ਸਿੱਖਿਆ ਕ੍ਰਾਂਤੀ ਨੂੰ ਮਿਲੀ ਨਵੀਂ ਰਫ਼ਤਾਰ
ਸਿੱਖਿਆ ਕ੍ਰਾਂਤੀ ਨੂੰ ਮਿਲੀ ਨਵੀਂ ਰਫ਼ਤਾਰ: ਮਹਿੰਦਰ ਭਗਤ
Publish Date: Mon, 04 May 2026 09:25 PM (IST)
Updated Date: Mon, 04 May 2026 09:26 PM (IST)
ਕੀਮਤੀ ਭਗਤ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਸਿੱਖਿਆ ਦੇ ਪੱਧਰ ਨੂੰ ਆਧੁਨਿਕ ਅਤੇ ਗੁਣਵੱਤਾਪੂਰਨ ਬਣਾਉਣ ਦੇ ਉਦੇਸ਼ ਨਾਲ ਚਲਾਏ ਜਾ ਰਹੇ ‘ਸਿੱਖਿਆ ਕ੍ਰਾਂਤੀ’ ਅਭਿਆਨ ਤਹਿਤ ਸੋਮਵਾਰ ਨੂੰ ਜਲੰਧਰ ਵੈਸਟ ਖੇਤਰ ਵਿੱਚ ਇਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਗਿਆ। ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਸੈਨਾਨੀ ਅਤੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਵੱਲੋਂ ਕੋਟ ਸਦੀਕ ਵਿਖੇ ਸਥਿਤ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿੱਚ ਚਾਰ ਕਲਾਸਰੂਮਾਂ ਨੂੰ ਅਧੁਨਿਕ ਸਹੂਲਤਾਂ ਨਾਲ ਲੈਸ ਕਰਨ ਦੇ ਕੰਮ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਖੇਤਰ ਵਿੱਚ ਵਿਸ਼ਾਲ ਸੁਧਾਰ ਲਿਆਉਣ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਅਜਿਹੇ ਪ੍ਰੋਜੈਕਟ ਹੋਰ ਸਕੂਲਾਂ ਵਿੱਚ ਵੀ ਲਾਗੂ ਕੀਤੇ ਜਾਣਗੇ। ਸਮਾਰਟ ਕਲਾਸਰੂਮਾਂ ਦੇ ਜ਼ਰੀਏ ਵਿਦਿਆਰਥੀਆਂ ਨੂੰ ਡਿਜ਼ਿਟਲ ਮਾਧਿਅਮ ਰਾਹੀਂ ਪੜ੍ਹਾਈ ਕਰਨ ਦਾ ਮੌਕਾ ਮਿਲੇਗਾ, ਜਿਸ ਨਾਲ ਉਹ ਸਮੇਂ ਦੇ ਨਾਲ ਕਦਮ ਮਿਲਾ ਕੇ ਚੱਲ ਸਕਣਗੇ। ਇਸ ਮੌਕੇ ਟੇਕ ਚੰਦ, ਸਤਨਾਮ ਕਲੇਰ, ਪ੍ਰੀਤਮ ਸਿੰਘ, ਸੰਜੀਵ ਭਗਤ ਸਮੇਤ ਸਕੂਲ ਦਾ ਸਮੂਹ ਸਟਾਫ ਮੌਜੂਦ ਸੀ।