ਨੰਗਲ ਬੇਟ ਤੋਂ ਆਲੋਵਾਲ ਨੂੰ ਜਾਣ ਵਾਲੀ ਸੜਕ ’ਤੇ ਖੜ੍ਹਾ ਗੰਦਾ ਪਾਣੀ, ਸੜਕ ਨੇ ਛੱਪੜ ਦਾ ਰੂਪ ਧਾਰਿਆ
ਵਿਮੁਕਤ ਜਾਤੀਆਂ ਪੰਜਾਬ ਦੇ ਪ੍ਰਧਾਨ ਤਰਸੇਮ ਰੁਪਾਣਾ ਨੇ ਕਿਹਾ ਕਿ ਸਰਕਾਰ ਤੇ ਸਥਾਨਕ ਆਗੂਆਂ ਵੱਲੋਂ ਸੂਬੇ ’ਚ ਸੜਕਾਂ ਦਾ ਜਾਲ ਵਿਛਾਉਣ ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਨੰਗਲ ਬੇਟ ਤੋਂ ਆਲੋਵਾਲ ਨੂੰ ਜਾਣ ਵਾਲੀ ਸੜਕ ਦੀ ਹਾਲਤ ਇਨ੍ਹਾਂ ਦਾਅਵਿਆਂ ਦੀ ਪੋਲ ਖੋਲ੍ਹ ਰਹੀ ਹੈ।
Publish Date: Sun, 09 Aug 2026 08:07 PM (IST)
Updated Date: Mon, 10 Aug 2026 10:55 AM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ ਫਿਲੌਰ : ਪਿੰਡ ਨੰਗਲ ਬੇਟ ਤੋਂ ਆਲੋਵਾਲ ਨੂੰ ਜਾਣ ਵਾਲੀ ਸੜਕ ’ਤੇ ਗੰਦਾ ਪਾਣੀ ਖੜ੍ਹਾ ਹੋਣ ਕਾਰਨ ਸੜਕ ਨੇ ਛੱਪੜ ਦਾ ਰੂਪ ਧਾਰ ਲਿਆ ਹੈ। ਸੜਕ ਦੀ ਖਸਤਾ ਹਾਲਤ ਤੇ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਨਾ ਹੋਣ ਕਾਰਨ ਰਾਹਗੀਰਾਂ, ਇਲਾਕਾ ਵਾਸੀਆਂ ਤੇ ਧਾਰਮਿਕ ਅਸਥਾਨਾਂ ਨੂੰ ਜਾਣ ਵਾਲੀਆਂ ਸੰਗਤਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਲਾਕਾ ਵਾਸੀਆਂ ਤੇ ਦੋਵਾਂ ਪਿੰਡਾਂ ਦੇ ਵਸਨੀਕਾਂ ਨੇ ਦੱਸਿਆ ਕਿ ਸੜਕ ’ਤੇ ਲੰਮੇ ਸਮੇਂ ਤੋਂ ਗੰਦਾ ਪਾਣੀ ਖੜ੍ਹਾ ਹੋਣ ਕਾਰਨ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸੜਕ ਦੀ ਮਾੜੀ ਹਾਲਤ ਕਾਰਨ ਬਾਹਰੋਂ ਰਿਸ਼ਤਾ ਦੇਖਣ ਆਉਣ ਵਾਲੇ ਲੋਕ ਵੀ ਕਈ ਵਾਰ ਇਲਾਕੇ ਦੀ ਹਾਲਤ ਦੇਖ ਕੇ ਵਾਪਸ ਮੁੜ ਜਾਂਦੇ ਹਨ।
ਵਿਮੁਕਤ ਜਾਤੀਆਂ ਪੰਜਾਬ ਦੇ ਪ੍ਰਧਾਨ ਤਰਸੇਮ ਰੁਪਾਣਾ ਨੇ ਕਿਹਾ ਕਿ ਸਰਕਾਰ ਤੇ ਸਥਾਨਕ ਆਗੂਆਂ ਵੱਲੋਂ ਸੂਬੇ ’ਚ ਸੜਕਾਂ ਦਾ ਜਾਲ ਵਿਛਾਉਣ ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਨੰਗਲ ਬੇਟ ਤੋਂ ਆਲੋਵਾਲ ਨੂੰ ਜਾਣ ਵਾਲੀ ਸੜਕ ਦੀ ਹਾਲਤ ਇਨ੍ਹਾਂ ਦਾਅਵਿਆਂ ਦੀ ਪੋਲ ਖੋਲ੍ਹ ਰਹੀ ਹੈ। ਉਨ੍ਹਾਂ ਕਿਹਾ ਕਿ ਇਲਾਕਾ ਵਾਸੀਆਂ ਵੱਲੋਂ ਹਲਕਾ ਇੰਚਾਰਜ ਸਮੇਤ ਸਬੰਧਤ ਆਗੂਆਂ ਨੂੰ ਇਸ ਸਮੱਸਿਆ ਬਾਰੇ ਜਾਣੂ ਕਰਵਾਇਆ ਜਾ ਚੁੱਕਾ ਹੈ, ਪਰ ਇਸ ਦੇ ਬਾਵਜੂਦ ਸਮੱਸਿਆ ਦਾ ਹੱਲ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਪੰਚਾਇਤੀ ਨੁਮਾਇੰਦਿਆਂ ਵੱਲੋਂ ਮਾਮਲਾ ਉਠਾਉਣ ਦੇ ਬਾਵਜੂਦ ਸੜਕ ਦੀ ਹਾਲਤ ਜਿਉਂ ਦੀ ਤਿਉਂ ਬਣੀ ਹੋਈ ਹੈ। ਉਨ੍ਹਾਂ ਸਰਕਾਰ ਤੇ ਸਬੰਧਤ ਵਿਭਾਗ ਤੋਂ ਮੰਗ ਕੀਤੀ ਕਿ ਸੜਕ ਦੀ ਤੁਰੰਤ ਮੁਰੰਮਤ ਕਰਵਾਉਣ ਦੇ ਨਾਲ-ਨਾਲ ਗੰਦੇ ਪਾਣੀ ਦੀ ਨਿਕਾਸੀ ਦਾ ਢੁਕਵਾਂ ਪ੍ਰਬੰਧ ਕੀਤਾ ਜਾਵੇ, ਤਾਂ ਜੋ ਧਾਰਮਿਕ ਅਸਥਾਨਾਂ ਨੂੰ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਤੇ ਆਮ ਰਾਹਗੀਰਾਂ ਨੂੰ ਪਰੇਸ਼ਾਨੀ ਨਾ ਹੋਵੇ। ਇਸ ਮੌਕੇ ਬਾਬਾ ਸੁਖਵਿੰਦਰ ਸਿੰਘ, ਗੁਰਮੀਤ ਸਿੰਘ ਲੰਬੜਦਾਰ ਆਲੋਵਾਲ, ਹਰਜੀਤ ਸਿੰਘ, ਮੋਹਣ ਸਿੰਘ, ਬਾਬਾ ਗੁਰਚਰਨ ਸਿੰਘ ਸਮੇਤ ਵੱਡੀ ਗਿਣਤੀ ’ਚ ਇਲਾਕਾ ਵਾਸੀ ਹਾਜ਼ਰ ਸਨ।