ਵਪਾਰੀਆਂ ਦੀਆਂ ਸ਼ਿਕਾਇਤਾਂ ਪਹਿਲ ਦੇ ਆਧਾਰ ’ਤੇ ਹੱਲ ਹੋਣ : ਡੀਸੀ
ਡਿਪਟੀ ਕਮਿਸ਼ਨਰ ਵੱਲੋਂ ਵਪਾਰੀਆਂ ਦੀਆਂ ਸ਼ਿਕਾਇਤਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼
Publish Date: Mon, 04 May 2026 09:44 PM (IST)
Updated Date: Mon, 04 May 2026 09:47 PM (IST)

-ਵੱਖ-ਵੱਖ ਵਿਭਾਗਾਂ ਨੂੰ ਨੋਡਲ ਅਧਿਕਾਰੀ ਨਿਯੁਕਤ ਕਰਨ ਲਈ ਕਿਹਾ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਐੱਸਡੀਐੱਮਜ਼ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸ਼ਿਕਾਇਤਾਂ ਦੀ ਸਮੀਖਿਆ ਕਰਦਿਆਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਆਨਲਾਈਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਤੈਅ ਸਮੇਂ ’ਚ ਨਿਬੇੜਾ ਯਕੀਨੀ ਬਣਾਇਆ ਜਾਵੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਦੀ ਵਚਨਬੱਧਤਾ ਦੁਹਰਾਉਦਿਆਂ ਵਾਲੀਆ ਨੇ ਕਿਹਾ ਕਿ ਵਪਾਰੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਹਰ ਸੰਭਵ ਉਪਰਾਲਾ ਕਰਨ ਲਈ ਯਤਨਸ਼ੀਲ ਹੈ। ਵਪਾਰੀਆਂ ਦੀਆਂ ਸ਼ਿਕਾਇਤਾਂ ਦੇ ਨਿਬੇੜੇ ਲਈ ਸਰਕਾਰ ਦੇ ਪੋਰਟਲ ’ਤੇ ਸ਼ਿਕਾਇਤਾਂ ਦਰਜ ਕੀਤੀਆਂ ਜਾਂਦੀਆਂ ਹਨ ਅਤੇ ਉਨ੍ਹਾਂ ਦੇ ਯੋਗ ਹੱਲ ਲਈ ਲਗਾਤਾਰ ਹਰ ਹਫ਼ਤੇ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਵਪਾਰੀਆਂ/ਦੁਕਾਨਦਾਰਾਂ ਦੀਆਂ ਮੁਸ਼ਕਲਾਂ ਸਮਾਂਬੱਧ ਢੰਗ ਨਾਲ ਹੱਲ ਕੀਤੀਆਂ ਜਾ ਸਕਣ। ਉਨ੍ਹਾਂ ਵੱਖ-ਵੱਖ ਵਿਭਾਗਾਂ ਨੂੰ ਨੋਡਲ ਅਫ਼ਸਰ ਨਿਯੁਕਤ ਕਰਨ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਤੇਜ਼ੀ ਨਾਲ ਨਿਬੇੜਾ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਤੇਜਦੀਪ ਸਿੰਘ ਸੈਣੀ, ਪੰਜਾਬ ਵਿਕਾਸ ਕਮਿਸ਼ਨ ਦੇ ਮੈਂਬਰ ਆਸ਼ੂਤੋਸ਼ ਦੱਤ, ਏਡੀਸੀਪੀ ਆਕਰਸ਼ੀ ਜੈਨ, ਐੱਸਪੀ ਮਨਜੀਤ ਕੌਰ ਜਲੰਧਰ (ਦਿਹਾਤੀ), ਸੂਬਾ ਸਕੱਤਰ ਵਪਾਰ ਵਿੰਗ ਹਰਿੰਦਰਪਾਲ ਸਿੰਘ ਮਨੋਚਾ, ਜ਼ਿਲ੍ਹਾ ਪ੍ਰਧਾਨ (ਵਪਾਰ ਵਿੰਗ ਸ਼ਹਿਰੀ) ਇੰਦਰਵੰਸ਼ ਸਿੰਘ ਚੱਢਾ, ਜ਼ਿਲ੍ਹਾ ਪ੍ਰਧਾਨ (ਵਪਾਰ ਵਿੰਗ ਦਿਹਾਤੀ) ਅਸ਼ਵਨੀ ਕੋਹਲੀ ਤੋਂ ਇਲਾਵਾ ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਹੋਰ ਨੁਮਾਇੰਦੇ, ਸਮੂਹ ਐੱਸਡੀਐੱਮਜ਼ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।