ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਨਿੰਦਣਯੋਗ : ਭਗਤ
ਬਾਬਾ ਸਾਹਿਬ ਡਾ. ਭੀਮਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਨਿੰਦਣਯੋਗ, ਮੁਲ਼ਜਮਾਂ ‘ਤੇ ਹੋਵੇਗੀ ਸਖ਼ਤ ਕਾਰਵਾਈ: ਮੰਤਰੀ ਮਹਿੰਦਰ ਭਗਤ
Publish Date: Wed, 01 Apr 2026 11:14 PM (IST)
Updated Date: Wed, 01 Apr 2026 11:16 PM (IST)

ਕੀਮਤੀ ਭਗਤ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਹੁਸ਼ਿਆਰਪੁਰ ਦੇ ਨੂਰਪੁਰ ਜੱਟਾਂ ਵਿੱਚ ਭਾਰਤ ਰਤਨ ਡਾ. ਭੀਮਰਾਓ ਅੰਬੇਡਕਰ ਜੀ ਦੀ ਮੂਰਤੀ ਨੂੰ ਸ਼ਰਾਰਤੀ ਅਨਸਰਾਂ ਵੱਲੋਂ ਨੁਕਸਾਨ ਪਹੁੰਚਾਏ ਜਾਣ ਦੀ ਨਿੰਦਾ ਕੀਤੀ ਹੈ। ਬੁੱਧਵਾਰ ਨੂੰ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਇਹ ਘਟਨਾ ਬਹੁਤ ਹੀ ਸ਼ਰਮਨਾਕ, ਨਿੰਦਣਯੋਗ ਅਤੇ ਦੁਖਦਾਇਕ ਹੈ। ਬਾਬਾ ਸਾਹਿਬਸਿਰਫ਼ ਇੱਕ ਮਹਾਨ ਸ਼ਖਸੀਅਤ ਹੀ ਨਹੀਂ, ਸਗੋਂ ਭਾਰਤੀ ਸੰਵਿਧਾਨ ਦੇ ਰਚੇਤਾ ਤੇ ਸਮਾਜਿਕ ਨਿਆਂ ਦੇ ਪ੍ਰਤੀਕ ਹਨ। ਉਨ੍ਹਾਂ ਦੀ ਮੂਰਤੀ ਨਾਲ ਇਸ ਤਰ੍ਹਾਂ ਦੀ ਛੇੜਛਾੜ ਸਮੂਹ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀ ਹੈ। ਉਨ੍ਹਾਂ ਪ੍ਰਸ਼ਾਸਨ ਨੂੰ ਹੁਕਮ ਦਿੰਦਿਆਂ ਕਿਹਾ ਕਿ ਇਸ ਘਟਨਾ ਵਿੱਚ ਸ਼ਾਮਲ ਦੋਸ਼ੀਆਂ ਦੀ ਜਲਦ ਤੋਂ ਜਲਦ ਪਹਿਚਾਣ ਕਰਕੇ ਉਨ੍ਹਾਂ ‘ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਵਿੱਚ ਅਮਨ-ਸ਼ਾਂਤੀ, ਭਾਈਚਾਰੇ ਅਤੇ ਆਪਸੀ ਸਾਂਝ ਨੂੰ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਤਰ੍ਹਾਂ ਦੇ ਅਸਮਾਜਿਕ ਤੱਤਾਂ ਖ਼ਿਲਾਫ਼ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਈ ਜਾਵੇਗੀ। ਉਨ੍ਹਾਂ ਸਾਰੇ ਪ੍ਰਦੇਸ਼ ਵਾਸੀਆਂ ਨੂੰ ਅਪੀਲ ਕੀਤੀ ਕਿ ਅਮਨ-ਸ਼ਾਂਤੀ ਬਣਾਈ ਰੱਖਣ ਅਤੇ ਕਾਨੂੰਨ-ਵਿਵਸਥਾ ‘ਤੇ ਭਰੋਸਾ ਕਰਨ। ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਮ ਦੀਆਂ ਅਫਵਾਹਾਂ ਤੋਂ ਦੂਰ ਰਹਿਣ ਤੇ ਪ੍ਰਸ਼ਾਸਨ ਦਾ ਸਹਿਯੋਗ ਕਰਨ।