਾਈ ਤੇ ਸੜਕ ’ਤੇ ਪੈਦਲ ਚੱਲਣ ਵਾਲਿਆਂ ਦੀ ਸੁਰੱਖਿਆ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਵੀ ਜਾਇਜ਼ਾ ਲਿਆ। ਮੀਟਿੰਗ ’ਚ ਏਡੀਸੀ (ਜਨਰਲ) ਅਮਨਿੰਦਰ ਕੌਰ, ਸਕੱਤਰ ਆਰਟੀਏ ਬਲਜਿੰਦਰ ਸਿੰਘ ਢਿੱਲੋਂ, ਰੋਡ ਸੇਫ਼ਟੀ ਕਮੇਟੀ ਦੇ ਮੈਂਬਰ ਸੁਰਿੰਦਰ ਸੈਣੀ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਮੇਟੀ ਦੇ ਮੈਂਬਰ ਵੀ ਮੌਜੂਦ ਸਨ।