ਕੰਵਰਪਾਲ ਸਿੰਘ ਕਾਹਲੋਂ, ਭੋਗਪੁਰ : ਸਟੂਡੈਂਟ ਆਰਗੇਨਾਈਜੇਸ਼ਨ ਆਫ ਇੰਡੀਆ ਦੋਆਬਾ ਜ਼ੋਨ-1 ਦੇ ਪ੍ਰਧਾਨ ਅੰਮਿ੍ਤਪਾਲ ਸਿੰਘ ਡੱਲੀ ਵੱਲੋਂ ਜਲੰਧਰ ਵਿਖੇ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਘਰ ਬਾਹਰ ਰੁਜ਼ਗਾਰ ਮੰਗਦੇ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ 'ਤੇ ਪੁਲਿਸ ਵੱਲੋਂ ਕੀਤੇ ਲਾਠੀਚਾਰਜ ਦੀ ਸਖਤ ਸ਼ਬਦਾਂ 'ਚ ਨਿਖੇਧੀ ਕੀਤੀ ਹੈ। ਡੱਲੀ ਨੇ ਕਿਹਾ ਕਿ ਮਹਿਲਾ ਅਧਿਆਪਕਾਂ ਨੂੰ ਮਹਿਲਾਵਾਂ ਤੇ ਮਰਦ ਪੁਲਿਸ ਅਧਿਕਾਰੀਆਂ ਵੱਲੋਂ ਘੜੀਸ ਕੇ ਉਨ੍ਹਾਂ ਦੀ ਕੁੱਟਮਾਰ ਕਰਨਾ ਬਹੁਤ ਹੀ ਨਿੰਦਣਯੋਗ ਹੈ। ਇਕ ਪਾਸੇ ਤਾਂ ਪੰਜਾਬ ਦੇ ਸਕੂਲਾਂ 'ਚ ਅਧਿਆਪਕਾਂ ਦੀਆਂ ਅਸਾਮੀਆਂ ਖਾਲੀ ਪਈਆਂ ਹਨ ਤੇ ਦੂਜੇ ਪਾਸੇ ਯੋਗਤਾ ਪ੍ਰਰਾਪਤ ਲੜਕੇ-ਲੜਕੀਆਂ ਨੌਕਰੀ ਪ੍ਰਰਾਪਤ ਕਰਨ ਵਾਸਤੇ ਧਰਨੇ ਮੁਜ਼ਾਹਰੇ ਕਰ ਰਹੇ ਹਨ। ਡੱਲੀ ਨੇ ਕਿਹਾ ਕਿ ਅੱਜ ਕਾਂਗਰਸ ਦੀ ਸਰਕਾਰ ਵੇਲੇ ਮੁਲਾਜ਼ਮ, ਮਜ਼ਦੂਰ, ਕਿਸਾਨ, ਵਪਾਰੀ, ਅਧਿਆਪਕ ਤੇ ਨੌਜਵਾਨ ਸੜਕਾਂ 'ਤੇ ਆਪਣੇ ਹੱਕ ਮੰਗ ਰਹੇ ਹਨ ਅਤੇ ਘਰ-ਘਰ ਨੌਕਰੀ ਦਾ ਵਾਅਦਾ ਕਰ ਕੇ ਸੱਤਾ 'ਚ ਆਈ ਕਾਂਗਰਸ ਸਰਕਾਰ ਅੌਰਤਾਂ ਤਕ ਨਾਲ਼ ਕੁੱਟਮਾਰ ਕਰ ਕੇ ਡਰਾਉਣ ਦੀ ਕੋਸ਼ਿਸ਼ ਕਰ ਰਹੀ ਹੈ।