ਰਾਕੇਸ਼ ਗਾਂਧੀ, ਜਲੰਧਰ : ਸੀਆਈਏ ਸਟਾਫ ਦੀ ਪੁਲਿਸ ਨੇ ਨਾਕੇਬੰਦੀ ਦੌਰਾਨ ਇਕ ਨੌਜਵਾਨ ਨੂੰ ਕਾਬੂ ਕਰ ਕੇ ਹੈਰੋਇਨ ਬਰਾਮਦ ਕੀਤੀ ਹੈ। ਡੀਸੀਪੀ ਜਸਕਿਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਸੀਆਈਏ ਸਟਾਫ ਦੇ ਮੁਖੀ ਸਬ ਇੰਸਪੈਕਟਰ ਅਸ਼ੋਕ ਕੁਮਾਰ ਦੀ ਅਗਵਾਈ ਹੇਠ ਪੁਲਿਸ ਨੇ ਈਵਨਿੰਗ ਕਾਲਜ ਬਸਤੀ ਨੌ ਵਿਚ ਨਾਕੇਬੰਦੀ ਕੀਤੀ ਹੋਈ ਸੀ। ਇਸ ਪਾਸਿਓਂ ਇਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ। ਉਸ ਨੇ ਜਦੋਂ ਨਾਕਾ ਦੇਖਿਆ ਤਾਂ ਪਿਛਾਂਹ ਮੁੜ ਪਿਆ। ਸ਼ੱਕ ਦੇ ਆਧਾਰ 'ਤੇ ਉਸ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ 260 ਗ੍ਰਾਮ ਹੈਰੋਇਨ ਬਰਾਮਦ ਹੋਈ। ਨੌਜਵਾਨ ਦੀ ਪਛਾਣ ਸਚਿਨ ਉਰਫ਼ ਡੱਡੀ ਵਾਸੀ ਬਸਤੀ ਗੁਜਾਂ ਦੇ ਰੂਪ ਵਿਚ ਹੋਈ ਹੈ, ਨੂੰ ਗਿ੍ਫਤਾਰ ਕਰ ਲਿਆ ਗਿਆ। ਡੀਸੀਪੀ ਜਸਕਿਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਖਿਲਾਫ ਥਾਣਾ ਪੰਜ 'ਚ ਮਾਮਲਾ ਦਰਜ ਕਰ ਕੇ ਉਸ ਕੋਲੋਂ ਪੁੱਛ ਗਿੱਛ ਲਈ ਰਿਮਾਂਡ ਲਿਆ ਜਾਵੇਗਾ। ਮੁਲਜ਼ਮ ਖ਼ਿਲਾਫ਼ ਇਸ ਤੋਂ ਪਹਿਲਾਂ ਵੀ ਥਾਣਾ ਬਸਤੀ ਬਾਵਾ ਖੇਲ 'ਚ ਮਾਮਲਾ ਦਰਜ ਹੈ।