ਹਾਦਸੇ ਰੋਕਣ ਲਈ ਨਿਯਮਾਂ ਦੀ ਪਾਲਣਾ ਜ਼ਰੂਰੀ : ਜੋਸ਼ੀ
ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਤਹਿਤ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ
Publish Date: Fri, 30 Jan 2026 07:28 PM (IST)
Updated Date: Fri, 30 Jan 2026 07:31 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਤਹਿਤ ਸ਼ੁੱਕਰਵਾਰ ਨੂੰ ਜ਼ਿਲ੍ਹਾ ਪੱਧਰ ’ਤੇ ਵੱਖ-ਵੱਖ ਮੁਕਾਬਲੇ ਸਰਕਾਰੀ ਮਾਡਲ ਕੋ-ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਕੁਇਜ਼, ਸਲੋਗਨ, ਪੋਸਟਰ ਅਤੇ ਭਾਸ਼ਣ ਮੁਕਾਬਲੇ ਸ਼ਾਮਲ ਸਨ। ਇਨ੍ਹਾਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਅਤੇ ਨਿੱਜੀ ਸਕੂਲਾਂ ਤੋਂ ਆਏ ਵਿਦਿਆਰਥੀਆਂ ਨੇ ਬੜੇ ਉਤਸ਼ਾਹ, ਅਨੁਸ਼ਾਸਨ ਅਤੇ ਰਚਨਾਤਮਕਤਾ ਨਾਲ ਇਨ੍ਹਾਂ ਮੁਕਾਬਲਿਆਂ ਵਿੱਚ ਹਿੱਸਾ ਲਿਆ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਜੋਸ਼ੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸੜਕ ਹਾਦਸਿਆਂ ਨੂੰ ਰੋਕਣ ਲਈ ਟ੍ਰੈਫਿਕ ਨਿਯਮਾਂ ਦੀ ਪਾਲਣਾ ਬਹੁਤ ਜ਼ਰੂਰੀ ਹੈ ਅਤੇ ਨੌਜਵਾਨਾਂ ਦੀ ਭੂਮਿਕਾ ਇਸ ਦਿਸ਼ਾ ਵਿੱਚ ਸਭ ਤੋਂ ਅਹਿਮ ਹੈ। ਉਨ੍ਹਾਂ ਨੇ ਹੈਲਮਟ ਪਹਿਨਣ, ਸੀਟ ਬੈਲਟ ਦੀ ਵਰਤੋਂ, ਨਸ਼ੇ ਦੀ ਹਾਲਤ ਵਿੱਚ ਵਾਹਨ ਨਾ ਚਲਾਉਣ ਅਤੇ ਤੇਜ਼ ਗਤੀ ਤੋਂ ਬਚਣ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਦੀ ਮਹੱਤਤਾ ਬਾਰੇ ਪ੍ਰੇਰਿਤ ਕੀਤਾ ਗਿਆ। ਪ੍ਰਿੰਸੀਪਲ-ਕਮ-ਕੋਆਰਡੀਨੇਟਰ ਦਿਨੇਸ਼ ਕੁਮਾਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਕੇ ਅਨੇਕਾਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਮੁਕਾਬਲਿਆਂ ਦੇ ਅੰਤ ਵਿੱਚ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਜੋਸ਼ੀ, ਪ੍ਰਿੰਸੀਪਲ ਮਨਿੰਦਰ ਕੌਰ, ਕੋਆਰਡੀਨੇਟਰ ਦਿਨੇਸ਼ ਕੁਮਾਰ, ਸਹਾਇਕ ਕੋਆਰਡੀਨੇਟਰ ਨਰਿੰਦਰ ਭਗਤ ਤੇ ਹਰਜੀਤ ਕੁਮਾਰ ਬਾਵਾ ਵਲੋਂ ਜੇਤੂਆਂ ਨੂੰ ਯਾਦਗਾਰੀ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਅਖੀਰ ’ਚ ਰਾਜੀਵ ਜੋਸ਼ੀ ਵੱਲੋਂ ਸਮਾਗਮ ਦੀ ਸਫਲਤਾ ਲਈ ਸਕੂਲ ਪ੍ਰਸ਼ਾਸਨ, ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ ਗਈ।