ਜ਼ਿਲ੍ਹਾ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ : ਡੀਸੀ
ਜ਼ਿਲ੍ਹਾ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ, ਐੱਲਪੀਜੀ ਸਿਲੰਡਰ, ਡੀਜ਼ਲ ਤੇ ਪੈਟਰੋਲ ਦਾ ਲੋੜੀਂਦਾ ਸਟਾਕ ਮੌਜੂਦ : ਡਿਪਟੀ ਕਮਿਸ਼ਨਰ
Publish Date: Wed, 11 Mar 2026 10:40 PM (IST)
Updated Date: Wed, 11 Mar 2026 10:42 PM (IST)

--ਵਸਨੀਕਾਂ ਨੂੰ ਘਬਰਾਹਟ ’ਚ ਖ਼ਰੀਦਦਾਰੀ ਕਰਨ ਤੋਂ ਬਚਣ ਦੀ ਕੀਤੀ ਅਪੀਲ --ਜਮ੍ਹਾਂਖੋਰੀ ਤੇ ਕਾਲਾਬਾਜ਼ਾਰੀ ਖਿਲਾਫ਼ ਸਖ਼ਤ ਕਾਰਵਾਈ ਦੀ ਦਿੱਤੀ ਚਿਤਾਵਨੀ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਐੱਲਪੀਜੀ ਸਿਲੰਡਰਾਂ/ਡੀਜ਼ਲ/ਪੈਟਰੋਲ ਦੀ ਉਪਲਬਧਤਾ ਨੂੰ ਲੈ ਕੇ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਜ਼ਿਲ੍ਹੇ ਕੋਲ ਜਨਤਕ ਮੰਗ ਨੂੰ ਪੂਰਾ ਕਰਨ ਲਈ ਲੋੜੀਂਦਾ ਸਟਾਕ ਮੌਜੂਦ ਹੈ। ਡਾ. ਅਗਰਵਾਲ ਨੇ ਵਸਨੀਕਾਂ ਨੂੰ ਘਬਰਾਹਟ ਵਿੱਚ ਖ਼ਰੀਦਦਾਰੀ ਕਰਨ ਤੋਂ ਬਚਣ ਦੀ ਅਪੀਲ ਕਰਦਿਆਂ ਕਿਹਾ ਕਿ ਸਪਲਾਈ ਚੇਨ ਸੁਚਾਰੂ ਢੰਗ ਨਾਲ ਕੰਮ ਕਰ ਰਹੀ ਹੈ ਤੇ ਜ਼ਿਲ੍ਹੇ ’ਚ ਲੋੜੀਂਦਾ ਸਟਾਕ ਮੌਜੂਦਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ’ਚ ਐੱਲਪੀਜੀ, ਡੀਜ਼ਲ ਤੇ ਪੈਟਰੋਲ ਦੇ ਸਟਾਕ ’ਤੇ ਨਿਗਰਾਨੀ ਰੱਖੀ ਜਾ ਰਹੀ ਹੈ ਤਾਂ ਜੋ ਜ਼ਰੂਰੀ ਵਸਤਾਂ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਇਆ ਜਾ ਸਕੇ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਇਸ ਸਬੰਧੀ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ, ਭਾਰਤ ਪੈਟਰੋਲੀਅਮ ਤੇ ਹਿੰਦੁਸਤਾਨ ਪੈਟਰੋਲੀਅਮ ਲਿਮਟਿਡ ਦੇ ਅਧਿਕਾਰੀਆਂ ਤੇ ਗੈਸ ਏਜੰਸੀ ਤੇ ਪੈਟਰੋਲ ਪੰਪ ਐਸੋਸੀਏਸ਼ਨਾਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਕਰਕੇ ਮੌਜੂਦਾ ਸਟਾਕ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਦੀ ਅਪੀਲ ਕੀਤੀ ਤੇ ਕਿਹਾ ਕਿ ਸਮਰੱਥ ਅਥਾਰਟੀ ਤੋਂ ਪੁਸ਼ਟੀ ਕੀਤੇ ਬਿਨਾਂ ਕਿੱਲਤ ਬਾਰੇ ਗਲਤ ਜਾਣਕਾਰੀ ਫੈਲਾਉਣ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਮ੍ਹਾਂਖੋਰੀ ਤੇ ਕਾਲਾਬਾਜ਼ਾਰੀ ਖਿਲਾਫ਼ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੰਦਿਆਂ ਡਾ. ਅਗਰਵਾਲ ਨੇ ਕਿਹਾ ਜੇਕਰ ਕੋਈ ਅਜਿਹਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਜ਼ਰੂਰੀ ਵਸਤਾਂ ਐਕਟ-1955 ਤਹਿਤ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਉਨ੍ਹਾਂ ਗੈਸ ਏਜੰਸੀ ਤੇ ਪੈਟਰੋਲ ਪੰਪ ਐਸੋਸੀਏਸ਼ਨਾਂ ਨੂੰ ਵੀ ਕਿਹਾ ਕਿ ਜੇਕਰ ਕੋਈ ਅਜਿਹਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦਾ ਜਾਵੇ। ਮੀਟਿੰਗ ਦੌਰਾਨ ਗੈਸ ਏਜੰਸੀ ਅਧਿਕਾਰੀਆਂ ਨੇ ਦੱਸਿਆ ਕਿ ਐੱਲਪੀਜੀ ਸਿਲੰਡਰ ਦੀ ਰੀਫਿਲ ਬੁਕਿੰਗ ਲਈ ਸਮਾਂ 25 ਦਿਨ ਹੁੰਦਾ ਹੈ। ਮੀਟਿੰਗ ’ਚ ਸਹਾਇਕ ਕਮਿਸ਼ਨਰ (ਯੂਟੀ) ਮੁਕਿਲਨ ਆਰ, ਡੀਐੱਫਐੱਸਸੀ ਨਰਿੰਦਰ ਸਿੰਘ ਤੋਂ ਇਲਾਵਾ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ, ਭਾਰਤ ਪੈਟਰੋਲੀਅਮ ਤੇ ਹਿੰਦੁਸਤਾਨ ਪੈਟਰੋਲੀਅਮ ਲਿਮਟਿਡ ਦੇ ਅਧਿਕਾਰੀ ਤੇ ਗੈਸ ਏਜੰਸੀ ਤੇ ਪੈਟਰੋਲ ਪੰਪ ਐਸੋਸੀਏਸ਼ਨਾਂ ਦੇ ਪ੍ਰਤੀਨਿਧੀ ਵੀ ਮੌਜੂਦ ਸਨ।