- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਤੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੂੰ ਮਿਲ,

ਤੇਜਿੰਦਰ ਕੌਰ ਥਿੰਦ, ਪੰਜਾਬੀ ਜਾਗਰਣ ਜਲੰਧਰ : ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਸ਼ੁੱਕਰਵਾਰ ਨੂੰ ਜਲੰਧਰ ਪੁੱਜੇ, ਜਿਥੇ ਉਨ੍ਹਾਂ ਨੇ ਇਕ ਘੰਟੇ ਦੇ ਅੰਦਰ-ਅੰਦਰ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਤੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੇ ਨਿਵਾਸ ਸਥਾਨ ’ਤੇ ਮੁਲਾਕਾਤ ਕੀਤੀ। ਇਸ ਮੁਲਾਕਾਤਾਂ ਬਾਅਦ ਸੂਬੇ ਦੇ ਸਿਆਸੀ ਹਲਕਿਆਂ ’ਚ ਚਰਚਾਵਾਂ ਦਾ ਬਾਜ਼ਾਰ ਗਰਮ ਹੋ ਗਿਆ ਹੈ।
---
ਪਰਗਟ ਸਿੰਘ ਦੇ ਗ੍ਰਹਿ ਵਿਖੇ ਮੁਲਾਕਾਤ
ਬਾਬਾ ਗੁਰਿੰਦਰ ਸਿੰਘ ਢਿੱਲੋਂ ਸਵੇਰੇ ਕਰੀਬ 9.30 ਵਜੇ ਕਾਂਗਰਸ ਦੇ ਸੂਬਾ ਪ੍ਰਧਾਨ ਪਰਗਟ ਸਿੰਘ ਦੇ ਨਿਵਾਸ 'ਤੇ ਪੁੱਜੇ, ਜਿੱਥੇ ਪਰਗਟ ਸਿੰਘ, ਉਨ੍ਹਾਂ ਦੀ ਪਤਨੀ ਤੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ ਤੇ ਆਸ਼ੀਰਵਾਦ ਲਿਆ। ਇਸ ਮੌਕੇ ਪਰਗਟ ਸਿੰਘ ਤੇ ਉਨ੍ਹਾਂ ਦੇ ਕਰੀਬੀ ਸਾਥੀਆਂ ਨੇ ਡੇਰਾ ਮੁਖੀ ਨਾਲ ਪੰਜਾਬ ਦੇ ਮੌਜੂਦਾ ਹਾਲਾਤ, ਸਮਾਜਿਕ ਸਥਿਤੀ ਤੇ ਵੱਖ-ਵੱਖ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਸ਼ਾਹਕੋਟ ਤੋਂ ਵਿਧਾਇਕ ਤੇ ਜਲੰਧਰ ਦਿਹਾਤੀ ਕਾਂਗਰਸ ਦੇ ਪ੍ਰਧਾਨ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵੀ ਪਰਿਵਾਰ ਸਮੇਤ ਮੌਜੂਦ ਸਨ। ਇਸ ਮੌਕੇ ਸੰਗਤਾਂ ਨੇ ਵੀ ਬਾਬਾ ਜੀ ਦੇ ਦਰਸ਼ਨ ਕੀਤੇ। ਇਸ ਫੇਰੀ ਦੌਰਾਨ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ।
