- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡਿਪਟੀ ਕਮਿਸ਼ਨਰ ਵੱਲੋਂ ਡਰੱਗ ਹੋਟ ਸਪੋਟਸ ’ਤੇ ਲਗਾਤਾਰ ਨਿਗਰਾਨੀ ਤੇ ਵਧੇਰੇ ਚੌਕਸੀ ਵਰਤਣ ਦੇ ਨਿਰਦੇਸ਼

-ਖਾਲੀ ਥਾਵਾਂ ’ਤੇ ਰੌਸ਼ਨੀ, ਸੀਸੀਟੀਵੀ ਕੈਮਰੇ ਲਗਾਉਣ ’ਤੇ ਪੁਲਿਸ ਗਸ਼ਤ ਵਧਾਉਣ ਲਈ ਵੀ ਕਿਹਾ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਮੀਖਿਆ ਮੀਟਿੰਗ ਦੌਰਾਨ ਜ਼ਿਲ੍ਹੇ ’ਚ ਡਰੱਗ ਹੋਟ-ਸਪੋਟਸ ’ਤੇ ਲਗਾਤਾਰ ਨਿਗਰਾਨੀ ਰੱਖਣ ਤੇ ਵਧੇਰੇ ਚੌਕਸੀ ਵਰਤਣ ਦੇ ਨਿਰਦੇਸ਼ ਦਿੱਤੇ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਐੱਸਐੱਸਪੀ ਜਲੰਧਰ (ਦਿਹਾਤੀ) ਹਰਵਿੰਦਰ ਸਿੰਘ ਵਿਰਕ ਸਣੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ’ਚ ਡਰੱਗ ਹਾਟ ਸਪਾਟ ਖੇਤਰਾਂ ਦਾ ਦੌਰਾ ਕਰਕੇ ਨਸ਼ਿਆਂ ਦੀ ਰੋਕਥਾਮ ਲਈ ਪੂਰੀ ਮੁਸਤੈਦੀ ਨਾਲ ਕੰਮ ਕੀਤਾ ਜਾਵੇ। ਇਸ ਮੌਕੇ ਡੀਸੀਪੀ ਆਦਿੱਤਿਆ ਵਾਰੀਅਰ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਯਾ ਪੀ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ, ਨਸ਼ਾ ਮੁਕਤੀ ਮੋਰਚਾ ਦੇ ਦੋਆਬਾ ਕੋਆਰਡੀਨੇਟਰ ਅਤਿਨ ਅਗਨੀਹੋਤਰੀ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਖਾਲੀ ਥਾਵਾਂ ’ਤੇ ਰੌਸ਼ਨੀ ਦਾ ਪ੍ਰਬੰਧ, ਸੀਸੀਟੀਵੀ ਕੈਮਰੇ ਲਗਾਉਣ ਦੇ ਨਾਲ-ਨਾਲ ਪੁਲਿਸ ਗਸ਼ਤ ਵਧਾਈ ਜਾਵੇ। ਇਸ ਤੋਂ ਇਲਾਵਾ ਦਵਾਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਯਕੀਨੀ ਬਣਾਉਣ ਦੇ ਨਾਲ-ਨਾਲ ਹਾਟ ਸਪਾਟ ਖੇਤਰਾਂ ’ਚ ਨਸ਼ਿਆਂ ਦੀ ਰੋਕਥਾਮ ਲਈ ਅਚਨਚੇਤ ਚੈਕਿੰਗ, ਸਰਚ ਆਪ੍ਰੇਸ਼ਨ ਤੇ ਪੱਕੇ ਨਾਕੇ ਆਦਿ ਲਗਾਏ ਜਾਣ। ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ਼ ਜਾਗਰੂਕਤਾ ਮੁਹਿੰਮ ’ਚ ਵੱਧ ਤੋਂ ਵੱਧ ਲੋਕਾਂ ਦੀ ਸਮੂਲੀਅਤ ਤੋਂ ਇਲਾਵਾ ਸਥਾਨਕ ਐੱਨਜੀਓਜ਼ ਨੂੰ ਵੀ ਸ਼ਾਮਿਲ ਕੀਤਾ ਜਾਵੇ ਤਾਂ ਜੋ ਇਸ ਅਲਾਮਤ ਖਿਲਾਫ਼ ਘਰ-ਘਰ ਸੁਨੇਹਾ ਪਹੁੰਚਾਇਆ ਜਾ ਸਕੇ। ਇਸ ਮੌਕੇ ਐੱਸਐੱਸਪੀ ਜਲੰਧਰ (ਦਿਹਾਤੀ) ਹਰਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਦਿਹਾਤੀ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਗਈ ਹੈ ਤੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਡੀਸੀਪੀ ਆਦਿੱਤਿਆ ਵਾਰੀਅਰ ਨੇ ਕਮਿਸ਼ਨਰੇਟ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਕੀਤੀ ਜਾ ਰਹੀ ਕਾਰਵਾਈ ਬਾਰੇ ਜਾਣੂ ਕਰਵਾਉਂਦਿਆਂ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਕਾਸੋ ਆਪ੍ਰੇਸ਼ਨ ਚਲਾਉਣ ਤੋਂ ਇਲਾਵਾ ਨਸ਼ਿਆਂ ਦੇ ਕਾਰੋਬਾਰ ਨਾਲ ਬਣਾਈਆਂ ਜਾਇਦਾਦਾਂ ਨੂੰ ਜ਼ਬਤ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨਰੇਟ ਪੁਲਿਸ ਵਾਰਡ ਡਿਫੈਂਸ ਕਮੇਟੀਆਂ ਨਾਲ ਤਾਲਮੇਲ ਕਰਕੇ ਨਸ਼ਿਆਂ ਖਿਲਾਫ਼ ਜ਼ਮੀਨੀ ਪੱਧਰ ’ਤੇ ਕੰਮ ਰਹੀ ਹੈ। ਮੀਟਿੰਗ ’ਚ ਜ਼ਿਲ੍ਹਾ ਪ੍ਰਧਾਨ ਨਸ਼ਾ ਮੁਕਤੀ ਮੋਰਚਾ (ਦਿਹਾਤੀ) ਅਜੇ ਭੀਲ, ਜ਼ਿਲ੍ਹਾ ਪ੍ਰਧਾਨ ਨਸ਼ਾ ਮੁਕਤੀ ਮੋਰਚਾ (ਸ਼ਹਿਰੀ) ਸ਼ੈਂਕੀ ਭਗਤ, ਸਮੂਹ ਐੱਸਡੀਐੱਮਜ਼, ਡੀਐੱਸਪੀਜ਼, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਵੀ ਮੌਜੂਦ ਸਨ।