ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਡੀਸੀ ਵੱਲੋਂ ਨਿਰਦੇਸ਼ ਜਾਰੀ
ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ
Publish Date: Wed, 31 Dec 2025 07:48 PM (IST)
Updated Date: Thu, 01 Jan 2026 04:08 AM (IST)

- ਸਮੇਂ ਸਿਰ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੀ ਅਧਿਕਾਰੀਆ ਨੂੰ ਦਿੱਤੀ ਹਦਾਇਤ - ਸਨਮਾਨ ਲਈ 19 ਤੱਕ ਨਾਮ ਭੇਜਣੇ ਯਕੀਨੀ ਬਣਾਏ ਜਾਣ : ਡਾ. ਅਗਰਵਾਲ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 26 ਜਨਵਰੀ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਵਾਸਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅਧਿਕਾਰੀਆਂ ਨੂੰ ਲੁੜੀਂਦੇ ਨਿਰਦੇਸ਼ ਦਿੱਤੇ ਹਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਗਮ ਦੌਰਾਨ ਮਾਰਚ ਪਾਸਟ ਤੋਂ ਇਲਾਵਾ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਗਣਤੰਤਰ ਦਿਵਸ ਸਮਾਗਮ ਨੂੰ ਨਿਰਵਿਘਨ ਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਮੁੱਚੇ ਲੁੜੀਂਦੇ ਪ੍ਰਬੰਧਾਂ ਲਈ ਹੁਣੇ ਤੋਂ ਕੰਮ ਸ਼ੁਰੂ ਕਰਨ ਲਈ ਕਿਹਾ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਵੱਖ-ਵੱਖ ਵਿਭਾਗਾਂ ਦੇ ਸ਼ਾਨਦਾਰ ਪ੍ਰਾਪਤੀਆਂ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦਾ ਸਨਮਾਨ ਕੀਤਾ ਜਾਣਾ ਹੈ, ਜਿਸ ਸਬੰਧੀ ਵਿਭਾਗਾਂ ਦੇ ਮੁਖੀ ਨਾਮਾਂ ਦੀਆਂ ਸੂਚੀਆਂ 19 ਜਨਵਰੀ ਤੱਕ ਭੇਜਣੀਆਂ ਯਕੀਨੀ ਬਣਾਉਣ। ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਨੂੰ ਜ਼ਿੰਮੇਵਾਰੀ ਸੌਂਪਦਿਆਂ ਨਗਰ ਨਿਗਮ ਨੂੰ ਸਮਾਗਮ ਵਾਲੇ ਸਥਾਨ ਦੇ ਨਾਲ-ਨਾਲ ਚੌਕਾਂ ਦੀ ਸਫਾਈ, ਸਜਾਵਟ, ਰੌਸ਼ਨੀ ਤੇ ਪੀਣ ਵਾਲੇ ਪਾਣੀ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਮਾਗਮ ਦੌਰਾਨ ਲੋਕਾਂ ਦੀ ਸਹੂਲਤ ਲਈ ਮੈਡੀਕਲ ਟੀਮਾਂ ਦੀ ਤਾਇਨਾਤੀ, ਦਵਾਈਆਂ ਤੇ ਐਂਬੂਲੈਂਸ ਦੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਪੁਲਿਸ ਵਿਭਾਗ ਨੂੰ ਟ੍ਰੈਫਿਕ ਦੇ ਬਦਲਵੇਂ ਪ੍ਰਬੰਧਾਂ, ਵਾਹਨਾਂ ਦੀ ਪਾਰਕਿੰਗ, ਸੁਰੱਖਿਆ ਆਦਿ ਸਮੇਤ ਹੋਰ ਲੋੜੀਂਦੇ ਇੰਤਜ਼ਾਮ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਵਦੀਪ ਕੌਰ, ਸਹਾਇਕ ਕਮਿਸ਼ਨਰ ਰੋਹਿਤ ਜਿੰਦਲ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।