ਇੱਛਾ ਸ਼ਕਤੀ ਨਾਲ ਖ਼ਤਮ ਹੋਵੇਗਾ ਨਸ਼ਾ : ਡਾ. ਕਰੀਮਪੁਰੀ
ਰੈਲੀਆਂ ਨਾਲ ਨਹੀਂ, ਇੱਛਾ ਸ਼ਕਤੀ ਨਾਲ ਖ਼ਤਮ ਹੋਵੇਗਾ ਨਸ਼ਾ : ਡਾ. ਅਵਤਾਰ ਸਿੰਘ ਕਰੀਮਪੁਰੀ
Publish Date: Tue, 17 Feb 2026 07:26 PM (IST)
Updated Date: Tue, 17 Feb 2026 07:30 PM (IST)

-ਸਰਕਾਰ ਫੋਟੋ ਸ਼ੂਟ ਛੱਡ ਕੇ ਨਸ਼ੇ ਦੇ ਸੌਦਾਗਰਾਂ ਤੇ ਸ਼ਿਕੰਜਾ ਕੱਸੇ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਪੰਜਾਬ ਦੀ ਆਪ ਸਰਕਾਰ ਵੱਲੋਂ ਕੀਤੀ ਗਈ ਨਸ਼ਾ ਵਿਰੋਧੀ ਰੈਲੀ ਨੂੰ ਮਹਿਜ਼ ਇਕ ਸਿਆਸੀ ਡਰਾਮਾ ਤੇ ਲੋਕਾਂ ਦੀਆਂ ਅੱਖਾਂ ’ਚ ਘੱਟਾ ਪਾਉਣ ਵਾਲੀ ਕਾਰਵਾਈ ਕਰਾਰ ਦਿੱਤਾ ਹੈ। ਬਸਪਾ ਦੀ ਪੰਜਾਬ ਸੰਭਾਲੋ ਮੁਹਿੰਮ ਦੇ ਤਹਿਤ ਮੀਡੀਆ ਨੂੰ ਬਿਆਨ ਜਾਰੀ ਕਰਦਿਆਂ ਡਾ. ਕਰੀਮਪੁਰੀ ਨੇ ਸਰਕਾਰ ਦੀ ਨੀਅਤ ਤੇ ਸਿੱਧੇ ਸਵਾਲ ਖੜ੍ਹੇ ਕੀਤੇ ਹਨ। ਡਾ. ਕਰੀਮਪੁਰੀ ਨੇ ਕਿਹਾ ਕਿ ਪੰਜਾਬ ਦੀਆਂ ਸੜਕਾਂ ਤੇ ਨਸ਼ੇ ਦੀ ਓਵਰਡੋਜ਼ ਨਾਲ ਰੋਜ਼ਾਨਾ ਨੌਜਵਾਨਾਂ ਦੀਆਂ ਲਾਸ਼ਾਂ ਡਿੱਗ ਰਹੀਆਂ ਹਨ, ਮਾਵਾਂ ਦੇ ਪੁੱਤ ਸਿਵਿਆਂ ਦੇ ਰਾਹ ਪੈ ਰਹੇ ਹਨ ਪਰ ਸਰਕਾਰ ਕਰੋੜਾਂ ਰੁਪਏ ਇਸ਼ਤਿਹਾਰਬਾਜ਼ੀ ਤੇ ਰੈਲੀਆਂ ਤੇ ਫੂਕ ਕੇ ਆਪਣੀ ਪਿੱਠ ਥਾਪੜ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੱਸੇ ਕਿ ਕਿੰਨੇ ਵੱਡੇ ਨਸ਼ਾ ਤਸਕਰ ਫੜੇ ਗਏ? ਕੀ ਨਸ਼ੇ ਦੀ ਸਪਲਾਈ ਲਾਈਨ ਟੁੱਟੀ? ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਆਪ ਸਰਕਾਰ ਨਸ਼ੇ ਦੇ ਵੱਡੇ ਮਗਰਮੱਛਾਂ ਤੇ ਚੁੱਪ ਹੈ। ਪੁਲਿਸ ਸਿਰਫ਼ ਨਸ਼ਾ ਕਰਨ ਵਾਲੇ ਬਿਮਾਰ ਨੌਜਵਾਨਾਂ ਨੂੰ ਫੜ ਕੇ ਅੰਕੜੇ ਪੂਰੇ ਕਰ ਰਹੀ ਹੈ, ਜਦਕਿ ਨਸ਼ਾ ਸਪਲਾਈ ਕਰਨ ਵਾਲੇ ਵੱਡੇ ਸੌਦਾਗਰ ਤੇ ਉਨ੍ਹਾਂ ਦੇ ਸਿਆਸੀ ਆਕਾ ਅਜੇ ਵੀ ਆਜ਼ਾਦ ਘੁੰਮ ਰਹੇ ਹਨ। ਬਸਪਾ ਦੀ ਪੰਜਾਬ ਸੰਭਾਲੋ ਮੁਹਿੰਮ ਦਾ ਸਪੱਸ਼ਟ ਮੰਨਣਾ ਹੈ ਕਿ ਜਦੋਂ ਤੱਕ ਨੌਜਵਾਨਾਂ ਦੇ ਹੱਥਾਂ ਨੂੰ ਰੁਜ਼ਗਾਰ ਨਹੀਂ ਮਿਲਦਾ, ਉਹ ਨਿਰਾਸ਼ਾ ’ਚ ਨਸ਼ਿਆਂ ਵੱਲ ਖਿੱਚੇ ਜਾਣਗੇ। ਸਰਕਾਰ ਰੁਜ਼ਗਾਰ ਦੇਣ ’ਚ ਬੁਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ। ਜੇਕਰ ਸਰਕਾਰ ਸੱਚਮੁੱਚ ਗੰਭੀਰ ਹੈ ਤਾਂ ਉਹ ਉਨ੍ਹਾਂ ਸਿਆਸਤਦਾਨਾਂ ਦੀ ਸੂਚੀ ਜਨਤਕ ਕਰੇ, ਜੋ ਕਿ ਨਸ਼ਾ ਤਸਕਰਾਂ ਦੀ ਪੁਸ਼ਤਪਨਾਹੀ ਕਰਦੇ ਹਨ। ਬਸਪਾ ਦੀ ਪੰਜਾਬ ਸੰਭਾਲੋ ਮੁਹਿੰਮ ਹੀ ਪੰਜਾਬ ’ਚੋਂ ਨਸ਼ਿਆਂ ਨੂੰ ਜੜ੍ਹੋਂ ਖਤਮ ਕਰ ਸਕਦੀ। ਇਸ ਕਰਕੇ ਪੰਜਾਬੀਆਂ ਨੂੰ ਅਪੀਲ ਹੈ ਕਿ ਉਹ ਬਸਪਾ ਦੀ ਪੰਜਾਬ ਸੰਭਾਲੋ ਮੁਹਿੰਮ ਨੂੰ ਆਪਣਾ ਆਸ਼ੀਰਵਾਦ ਦੇਣ।