- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੜਕਾਂ ਦਾ ਨਿਰੀਖਣ ਕਰਨ ਪਹੁੰਚੀ ਡਾ. ਸੇਠੀ ਨੇ ਠੇਕੇਦਾਰਾਂ ਨੂੰ ਦਿੱਤੀ ਚੇਤਾਵਨੀ, ਗੁਣਵੱਤਾ ਨਾਲ ਸਮਝੌਤਾ ਬਰਦਾਸ਼ਤ ਨਹੀਂ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਸੀਨੀਅਰ ਕਾਂਗਰਸ ਆਗੂ ਤੇ ਕੌਂਸਲਰ ਡਾ. ਜਸਲੀਨ ਸੇਠੀ ਨੇ ਸਿਵਲ ਲਾਈਨਜ਼ ਸਮੇਤ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ’ਚ ਬਣ ਰਹੀਆਂ ਸੜਕਾਂ ਦਾ ਮੌਕੇ ’ਤੇ ਪਹੁੰਚ ਕੇ ਨਿਰੀਖਣ ਕੀਤਾ। ਉਨ੍ਹਾਂ ਨੇ ਸੜਕਾਂ ਦੇ ਨਿਰਮਾਣ ਕਾਰਜ ਦੀ ਗੁਣਵੱਤਾ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਤੇ ਠੇਕੇਦਾਰਾਂ ਨੂੰ ਨਿਰਮਾਣ ’ਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਵਰਤਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਪੱਸ਼ਟ ਕੀਤਾ ਕਿ ਸੜਕਾਂ ਦੀ ਗੁਣਵੱਤਾ ਨਾਲ ਕਿਸੇ ਵੀ ਕੀਮਤ ’ਤੇ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਲੋਕਾਂ ਦੇ ਪੈਸੇ ਦੀ ਬਰਬਾਦੀ ਨਹੀਂ ਹੋਣ ਦਿੱਤੀ ਜਾਵੇਗੀ। ਡਾ. ਸੇਠੀ ਨੇ ਕਿਹਾ ਕਿ ਵਾਰਡ ਵਾਸੀਆਂ ਨੂੰ ਟਿਕਾਊ ਤੇ ਬਿਹਤਰ ਗੁਣਵੱਤਾ ਵਾਲੀਆਂ ਸੜਕਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲ ਹੈ। ਉਨ੍ਹਾਂ ਠੇਕੇਦਾਰ ਨੂੰ ਸਪੱਸ਼ਟ ਹਦਾਇਤ ਕੀਤੀ ਕਿ ਨਿਰਮਾਣ ਸਮੱਗਰੀ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਤੇ ਸੜਕਾਂ ਨਿਰਧਾਰਤ ਮਾਪਦੰਡਾਂ ਅਨੁਸਾਰ ਮਜ਼ਬੂਤ ਤੇ ਲੰਬੇ ਸਮੇਂ ਤੱਕ ਟਿਕਾਊ ਬਣਾਈਆਂ ਜਾਣ। ਡਾ. ਸੇਠੀ ਨੇ ਕਿਹਾ ਕਿ ਮੌਸਮ ’ਚ ਬਦਲਾਅ ਦੇ ਨਾਲ ਲੁੱਕ-ਬਜਰੀ ਦੀਆਂ ਸੜਕਾਂ ਬਣਾਉਣ ’ਚ ਵੀ ਮੁਸ਼ਕਲਾਂ ਆਉਣਗੀਆਂ। ਆਉਣ ਵਾਲੇ ਦਿਨਾਂ ’ਚ ਜਦੋਂ ਲੁੱਕ-ਬਜਰੀ ਦੇ ਪਲਾਂਟ ਬੰਦ ਹੋਣੇ ਸ਼ੁਰੂ ਹੋ ਜਾਣਗੇ ਤਾਂ ਸੜਕਾਂ ਦਾ ਨਿਰਮਾਣ ਕਈ ਮਹੀਨਿਆਂ ਤੱਕ ਪ੍ਰਭਾਵਿਤ ਹੋ ਸਕਦਾ ਹੈ, ਜਿਸ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਹੋਰ ਵੱਧ ਸਕਦੀਆਂ ਹਨ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਇਲਾਕਿਆਂ ’ਚ ਹੋ ਰਹੇ ਵਿਕਾਸ ਕਾਰਜਾਂ ਦੀ ਖੁਦ ਨਿਗਰਾਨੀ ਕਰਨ।