ਡੀਸੀ ਨੇ ਐੱਸਆਈਆਰ ਸਬੰਧੀ ਹਦਾਇਤਾਂ ਤੇ ਸਮਾਂ ਸਾਰਣੀ ਬਾਰੇ ਦੱਸਿਆ
ਡਿਪਟੀ ਕਮਿਸ਼ਨਰ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
Publish Date: Thu, 21 May 2026 06:48 PM (IST)
Updated Date: Thu, 21 May 2026 06:49 PM (IST)

-ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ -25 ਜੂਨ ਤੋਂ 24 ਜੁਲਾਈ ਤੱਕ ਘਰ-ਘਰ ਜਾ ਕੇ ਫਾਰਮ ਭਰਵਾਉਣਗੇ ਬੀਐੱਲਓ ਚੰਦੀਪ ਭੱਲਾ, ਪੰਜਾਬੀ ਜਾਗਰਣ, ਜਲੰਧਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਵੱਲੋਂ ਅੱਜ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ’ਚ ਸ਼ੁਰੂ ਕੀਤੀ ਜਾ ਰਹੀ ਵੋਟਰ ਸੂਚੀਆਂ ਦੀ ਸਪੈਸ਼ਲ ਇਨਟੈਂਸਿਵ ਰਿਵੀਜ਼ਨ (ਐੱਸਆਈਆਰ) ਸਬੰਧੀ ਹਦਾਇਤਾਂ ਤੇ ਸਮਾਂ ਸਾਰਣੀ ਬਾਰੇ ਜਾਣਕਾਰੀ ਦਿੱਤੀ ਗਈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਤਹਿਤ ਬੂਥ ਲੈਵਲ ਅਫ਼ਸਰ 25 ਜੂਨ ਤੋਂ 24 ਜੁਲਾਈ ਤੱਕ ਘਰ-ਘਰ ਜਾ ਕੇ ਫਾਰਮ ਭਰਵਾਉਣਗੇ। ਉਨ੍ਹਾਂ ਦੱਸਿਆ ਕਿ ਡਰਾਫ਼ਟ ਵੋਟਰ ਸੂਚੀ ਦੀ ਪ੍ਰਕਾਸ਼ਨਾ 31 ਜੁਲਾਈ ਨੂੰ ਹੋਵੇਗੀ ਤੇ ਦਾਅਵੇ ’ਤੇ ਇਤਰਾਜ਼ 31 ਜੁਲਾਈ ਤੋਂ 30 ਅਗਸਤ ਤੱਕ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਦਾਅਵੇ ਤੇ ਇਤਰਾਜ਼ਾਂ ਦਾ ਨਿਪਟਾਰਾ 28 ਸਤੰਬਰ ਤੱਕ ਕੀਤਾ ਜਾਵੇਗਾ ਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਪਹਿਲੀ ਅਕਤੂਬਰ ਨੂੰ ਹੋਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ ਤੇ ਚੋਣ ਤਹਿਸੀਲਦਾਰ ਸੁਖਦੇਵ ਸਿੰਘ ਵੀ ਮੌਜੂਦ ਸਨ। ਵਾਲੀਆ ਨੇ ਦੱਸਿਆ ਕਿ ਐੱਸਆਈਆਰ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹੇ ਵਿਚ 1926 ਬੀਐੱਲਓਜ, 189 ਸੁਪਰਵਾਈਜ਼ਰ, 9 ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਤੇ 5 ਵਧੀਕ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਸਮੇਤ ਲੋੜੀਂਦਾ ਚੋਣ ਅਮਲਾ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਾਰੀ ਪ੍ਰਕਿਰਿਆ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਪੂਰੇ ਪਾਰਦਰਸ਼ੀ ਢੰਗ, ਨਿਰਪੱਖਤਾ ਤੇ ਨਿਰਧਾਰਿਤ ਨਿਯਮਾਂ ਅਨੁਸਾਰ ਮੁਕੰਮਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਕਿਸੇ ਵੀ ਵੋਟਰ ਨੂੰ ਪੋਲਿੰਗ ਸਟੇਸ਼ਨ ’ਤੇ ਪਹੁੰਚਣ ਲਈ 2 ਕਿਲੋਮੀਟਰ ਤੋਂ ਵੱਧ ਦਾ ਫ਼ਾਸਲਾ ਨਾ ਤੈਅ ਕਰਨਾ ਪਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਐੱਸਆਈਆਰ ਤਹਿਤ ਸਾਰੇ ਵੋਟਰਾਂ ਲਈ ਬੀਐੱਲਓ ਵੱਲੋਂ ਦਿੱਤੇ ਜਾਣ ਵਾਲੇ ਫਾਰਮ ਨੂੰ ਭਰਨਾ ਜ਼ਰੂਰੀ ਹੋਵੇਗਾ। ਜ਼ਿਲ੍ਹਾ ਚੋਣ ਅਫ਼ਸਰ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਐੱਸਆਈਆਰ ਨੂੰ ਸੁਚਾਰੂ ਢੰਗ ਨਾਲ ਸਿਰੇ ਚਾੜ੍ਹਨ ਲਈ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਰਾਜਸੀ ਪਾਰਟੀਆਂ ਨੂੰ ਬੂਥ ਲੈਵਲ ਏਜੰਟ (ਬੀਐੱਲਏ) ਦੀਆਂ ਨਿਯੁਕਤੀਆਂ ਜਲਦ ਤੋਂ ਜਲਦ ਮੁਕੰਮਲ ਕਰਨ ਲਈ ਕਿਹਾ। ਬੀਐੱਲਏ ਦੀ ਮੌਜੂਦਗੀ ਨਾਲ ਐੱਸਆਈਆਰ ਦੀ ਪ੍ਰਕਿਰਿਆ ਹੋਰ ਵਧੇਰੇ ਭਰੋਸੇਯੋਗ ਤੇ ਪਾਰਦਰਸ਼ੀ ਬਣੇਗੀ। ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਬੀਐੱਲਏ ਦੀ 4 ਤੋਂ 14 ਜੂਨ ਤੱਕ ਟਰੇਨਿੰਗ ਵੀ ਕਰਵਾਈ ਜਾਵੇਗੀ। ਮੀਟਿੰਗ ’ਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।