ਉਨ੍ਹਾਂ ਕਿਹਾ ਕਿ ਭਾਜਪਾ ਦਾ ਸੰਗਠਨ ਜਿੰਨਾ ਮਜ਼ਬੂਤ ਬੂਥ ਪੱਧਰ ’ਤੇ ਹੋਵੇਗਾ, ਪਾਰਟੀ ਉਨੀ ਹੀ ਮਜ਼ਬੂਤੀ ਨਾਲ ਲੋਕਾਂ ਵਿਚਕਾਰ ਆਪਣੀ ਪਹੁੰਚ ਬਣਾਏਗੀ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਮਿਹਨਤੀ, ਸਰਗਰਮ ਅਤੇ ਜਿੱਤਣ ਦੀ ਸਮਰੱਥਾ ਰੱਖਣ ਵਾਲੇ ਉਮੀਦਵਾਰਾਂ ਨੂੰ ਹੀ ਪਾਰਟੀ ਵੱਲੋਂ ਟਿਕਟ ਦਿੱਤੀ ਜਾਵੇਗੀ।
ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਭਾਰਤੀ ਜਨਤਾ ਪਾਰਟੀ ਦੀ ਜ਼ਿਲ੍ਹਾ ਸੰਗਠਨਾਤਮਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਿਪੁਣ ਸ਼ਰਮਾ ਦੀ ਪ੍ਰਧਾਨਗੀ ਹੇਠ ਸਥਾਨਕ ਇੱਕ ਨਿਜੀ ਹੋਟਲ ਕਮ ਮੈਰਿਜ ਪੈਲੇਸ ਵਿੱਚ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਭਾਜਪਾ ਪੰਜਾਬ ਦੇ ਸਹਿ-ਇੰਚਾਰਜ ਅਤੇ ਰਾਸ਼ਟਰੀ ਸਕੱਤਰ ਡਾ. ਨਰਿੰਦਰ ਸਿੰਘ ਰੈਣਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਉਨ੍ਹਾਂ ਨਾਲ ਸੂਬਾ ਜਨਰਲ ਸਕੱਤਰ ਰਾਕੇਸ਼ ਰਾਠੌੜ ਅਤੇ ਜ਼ਿਲ੍ਹਾ ਇੰਚਾਰਜ ਰਾਕੇਸ਼ ਸ਼ਰਮਾ ਵੀ ਮੌਜੂਦ ਸਨ।
ਇਸ ਮੌਕੇ ਸਾਬਕਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਤੇ ਵਿਜੇ ਸਾਂਪਲਾ, ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ, ਪੰਜਾਬ ਦੇ ਸਾਬਕਾ ਮੰਤਰੀ ਤੀਕਸ਼ਣ ਸੂਦ, ਤੇ ਬੀਬੀ ਮਹਿੰਦਰ ਕੌਰ ਜੋਸ਼, ਸੂਬਾ ਸਕੱਤਰ ਮੀਨੂ ਸੇਠੀ, ਨਿਮਿਸ਼ਾ ਮਹਿਤਾ, ਡਾ. ਦਿਲਬਾਗ ਰਾਏ ਅਤੇ ਹੋਰ ਅਹੁਦੇਦਾਰਾਂ ਨੇ ਡਾ. ਰੈਣਾ ਦਾ ਸਵਾਗਤ ਕੀਤਾ। ਇਸ ਮੌਕੇ ਸਾਰੇ ਮੰਡਲ ਪ੍ਰਧਾਨ, ਜ਼ਿਲ੍ਹਾ ਅਹੁਦੇਦਾਰ ਅਤੇ ਵੱਖ-ਵੱਖ ਸੈੱਲਾਂ ਦੇ ਇੰਚਾਰਜ ਵੀ ਹਾਜ਼ਰ ਸਨ।
ਸਥਾਨਕ ਚੋਣਾਂ ਲਈ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰਨ ਦੀ ਅਪੀਲ
