ਜ਼ਿਲ੍ਹਾ ਹੁਸ਼ਿਆਰਪੁਰ ਦੇ ਥਾਣਾ ਮਾਹਿਲਪੁਰ ਅਧੀਨ ਪੈਂਦੇ ਪਿੰਡ ਨੂਰਪੁਰ ਜੱਟਾਂ ’ਚ ਮੰਗਲਵਾਰ ਨੂੰ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ।

ਸੰਜੀਵ ਸੂਦ/ਦਲਵਿੰਦਰ ਸਿੰਘ ਮਨੋਚਾ, ਪੰਜਾਬੀ ਜਾਗਰਣ : ਹੁਸ਼ਿਆਰਪੁਰ/ਗੜ੍ਹਸ਼ੰਕਰ : ਜ਼ਿਲ੍ਹਾ ਹੁਸ਼ਿਆਰਪੁਰ ਦੇ ਥਾਣਾ ਮਾਹਿਲਪੁਰ ਅਧੀਨ ਪੈਂਦੇ ਪਿੰਡ ਨੂਰਪੁਰ ਜੱਟਾਂ ’ਚ ਮੰਗਲਵਾਰ ਨੂੰ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ।
ਪੁਲਿਸ ਮੁਤਾਬਕ ਇਹ ਘਟਨਾ ਨਹਿਰ ਕੰਢੇ ਸਥਿਤ ਇਕ ਇਮਾਰਤ ਦੀ ਛੱਤ ’ਤੇ ਸਥਾਪਿਤ ਕੀਤੀ ਗਈ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਨਾਲ ਵਾਪਰੀ ਹੈ। ਇਹ ਬੁੱਤ ਪਿੰਡ ਦੇ ਹੀ ਇਕ ਨਿਵਾਸੀ ਬਖਸ਼ੀ ਰਾਮ ਵੱਲੋਂ ਦਾਨ ਕੀਤੀ ਗਈ ਜ਼ਮੀਨ ’ਤੇ ਲਾਇਆ ਗਿਆ ਹੈ ਅਤੇ ਸੁਰੱਖਿਆ ਲਈ ਇਸ ਨੂੰ ਟਫ਼ਨਡ ਗਲਾਸ (ਮਜ਼ਬੂਤ ਸ਼ੀਸ਼ਾ) ਵਿਚ ਰੱਖਿਆ ਗਿਆ ਹੈ।
ਪੁਲਿਸ ਮੁਤਾਬਕ ਇਹ ਘਟਨਾ 30-31 ਮਾਰਚ ਦੀ ਦਰਮਿਆਨੀ ਰਾਤ ਨੂੰ ਵਾਪਰੀ ਹੈ। ਸ਼ਰਾਰਤੀ ਤੱਤਾਂ ਨੇ ਇੱਕ ਪਾਸੇ ਤੋਂ ਟਫ਼ਨ ਗਲਾਸ ਤੋੜ ਦਿੱਤਾ ਅਤੇ ਮੂਰਤੀ ਨੂੰ ਨਿਸ਼ਾਨਾ ਬਣਾਇਆ। ਮੌਕੇ ’ਤੇ ਮਿਲੇ ਨਿਸ਼ਾਨਾਂ ਤੋਂ ਲੱਗਦਾ ਹੈ ਕਿ ਮੂਰਤੀ ਦੇ ਨੱਕ, ਸੱਜੇ ਪਾਸੇ ਦੇ ਗੱਲ, ਕੰਨ, ਬਾਂਹ ਅਤੇ ਲੱਤ ’ਤੇ ਕਿਸੇ ਸਖ਼ਤ ਵਸਤੂ ਨਾਲ ਵਾਰ ਕੀਤੇ ਗਏ। ਮੂਰਤੀ ਉੱਪਰ ਸੀਮੈਂਟ ਵਰਗੇ ਨਿਸ਼ਾਨ ਵੀ ਸਾਫ਼ ਦਿਖਾਈ ਦੇ ਰਹੇ ਹਨ। ਘਟਨਾ ਸਥਾਨ ’ਤੇ ਕੋਈ ਸੀਸੀਟੀਵੀ ਕੈਮਰਾ ਨਹੀਂ ਲੱਗਾ।
ਗੜ੍ਹਸ਼ੰਕਰ ਦੇ ਉਪ ਕਪਤਾਨ ਪੁਲਿਸ ਦਲਜੀਤ ਸਿੰਘ ਖੱਖ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਜਾ ਰਿਹਾ ਹੈ। ਪੁਲਿਸ ਵੱਲੋਂ ਮੌਕੇ ਦਾ ਜਾਇਜ਼ਾ ਲਿਆ ਗਿਆ ਅਤੇ ਫੋਰੈਂਸਿਕ ਪੱਖ ਤੋਂ ਵੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਦੀ ਪਛਾਣ ਲਈ ਯਤਨ ਜਾਰੀ ਹਨ ਅਤੇ ਜਲਦ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲਿਸ ਟੀਮਾਂ ਵੱਲੋਂ ਨੇੜਲੇ ਇਲਾਕਿਆਂ ਦੀ ਸੀਸੀਟੀਵੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ।