---
ਸੁਸ਼ੀਲ ਰਿੰਕੂ ਦੇ ਨਵੇਂ ਘਰ ਪੁੱਜੇ ਡੇਰਾ ਮੁਖੀ
ਇਸ ਤੋਂ ਤੁਰੰਤ ਬਾਅਦ ਬਾਬਾ ਗੁਰਿੰਦਰ ਸਿੰਘ ਢਿੱਲੋਂ ਬਸਤੀ ਦਾਨਿਸ਼ਮੰਦਾਂ ਦੇ ਗੁਰੂ ਰਵਿਦਾਸ ਨਗਰ ’ਚ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੇ ਨਵੇਂ ਬਣੇ ਘਰ ਪੁੱਜੇ। ਉੱਥੇ ਸੁਸ਼ੀਲ ਰਿੰਕੂ ਤੇ ਉਨ੍ਹਾਂ ਦੀ ਪਤਨੀ ਡਾ. ਸੁਨੀਤਾ ਰਿੰਕੂ ਨੇ ਪਰਿਵਾਰ ਸਮੇਤ ਬਾਬਾ ਜੀ ਦਾ ਸਵਾਗਤ ਕੀਤਾ। ਇਸ ਮੌਕੇ ਵੱਡੀ ਗਿਣਤੀ ’ਚ ਸੰਗਤ ਵੀ ਹਾਜ਼ਰ ਸੀ। ਦੋਵਾਂ ਆਗੂਆਂ ਦੇ ਘਰ ਜਾਣ ਤੋਂ ਬਾਅਦ ਡੇਰਾ ਮੁਖੀ 120 ਫੁੱਟ ਰੋਡ ਸਥਿਤ ਡੇਰੇ ਦੀ ਬ੍ਰਾਂਚ ’ਚ ਵੀ ਗਏ, ਜਿੱਥੇ ਭਾਰੀ ਗਿਣਤੀ ’ਚ ਸ਼ਰਧਾਲੂਆਂ ਨੇ ਉਨ੍ਹਾਂ ਦੇ ਦਰਸ਼ਨ ਕੀਤੇ।
---
ਸਿਆਸੀ ਹਲਕਿਆਂ ’ਚ ਚਰਚਾਵਾਂ ਤੇਜ਼
ਮੀਡੀਆ ਰਿਪੋਰਟਾਂ ਤੇ ਸਿਆਸੀ ਮਾਹਿਰਾਂ ਅਨੁਸਾਰ ਪੰਜਾਬ ’ਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਹਿਲਾਂ ਕਾਂਗਰਸ ਪ੍ਰਧਾਨ ਪਰਗਟ ਸਿੰਘ ਤੇ ਫਿਰ ਭਾਜਪਾ ਆਗੂ ਸੁਸ਼ੀਲ ਕੁਮਾਰ ਰਿੰਕੂ (ਜੋ ਕਿ ਪਹਿਲਾਂ ਕਾਂਗਰਸ ’ਚ ਹੀ ਸਨ) ਦੇ ਘਰ ਡੇਰਾ ਮੁਖੀ ਦੀ ਫੇਰੀ ਨੂੰ ਸਿਆਸੀ ਨਜ਼ਰੀਏ ਨਾਲ ਵੀ ਦੇਖਿਆ ਜਾ ਰਿਹਾ ਹੈ। ਸੂਬੇ ਦੀ ਰਾਜਨੀਤੀ ’ਚ ਵੱਡੇ ਧਾਰਮਿਕ ਡੇਰਿਆਂ ਦਾ ਪ੍ਰਭਾਵ ਹਮੇਸ਼ਾ ਅਹਿਮ ਮੰਨਿਆ ਜਾਂਦਾ ਰਿਹਾ ਹੈ, ਜਿਸ ਕਾਰਨ ਸ਼ੁੱਕਰਵਾਰ ਦੇ ਇਸ ਘਟਨਾਕ੍ਰਮ ਦੇ ਕਈ ਸਿਆਸੀ ਅਰਥ ਕੱਢੇ ਜਾ ਰਹੇ ਹਨ। ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਰਿੰਕੂ ਭਾਜਪਾ ਛੱਡ ਕੇ ਕਾਂਗਰਸ ਦਾ ਹੱਥ ਫੜ ਸਕਦੇ ਹਨ। ਇਸ ਨਾਲ ਜਲੰਧਰ ਦੀ ਸਿਆਸਤ ’ਚ ਵੱਡਾ ਭੂਚਾਲ ਆ ਸਕਦਾ ਹੈ।