ਮੀਟਿੰਗ ਦੌਰਾਨ ਡਾ. ਰੈਣਾ ਨੇ ਮੰਡਲ ਪ੍ਰਧਾਨਾਂ ਅਤੇ ਅਹੁਦੇਦਾਰਾਂ ਨਾਲ ਸੰਗਠਨਾਤਮਕ ਗਤੀਵਿਧੀਆਂ ’ਤੇ ਵਿਸਥਾਰਪੂਰਵਕ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਨਗਰ ਨਿਗਮ ਚੋਣਾਂ ਦਾ ਐਲਾਨ ਕਿਸੇ ਵੀ ਸਮੇਂ ਹੋ ਸਕਦਾ ਹੈ, ਇਸ ਲਈ ਹਰੇਕ ਵਾਰਡ ਅਤੇ ਹਰੇਕ ਬੂਥ ’ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਤੁਰੰਤ ਅਤੇ ਯੋਜਨਾਬੱਧ ਢੰਗ ਨਾਲ ਕੰਮ ਸ਼ੁਰੂ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਭਾਜਪਾ ਦਾ ਸੰਗਠਨ ਜਿੰਨਾ ਮਜ਼ਬੂਤ ਬੂਥ ਪੱਧਰ ’ਤੇ ਹੋਵੇਗਾ, ਪਾਰਟੀ ਉਨੀ ਹੀ ਮਜ਼ਬੂਤੀ ਨਾਲ ਲੋਕਾਂ ਵਿਚਕਾਰ ਆਪਣੀ ਪਹੁੰਚ ਬਣਾਏਗੀ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਮਿਹਨਤੀ, ਸਰਗਰਮ ਅਤੇ ਜਿੱਤਣ ਦੀ ਸਮਰੱਥਾ ਰੱਖਣ ਵਾਲੇ ਉਮੀਦਵਾਰਾਂ ਨੂੰ ਹੀ ਪਾਰਟੀ ਵੱਲੋਂ ਟਿਕਟ ਦਿੱਤੀ ਜਾਵੇਗੀ।
ਬੰਗਾਲ, ਅਸਾਮ ਅਤੇ ਪੁਡੂਚੇਰੀ ਦੀ ਜਿੱਤ ਨੂੰ ਦੱਸਿਆ ਵਿਕਾਸ ਦੀ ਰਾਜਨੀਤੀ ’ਤੇ ਮੋਹਰ
ਇਸ ਮੌਕੇ ਡਾ. ਰੈਣਾ ਨੇ ਪੱਛਮੀ ਬੰਗਾਲ, ਅਸਾਮ ਅਤੇ ਪੁਡੂਚੇਰੀ ਵਿੱਚ ਭਾਜਪਾ ਅਤੇ ਐਨਡੀਏ ਨੂੰ ਮਿਲੀ ਇਤਿਹਾਸਕ ਜਿੱਤ ’ਤੇ ਵਰਕਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਜਿੱਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਵਿਕਾਸ, ਸੁਸ਼ਾਸਨ ਅਤੇ ਰਾਸ਼ਟਰਵਾਦ ਦੀ ਰਾਜਨੀਤੀ ’ਤੇ ਲੋਕਾਂ ਦੀ ਮੋਹਰ ਹੈ।
ਉਨ੍ਹਾਂ ਕਿਹਾ ਕਿ ਦੇਸ਼ ਦੀ ਜਨਤਾ ਹੁਣ ਪਰਿਵਾਰਵਾਦ, ਭ੍ਰਿਸ਼ਟਾਚਾਰ ਅਤੇ ਤੁਸ਼ਟੀਕਰਨ ਦੀ ਰਾਜਨੀਤੀ ਨੂੰ ਪੂਰੀ ਤਰ੍ਹਾਂ ਨਕਾਰ ਚੁੱਕੀ ਹੈ ਅਤੇ ਭਾਜਪਾ ਦੀਆਂ ਲੋਕ ਭਲਾਈ ਨੀਤੀਆਂ ’ਤੇ ਆਪਣਾ ਵਿਸ਼ਵਾਸ ਜਤਾਇਆ ਹੈ।
