ਹੈਰੋਇਨ ਸਮੇਤ ਨਸ਼ਾ ਤਸਕਰ ਗ੍ਰਿਫ਼ਤਾਰ
ਹੈਰੋਇਨ ਦੀ ਖੇਪ ਸਮੇਤ ਨਸ਼ਾ ਤਸਕਰ ਗ੍ਰਿਫਤਾਰ
Publish Date: Mon, 06 Apr 2026 08:36 PM (IST)
Updated Date: Mon, 06 Apr 2026 08:40 PM (IST)

ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਐਂਟੀ ਨਾਰਕੋਟਿਕਸ ਟਾਸਕ ਫੋਰਸ, ਜਲੰਧਰ ਦੀ ਟੀਮ ਨੇ ਇਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ ਹੈਰੋਇਨ ਬਰਾਮਦ ਕੀਤੀ ਹੈ। ਏਐੱਨਟੀਐੱਫ ਦੇ ਸਹਾਇਕ ਇੰਸਪੈਕਟਰ ਜਨਰਲ ਪੁਲਿਸ ਜਗਜੀਤ ਸਿੰਘ ਸਰੋਆ ਨੇ ਜਾਣਕਾਰੀ ਦਿਤੀ ਕਿ ਡੀਐੱਸਪੀ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਐੱਸਆਈ ਸੰਜੀਵ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਪਿੰਡ ਉਦੇਵਾਲ ਤੋਂ 100 ਮੀਟਰ ਅੱਗੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਮੋਟਰਸਾਈਕਲ ਨੰਬਰ ਪੀਬੀ-05-ਏਜੀ-8923 ’ਤੇ ਆ ਰਹੇ ਇਕ ਵਿਅਕਤੀ ਨੇ ਜਦੋਂ ਪੁਲਿਸ ਨਾਕਾ ਦੇਖਿਆ ਤਾਂ ਯਕਦਮ ਘਬਰਾ ਗਿਆ ਤੇ ਪਿੱਛਾਂਹ ਮੁੜਨ ਦੀ ਕੋਸ਼ਿਸ਼ ਕਰਨ ਲੱਗਾ, ਜਿਸ ਦੌਰਾਨ ਉਸ ਦਾ ਮੋਟਰਸਾਈਕਲ ਤਿਲਕ ਗਿਆ ਤੇ ਉਹ ਹੇਠਾਂ ਡਿੱਗ ਪਿਆ। ਮੁਸਤੈਦ ਖੜ੍ਹੀ ਪੁਲਿਸ ਪਾਰਟੀ ਨੇ ਉਸ ਨੂੰ ਕਾਬੂ ਕਰਕੇ ਜਦ ਉਸ ਦਾ ਨਾਂ ਪੁੱਛਿਆ ਤਾਂ ਉਸ ਨੇ ਆਪਣਾ ਨਾਂ ਹਰਸ਼ਦੀਪ ਸਿੰਘ ਉਰਫ ਹਰਸ਼ ਵਾਸੀ ਪਿੰਡ ਉਮਰੇਵਾਲ ਮਹਿਤਪੁਰ ਜ਼ਿਲ੍ਹਾ ਜਲੰਧਰ ਦੱਸਿਆ। ਜਦੋਂ ਉਸ ਕੋਲੋਂ ਮੁੜਨ ਦਾ ਕਾਰਨ ਪੁੱਛਿਆ ਗਿਆ ਤਾਂ ਉਹ ਕੋਈ ਢੁੱਕਵਾਂ ਜਵਾਬ ਨਹੀਂ ਦੇ ਸਕਿਆ। ਸ਼ੱਕ ਦੇ ਆਧਾਰ ’ਤੇ ਜਦ ਪੁਲਿਸ ਵੱਲੋਂ ਉਸ ਦੇ ਮੋਢੇ ’ਤੇ ਟੰਗੇ ਹੋਏ ਪਿੱਠੂ ਬੈਗ ਦੀ ਤਲਾਸ਼ੀ ਲਈ ਗਈ ਤਾਂ ਉਸ ’ਚੋਂ ਹੈਰੋਇਨ ਬਰਾਮਦ ਹੋਈ, ਜਿਸ ਦਾ ਵਜ਼ਨ ਕਰਨ ’ਤੇ ਉਹ 414 ਗ੍ਰਾਮ ਨਿਕਲੀ। ਇਸ ’ਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਏਆਈਜੀ ਸਰੋਆ ਨੇ ਜਾਣਕਾਰੀ ਦਿੱਤੀ ਕਿ ਮੁਲਜ਼ਮ ਖ਼ਿਲਾਫ਼ ਥਾਣਾ ਏਐੱਨਟੀਐੱਫ਼, ਐੱਸਏਐੱਸ ਨਗਰ (ਮੋਹਾਲੀ), ਵਿਖੇ ਮੁਕੱਦਮਾ ਦਰਜ ਕਰਕੇ ਬਣਦੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮ ਨੂੰ ਅਦਾਲਤ ’ਚੋਂ ਪੁਲਿਸ ਰਿਮਾਂਡ ’ਤੇ ਲੈ ਕੇ ਉਸ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਉਸ ਦੇ ਨੈੱਟਵਰਕ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ’ਚ ਇਹੀ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਤਰਖਾਨ ਦਾ ਕੰਮ ਕਰਦਾ ਹੈ ਤੇ ਜ਼ਿਆਦਾ ਪੈਸੇ ਦੇ ਲਾਲਚ ’ਚ ਉਹ ਮਾੜੀ ਸੰਗਤ ’ਚ ਪੈ ਗਿਆ ਤੇ ਨਸ਼ਾ ਤਸਕਰੀ ਕਰਨ ਲੱਗ ਪਿਆ। ਪੁਲਿਸ ਰਿਮਾਂਡ ਦੌਰਾਨ ਉਸ ਕੋਲੋਂ ਉਸ ਦੇ ਨੈੱਟਵਰਕ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ ਉਮੀਦ ਹੈ ਕਿ ਆੳਣ ਵਾਲੇ ਦਿਨਾਂ ’ਚ ਹੋਰ ਵੀ ਨਸ਼ਾ ਤਸਕਰ ਪੁਲਿਸ ਦੇ ਹੱਥੇ ਚੜ੍ਹਨਗੇ।