- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡਿਪਟੀ ਮੇਅਰ ਮਲਕੀਤ ਸਿੰਘ ਸੁਭਾਨਾ ਨੇ ਕੈਂਟ ਹਲਕੇ ਦੇ ਵੱਖ-ਵੱਖ ਮੰਦਿਰਾਂ ਵਿੱਚ ਟੇਕਿਆ ਮੱਥਾ

ਮੁਰਲੀ ਵਾਲੇ ਦਾ ਆਸ਼ੀਰਵਾਦ ਲੈ ਕੇ ਇਲਾਕੇ ਦੀ ਖੁਸ਼ਹਾਲੀ, ਸ਼ਾਂਤੀ ਤੇ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
ਪੱਤਰ ਪ੍ਰੇਰਕ ਪੰਜਾਬੀ ਜਾਗਰਣ ਜਲੰਧਰ : ਜਨਮ ਅਸ਼ਟਮੀ ਦੇ ਮੌਕੇ ਤੇ ਜਲੰਧਰ ਦੇ ਡਿਪਟੀ ਮੇਅਰ ਮਲਕੀਤ ਸਿੰਘ ਸੁਭਾਨਾ ਵੱਲੋਂ ਆਪਣੇ ਹਲਕੇ ਦੇ ਵੱਖ-ਵੱਖ ਮੰਦਿਰਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਮੰਦਿਰਾਂ ਵਿੱਚ ਨਤਮਸਤਕ ਹੋ ਕੇ ਭਗਵਾਨ ਸ੍ਰੀ ਕ੍ਰਿਸ਼ਨ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਇਲਾਕੇ ਦੀ ਸੁੱਖ-ਸ਼ਾਂਤੀ, ਖੁਸ਼ਹਾਲੀ, ਤਰੱਕੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਡਿਪਟੀ ਮੇਅਰ ਮਲਕੀ ਸਿੰਘ ਸੁਭਾਨਾ ਨੇ ਇਸ ਧਾਰਮਿਕ ਦੌਰੇ ਦੌਰਾਨ ਮੰਦਿਰਾਂ ਵਿੱਚ ਵਿਧੀਵਤ ਤੌਰ ਤੇ ਮੱਥਾ ਟੇਕਿਆ ਅਤੇ ਪੂਰੀ ਸ਼ਰਧਾ ਨਾਲ ਪੂਜਾ-ਅਰਚਨਾ ਵਿੱਚ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਦੀਆਂ ਸਿੱਖਿਆਵਾਂ ਮਨੁੱਖ ਨੂੰ ਸੱਚਾਈ, ਧਰਮ, ਕਰਤੱਵ ਅਤੇ ਨੇਕੀ ਦੇ ਰਾਹ ’ਤੇ ਚੱਲਣ ਲਈ ਪ੍ਰੇਰਿਤ ਕਰਦੀਆਂ ਹਨ। ਮੁਰਲੀ ਵਾਲੇ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਉਨ੍ਹਾਂ ਨੇ ਸਮੂਹ ਇਲਾਕਾ ਵਾਸੀਆਂ ਦੀ ਚੜ੍ਹਦੀ ਕਲਾ ਅਤੇ ਸੁੱਖ-ਸ਼ਾਂਤੀ ਲਈ ਪ੍ਰਾਰਥਨਾ ਕੀਤੀ। ਲੋਕਾਂ ਵੱਲੋਂ ਉਨ੍ਹਾਂ ਨਾਲ ਇਲਾਕੇ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਬਾਰੇ ਗੱਲਬਾਤ ਕੀਤੀ ਗਈ।
ਡਿਪਟੀ ਮੇਅਰ ਨੇ ਲੋਕਾਂ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣਦਿਆਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਵਾਉਣਾ ਅਤੇ ਇਲਾਕੇ ਦਾ ਸਰਵਪੱਖੀ ਵਿਕਾਸ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਵੱਖ-ਵੱਖ ਮੰਦਿਰਾਂ ਵਿੱਚ ਪਹੁੰਚਣ ਤੇ ਮੰਦਿਰ ਪ੍ਰਬੰਧਕ ਕਮੇਟੀਆਂ ਅਤੇ ਸਥਾਨਕ ਨਿਵਾਸੀਆਂ ਵੱਲੋਂ ਡਿਪਟੀ ਮੇਅਰ ਮਲਕੀ ਸਿੰਘ ਸੁਭਾਨਾ ਦਾ ਨਿੱਘਾ ਸਵਾਗਤ ਕੀਤਾ ਗਿਆ। ਮੰਦਿਰ ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਮੰਦਿਰਾਂ ਦੀਆਂ ਧਾਰਮਿਕ ਅਤੇ ਸਮਾਜਿਕ ਗਤੀਵਿਧੀਆਂ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੰਦਿਰ ਪ੍ਰਬੰਧਕ ਕਮੇਟੀਆਂ ਵੱਲੋਂ ਧਾਰਮਿਕ ਸਮਾਗਮਾਂ ਦੇ ਨਾਲ-ਨਾਲ ਸਮਾਜ ਸੇਵਾ ਦੇ ਖੇਤਰ ਵਿੱਚ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਮੰਦਿਰ ਪ੍ਰਬੰਧਕ ਕਮੇਟੀਆਂ ਦੇ ਅਹੁਦੇਦਾਰਾਂ ਤੋਂ ਇਲਾਵਾ ਇਲਾਕੇ ਦੇ ਪਤਵੰਤੇ, ਸਮਾਜ ਸੇਵੀ, ਧਾਰਮਿਕ ਸ਼ਖ਼ਸੀਅਤਾਂ, ਸਥਾਨਕ ਵਾਸੀ ਅਤੇ ਵੱਡੀ ਗਿਣਤੀ ਵਿੱਚ ਸੰਗਤ ਮੌਜੂਦ ਰਹੀ। ਸੰਗਤ ਵੱਲੋਂ ਡਿਪਟੀ ਮੇਅਰ ਮਲਕੀਤ ਸਿੰਘ ਸੁਭਾਨਾ ਨੂੰ ਇਲਾਕੇ ਦੇ ਵਿਕਾਸ ਅਤੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ ਗਈਆਂ।