ਡਾ. ਰੈਣਾ ਨੇ ਕਿਹਾ ਕਿ ਪੱਛਮੀ ਬੰਗਾਲ ਵਿੱਚ ਭਾਜਪਾ ਵਰਕਰਾਂ ਨੇ ਮੁਸ਼ਕਲ ਹਾਲਾਤਾਂ ਵਿੱਚ ਸੰਘਰਸ਼ ਕਰਦਿਆਂ ਲੋਕਤੰਤਰ ਨੂੰ ਮਜ਼ਬੂਤ ਕਰਨ ਦਾ ਕੰਮ ਕੀਤਾ ਅਤੇ ਲੋਕਾਂ ਨੇ ਪਾਰਟੀ ਨੂੰ ਬੇਮਿਸਾਲ ਸਮਰਥਨ ਦਿੱਤਾ। ਉਨ੍ਹਾਂ ਕਿਹਾ ਕਿ ਅਸਾਮ ਅਤੇ ਪੁਡੂਚੇਰੀ ਵਿੱਚ ਵੀ ਲੋਕਾਂ ਨੇ ਵਿਕਾਸ ਅਤੇ ਸਥਿਰ ਸਰਕਾਰ ਦੇ ਹੱਕ ਵਿੱਚ ਸਪੱਸ਼ਟ ਜਨਾਦੇਸ਼ ਦਿੱਤਾ ਹੈ।
“ਹੁਣ ਪੰਜਾਬ ਦੀ ਵਾਰੀ”
ਡਾ. ਰੈਣਾ ਨੇ ਕਿਹਾ ਕਿ ਬੰਗਾਲ ਦੀ ਇਤਿਹਾਸਕ ਜਿੱਤ ਤੋਂ ਬਾਅਦ ਹੁਣ ਪੰਜਾਬ ਦੀ ਵਾਰੀ ਹੈ। ਪੰਜਾਬ ਦੇ ਲੋਕ ਬਦਲਾਅ ਚਾਹੁੰਦੇ ਹਨ ਅਤੇ ਸੂਬੇ ਨੂੰ ਭ੍ਰਿਸ਼ਟਾਚਾਰ, ਨਸ਼ਾਖੋਰੀ, ਮਾੜੀ ਕਾਨੂੰਨ ਵਿਵਸਥਾ ਅਤੇ ਪਰਿਵਾਰਵਾਦ ਦੀ ਰਾਜਨੀਤੀ ਤੋਂ ਮੁਕਤ ਕਰਵਾਉਣ ਲਈ ਭਾਜਪਾ ਇੱਕ ਮਜ਼ਬੂਤ ਵਿਕਲਪ ਵਜੋਂ ਉਭਰ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਡਬਲ ਇੰਜਣ ਸਰਕਾਰ ਬਣਨ ਨਾਲ ਹੀ ਸੂਬੇ ਦਾ ਸਰਵਪੱਖੀ ਵਿਕਾਸ ਸੰਭਵ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਦਿਨੋ-ਦਿਨ ਖਰਾਬ ਹੋ ਰਹੀ ਹੈ ਅਤੇ ਸੂਬੇ ’ਤੇ ਕਰਜ਼ੇ ਦਾ ਬੋਝ ਲਗਾਤਾਰ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਉਹੀ ਵਿਕਾਸ ਕਾਰਜ ਚੱਲ ਰਹੇ ਹਨ ਜਿਨ੍ਹਾਂ ਲਈ ਕੇਂਦਰ ਸਰਕਾਰ ਵੱਲੋਂ ਫੰਡ ਜਾਰੀ ਕੀਤੇ ਜਾ ਰਹੇ ਹਨ।
ਕੇਂਦਰ ਦੀਆਂ ਸਕੀਮਾਂ ਲੋਕਾਂ ਤੱਕ ਪਹੁੰਚਾਉਣ ’ਤੇ ਜ਼ੋਰ
ਮੀਟਿੰਗ ਦੌਰਾਨ ਵੱਖ-ਵੱਖ ਵਿਧਾਨ ਸਭਾ ਹਲਕਿਆਂ ਤੋਂ ਆਏ ਇੰਚਾਰਜਾਂ ਨੂੰ ਨਿਰਦੇਸ਼ ਦਿੰਦਿਆਂ ਡਾ. ਰੈਣਾ ਨੇ ਕਿਹਾ ਕਿ ਉਹ ਆਪਣੇ ਖੇਤਰਾਂ ਵਿੱਚ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਇਨ੍ਹਾਂ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚੇ।
ਉਨ੍ਹਾਂ ਕਿਹਾ ਕਿ ਜਦੋਂ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦਾ ਸਿੱਧਾ ਲਾਭ ਮਿਲੇਗਾ ਤਾਂ ਉਹ ਭਾਜਪਾ ਨਾਲ ਹੋਰ ਮਜ਼ਬੂਤੀ ਨਾਲ ਜੁੜਣਗੇ ਅਤੇ ਪੰਜਾਬ ਵਿੱਚ ਪਾਰਟੀ ਦਾ ਆਧਾਰ ਹੋਰ ਮਜ਼ਬੂਤ ਹੋਵੇਗਾ।
ਆਮ ਆਦਮੀ ਪਾਰਟੀ ’ਤੇ ਨਿਸ਼ਾਨਾ
ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਰੈਣਾ ਨੇ ਕਿਹਾ ਕਿ ਜਾਂਚ ਏਜੰਸੀਆਂ ਸੁਤੰਤਰ ਤੌਰ ’ਤੇ ਆਪਣਾ ਕੰਮ ਕਰਦੀਆਂ ਹਨ ਅਤੇ ਜੇਕਰ ਕੋਈ ਵੀ ਵਿਅਕਤੀ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਕਾਨੂੰਨ ਆਪਣਾ ਕੰਮ ਕਰਦਾ ਹੈ।
ਉਨ੍ਹਾਂ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਦੇਸ਼ ਦੇ ਕਈ ਰਾਜਾਂ ਵਿੱਚ ਲਗਭਗ ਖਤਮ ਹੋ ਚੁੱਕੀ ਹੈ ਅਤੇ ਦਿੱਲੀ ਦੇ ਲੋਕਾਂ ਨੇ ਵੀ ਉਨ੍ਹਾਂ ਨੂੰ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਕਈ ਮੰਤਰੀਆਂ ’ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਹਨ ਅਤੇ ਪੰਜਾਬ ਵਿੱਚ ਵੀ ਨਸ਼ੇ ਅਤੇ ਭ੍ਰਿਸ਼ਟਾਚਾਰ ਦੇ ਮੁੱਦੇ ਲੋਕਾਂ ਸਾਹਮਣੇ ਹਨ।
ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਹੁਣ ਜ਼ਿਆਦਾ ਦੂਰ ਨਹੀਂ ਹਨ ਅਤੇ ਪੰਜਾਬ ਦੀ ਜਨਤਾ ਹੀ ਨਹੀਂ, ਸਗੋਂ ਦੇਸ਼ ਭਰ ਦੇ ਲੋਕ ਆਉਣ ਵਾਲੇ ਸਮੇਂ ਵਿੱਚ ਇਸ ਦਾ ਜਵਾਬ ਦੇਣਗੇ।
ਵਰਕਰਾਂ ਨੂੰ ਦਿੱਤਾ ਸੰਘਰਸ਼ ਅਤੇ ਸੰਗਠਨ ਮਜ਼ਬੂਤ ਕਰਨ ਦਾ ਸੰਦੇਸ਼
ਡਾ. ਰੈਣਾ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਅਤੇ ਪੰਜਾਬੀਅਤ ਦੀ ਰੱਖਿਆ ਲਈ ਵਚਨਬੱਧ ਹੋਣ, ਬੂਥ ਪੱਧਰ ਤੱਕ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ।
ਉਨ੍ਹਾਂ ਕਿਹਾ ਕਿ ਭਾਜਪਾ ਹੀ ਪੰਜਾਬ ਨੂੰ ਵਿਕਾਸ, ਸੁਰੱਖਿਆ, ਉਦਯੋਗਾਂ ਦੀ ਤਰੱਕੀ, ਨੌਜਵਾਨਾਂ ਲਈ ਰੁਜ਼ਗਾਰ ਅਤੇ ਕਿਸਾਨਾਂ ਨੂੰ ਸਨਮਾਨ ਦੇ ਸਕਦੀ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਭਾਜਪਾ ਵਰਕਰਾਂ ਦੀ ਮਿਹਨਤ, ਸਮਰਪਣ ਅਤੇ ਲੋਕਾਂ ਦੇ ਸਹਿਯੋਗ ਨਾਲ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਵੀ ਕਮਲ ਖਿੜੇਗਾ।