ਦੂਨ ਵਰਲਡ ਸਕੂਲ ਮਲਸੀਆਂ ਨੇ ਵੰਡੀਆਂ ਮੁਫ਼ਤ ਐਨਕਾਂ ਦੂਨ ਵਰਲਡ ਸਕੂਲ ਮਲਸੀਆਂ ਨੇ ਵਿਦਿਆਰਥੀਆਂ ਨੂੰ ਵੰਡੀਆਂ ਮੁਫ਼ਤ ਐਨਕਾਂ
Publish Date: Wed, 04 Nov 2026 08:59 PM (IST)
Updated Date: Wed, 04 Nov 2026 09:02 PM (IST)
-ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਦੀ ਚੰਗੀ ਸਿਹਤ ਵੀ ਸਕੂਲ ਦੀ ਮੁੱਖ ਤਰਜੀਹ : ਦਾਨੀਆ, ਘੁੰਮਣ ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ: ਵਿਦਿਆਰਥੀਆਂ ਦੀ ਮਿਆਰੀ ਸਿੱਖਿਆ ਦੇ ਨਾਲ-ਨਾਲ ਉਨ੍ਹਾਂ ਦੀ ਸਿਹਤ ਤੇ ਅੱਖਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਦੂਨ ਵਰਲਡ ਸਕੂਲ ਮਲਸੀਆਂ ਵਿਖੇ 24 ਵਿਦਿਆਰਥੀਆਂ ਨੂੰ ਮੁਫ਼ਤ ਐਨਕਾਂ ਵੰਡੀਆਂ ਗਈਆਂ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸਕੂਲ ਵਿਖੇ ਲਾਇਨਜ਼ ਕਲੱਬ ਅਤੇ ਲਾਇਨਜ਼ ਆਈ ਕੇਅਰ ਸੈਂਟਰ ਜੈਤੋ (ਫ਼ਰੀਦਕੋਟ) ਦੇ ਸਹਿਯੋਗ ਨਾਲ ਅੱਖਾਂ ਦੀ ਜਾਂਚ ਲਈ ਵਿਸ਼ੇਸ਼ ਮੈਡੀਕਲ ਕੈਂਪ ਲਗਾਇਆ ਗਿਆ ਸੀ, ਜਿਸ ਦੌਰਾਨ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਵਿਦਿਆਰਥੀਆਂ ਦੀਆਂ ਅੱਖਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਸੀ। ਜਾਂਚ ਕੈਂਪ ਦੌਰਾਨ ਜਿਨ੍ਹਾਂ 24 ਵਿਦਿਆਰਥੀਆਂ ਦੀ ਨਜ਼ਰ ਕਮਜ਼ੋਰ ਪਾਈ ਗਈ ਸੀ, ਉਨ੍ਹਾਂ ਦੀਆਂ ਅੱਖਾਂ ਦੇ ਨੰਬਰਾਂ ਅਨੁਸਾਰ ਵਿਸ਼ੇਸ਼ ਤੌਰ ’ਤੇ ਤਿਆਰ ਕਰਵਾਈਆਂ ਗਈਆਂ ਐਨਕਾਂ ਸਕੂਲ ਪ੍ਰਬੰਧਕਾਂ ਵੱਲੋਂ ਬੱਚਿਆਂ ਨੂੰ ਮੁਫ਼ਤ ਮੁਹੱਈਆ ਕਰਵਾਈਆਂ ਗਈਆਂ, ਤਾਂ ਜੋ ਹਰੇਕ ਵਿਦਿਆਰਥੀ ਨੂੰ ਉਸ ਦੀ ਲੋੜ ਅਨੁਸਾਰ ਸਹੀ ਐਨਕ ਮਿਲ ਸਕੇ। ਇਸ ਮੌਕੇ ਲਾਇਨਜ਼ ਆਈ ਕੇਅਰ ਸੈਂਟਰ ਜੈਤੋ ਤੋਂ ਡਾ. ਵਿਸ਼ਾਲ ਸਿੰਘ, ਪ੍ਰੇਮਦੀਪ ਬਾਂਸਲ ਤੇ ਉਨ੍ਹਾਂ ਦੀ ਸਮੁੱਚੀ ਟੀਮ ਵੱਲੋਂ ਦਿੱਤੀਆਂ ਗਈਆਂ ਸੇਵਾਵਾਂ ਦੀ ਵਿਸ਼ੇਸ਼ ਤੌਰ ’ਤੇ ਸ਼ਲਾਘਾ ਕੀਤੀ ਗਈ। ਸਕੂਲ ਡਾਇਰੈਕਟਰ ਜਸਵੰਤ ਸਿੰਘ ਦਾਨੀਆ ਨੇ ਕਿਹਾ ਕਿ ਬੱਚਿਆਂ ਦੀ ਸਿਹਤ ਦੀ ਸੰਭਾਲ ਕਰਨਾ ਸਕੂਲ ਦੀ ਅਹਿਮ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਅੱਖਾਂ ਦੀ ਕਮਜ਼ੋਰ ਨਜ਼ਰ ਦਾ ਸਮੇਂ ਸਿਰ ਪਤਾ ਲੱਗਣਾ ਬੇਹੱਦ ਜ਼ਰੂਰੀ ਹੈ, ਕਿਉਂਕਿ ਇਸ ਦਾ ਸਿੱਧਾ ਪ੍ਰਭਾਵ ਬੱਚਿਆਂ ਦੀ ਪੜ੍ਹਾਈ ਅਤੇ ਰੋਜ਼ਾਨਾ ਜੀਵਨ ਉੱਤੇ ਪੈਂਦਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਸਕੂਲ ਭਵਿੱਖ ਵਿੱਚ ਵੀ ਅਜਿਹੇ ਸਿਹਤ ਭਲਾਈ ਦੇ ਉਪਰਾਲੇ ਨਿਰੰਤਰ ਜਾਰੀ ਰੱਖੇਗਾ। ਪ੍ਰਿੰਸੀਪਲ ਅਰਸ਼ਦੀਪ ਕੌਰ ਘੁੰਮਣ ਨੇ ਇਸ ਉਪਰਾਲੇ ਲਈ ਡਾਕਟਰਾਂ ਦੀ ਟੀਮ, ਲਾਇਨਜ਼ ਕਲੱਬ ਅਤੇ ਸਮੂਹ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਕੂਲ ਦਾ ਮਕਸਦ ਸਿਰਫ਼ ਵਿੱਦਿਆ ਪ੍ਰਦਾਨ ਕਰਨਾ ਹੀ ਨਹੀਂ, ਸਗੋਂ ਬੱਚਿਆਂ ਦੀ ਸਰੀਰਕ ਅਤੇ ਮਾਨਸਿਕ ਸਿਹਤ ਦਾ ਵੀ ਪੂਰਾ ਧਿਆਨ ਰੱਖਣਾ ਹੈ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਸਮੇਂ-ਸਮੇਂ ’ਤੇ ਆਪਣੇ ਬੱਚਿਆਂ ਦੀਆਂ ਅੱਖਾਂ ਦੀ ਨਿਯਮਿਤ ਜਾਂਚ ਜ਼ਰੂਰ ਕਰਵਾਉਣ।