ਪੁਲਿਸ ਸੂਤਰਾਂ ਮੁਤਾਬਕ ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿੱਚ ਪ੍ਰਤੀਬੰਧਿਤ ਸੰਗਠਨ ‘ਸਿੱਖਸ ਫ਼ੋਰ ਜਸਟਿਸ’ ਨਾਲ ਸਬੰਧਤ ਗੁਰਪਤਵੰਤ ਸਿੰਘ ਪੰਨੂ ਵੱਲੋਂ ਇਸ ਘਟਨਾ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਗਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਇਸ ਵੀਡੀਓ ਦੀ ਸੱਚਾਈ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਇਸ ਸਥਾਨ ’ਤੇ ਇਸ ਤਰ੍ਹਾਂ ਦੀ ਘਟਨਾ ਵਾਪਰੀ ਹੋਵੇ। ਪਿਛਲੇ ਸਾਲ ਜੂਨ ਮਹੀਨੇ ਵਿੱਚ ਵੀ ਇਸੇ ਬੁੱਤ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਸਬੰਧੀ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ ਅਤੇ ਕੇਸ ਅਦਾਲਤ ਵਿੱਚ ਵਿਚਾਰਧੀਨ ਹੈ।
ਬਸਪਾ ਵੱਲੋਂ ਰੋਸ ਪ੍ਰਦਰਸ਼ਨ ਤੇ 18 ਨੂੰ ਰੋਸ ਰੈਲੀ ਦਾ ਐਲਾਨ
ਇਸ ਦੌਰਾਨ ਮੌਕੇ ’ਤੇ ਪੁੱਜੇ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਇਕਾਈ ਦੇ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਨੇ ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਪੁਲਿਸ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇ 72 ਘੰਟਿਆਂ ਅੰਦਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ।
ਉਨ੍ਹਾਂ ਐਲਾਨ ਕੀਤਾ ਕਿ 18 ਅਪ੍ਰੈਲ ਨੂੰ ਪਿੰਡ ਨੂਰਪੁਰ ਜੱਟਾਂ ਵਿੱਚ ਵੱਡੀ ਰੋਸ ਰੈਲੀ ਕੀਤੀ ਜਾਵੇਗੀ, ਜਿਸ ਰਾਹੀਂ ਇਸ ਘਟਨਾ ਦਾ ਵਿਰੋਧ ਕੀਤਾ ਜਾਵੇਗਾ ਅਤੇ ਦਲਿਤ ਆਗੂਆਂ ਦੀਆਂ ਮੂਰਤੀਆਂ ਦੀ ਸੁਰੱਖਿਆ ਦਾ ਮਸਲਾ ਉਠਾਇਆ ਜਾਵੇਗਾ। ਕਰੀਮਪੁਰੀ ਨੇ ਪੰਜਾਬ ਦੀ ਆਪ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਦੋਵਾਂ ’ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਦੋਵਾਂ ਸਰਕਾਰਾਂ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨੂੰ ਸੁਰੱਖਿਆ ਦੇਣ ਵਿੱਚ ਨਾਕਾਮ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨੌਵੀਂ ਵਾਰ ਇਸ ਤਰ੍ਹਾਂ ਦੀ ਘਟਨਾ ਹੋਈ ਹੈ, ਜੋ ਇੱਕ ਵੱਡੀ ਸਿਆਸੀ ਸਾਜ਼ਿਸ਼ ਵੱਲ ਇਸ਼ਾਰਾ ਕਰਦੀ ਹੈ ਅਤੇ ਸਮਾਜਿਕ ਭਾਈਚਾਰੇ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਹੈ।