- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਕਾਂਗਰਸ ਪ੍ਰਧਾਨ ਪ੍ਰਗਟ ਸਿੰਘ ਦੇ ਘਰ ਪਹੁੰਚੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ, ਪਰਿਵਾਰ ਨੇ ਕੀਤਾ ਨਿੱਘਾ ਸਵਾਗਤ

ਤੇਜਿੰਦਰ ਕੌਰ ਥਿੰਦ, ਪੰਜਾਬੀ ਜਾਗਰਣ, ਜਲੰਧਰ :
ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਸ਼ੁੱਕਰਵਾਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਦੇ ਪ੍ਰਧਾਨ ਪਰਗਟ ਸਿੰਘ ਦੇ ਜਲੰਧਰ ਕੈਂਟ ਸਥਿਤ ਨਿਵਾਸ ਸਥਾਨ 'ਤੇ ਪੁੱਜੇ, ਜਿੱਥੇ ਪਰਗਟ ਸਿੰਘ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਬਾਬਾ ਜੀ ਦਾ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਦੇ ਘਰ ਪੁੱਜਣ 'ਤੇ ਪਰਗਟ ਸਿੰਘ ਨੇ ਪਰਿਵਾਰ ਸਮੇਤ ਗੁਲਦਸਤਾ ਭੇਟ ਕਰਕੇ ਸਨਮਾਨ ਪ੍ਰਗਟਾਇਆ। ਘਰ ਅੰਦਰ ਵੀ ਪਰਿਵਾਰਕ ਮਾਹੌਲ ’ਚ ਉਨ੍ਹਾਂ ਨਾਲ ਮੁਲਾਕਾਤ ਤੇ ਗੱਲਬਾਤ ਹੋਈ। ਬਾਬਾ ਜੀ ਦੇ ਜਲੰਧਰ ਪੁੱਜਣ ਦੀ ਸੂਚਨਾ ਮਿਲਦਿਆਂ ਹੀ ਵੱਡੀ ਗਿਣਤੀ ’ਚ ਡੇਰਾ ਬਿਆਸ ਦੀ ਸੰਗਤ ਉਨ੍ਹਾਂ ਦੇ ਦਰਸ਼ਨਾਂ ਲਈ ਪਰਗਟ ਸਿੰਘ ਦੇ ਘਰ ਦੇ ਬਾਹਰ ਪੁੱਜ ਗਈ। ਇਸ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ ਤਾਂ ਜੋ ਆਵਾਜਾਈ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖੀ ਜਾ ਸਕੇ। ਪਰਗਟ ਸਿੰਘ ਨੇ ਬਾਬਾ ਜੀ ਦੇ ਆਪਣੇ ਨਿਵਾਸ ਸਥਾਨ 'ਤੇ ਪੁੱਜਣ ਨੂੰ ਆਪਣੇ ਅਤੇ ਆਪਣੇ ਪਰਿਵਾਰ ਲਈ ਖੁਸ਼ਕਿਸਮਤੀ ਦੱਸਿਆ। ਉਨ੍ਹਾਂ ਕਿਹਾ ਕਿ ਬਾਬਾ ਜੀ ਦਾ ਉਨ੍ਹਾਂ ਦੇ ਘਰ ਆਉਣਾ ਪਰਿਵਾਰ ਲਈ ਆਸ਼ੀਰਵਾਦ ਤੇ ਰੂਹਾਨੀ ਖੁਸ਼ੀ ਦਾ ਮੌਕਾ ਹੈ। ਜ਼ਿਕਰਯੋਗ ਹੈ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਇਹ ਜਲੰਧਰ ਫੇਰੀ ਅਜਿਹੇ ਸਮੇਂ ਹੋਈ ਹੈ ਜਦੋਂ ਪੰਜਾਬ ਦੀ ਸਿਆਸਤ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਰਹੀਆਂ ਹਨ। ਬਾਬਾ ਜੀ ਵੱਲੋਂ ਵੱਖ-ਵੱਖ ਸਿਆਸੀ ਆਗੂਆਂ ਦੇ ਨਿਵਾਸ ਸਥਾਨਾਂ 'ਤੇ ਕੀਤੀਆਂ ਜਾ ਰਹੀਆਂ ਮੁਲਾਕਾਤਾਂ ਨੂੰ ਲੈ ਕੇ ਸਿਆਸੀ ਤੇ ਸਮਾਜਿਕ ਹਲਕਿਆਂ ਵਿੱਚ ਚਰਚਾ ਬਣੀ ਹੋਈ ਹੈ।