ਅਧਿਆਪਕਾਂ ਦੀਆਂ ਗ਼ੈਰ-ਵਿੱਦਿਅਕ ਡਿਊਟੀਆਂ ਕਾਰਨ ਸਕੂਲ ਹੋਏ ਖਾਲੀ
ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ
Publish Date: Sat, 25 Apr 2026 07:34 PM (IST)
Updated Date: Sun, 26 Apr 2026 04:17 AM (IST)

ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਵੱਲੋਂ ਗੈਰ-ਵਿੱਦਿਅਕ ਡਿਊਟੀਆਂ ਪੂਰਨ ਰੂਪ ’ਚ ਬੰਦ ਕਰਨ ਦੀ ਮੰਗ ਸਕੂਲਾਂ ਦੀ ਗੁਣਾਤਮਕ ਸਿੱਖਿਆ ਖ਼ਤਮ ਤੇ ਸਕੂਲਾਂ ’ਚ ਦਾਖਲੇ ਬੁਰੀ ਤਰ੍ਹਾਂ ਪ੍ਰਭਾਵਿਤ ਸਰਕਾਰ ਗੈਰ-ਵਿੱਦਿਅਕ ਕੰਮਾਂ ਲਈ ਵੱਖਰੇ ਤੌਰ ’ਤੇ ਮੁਲਾਜ਼ਮ ਭਰਤੀ ਕਰੇ : ਜੀਐੱਸਟੀਯੂ ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ ਫਿਲੌਰ : ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ ਫਿਲੌਰ, ਜਨਰਲ ਸਕੱਤਰ ਜਿੰਦਰ ਪਾਇਲਟ, ਸੂਬਾ ਸਲਾਹਕਾਰ ਬਲਕਾਰ ਸਿੰਘ ਵਲਟੋਹਾ, ਪ੍ਰੇਮ ਚਾਵਲਾ, ਸੀਨੀਅਰ ਮੀਤ ਪ੍ਰਧਾਨ ਸੁਖਜਿੰਦਰ ਸਿੰਘ ਖਾਨਪੁਰ, ਐਡੀਸ਼ਨਲ ਜਨਰਲ ਸਕੱਤਰ ਬਾਜ ਸਿੰਘ ਭੁੱਲਰ, ਵਿੱਤ ਸਕੱਤਰ ਨਵੀਨ ਸਚਦੇਵਾ, ਮੀਡੀਆ ਸਕੱਤਰ ਗੁਰਪ੍ਰੀਤ ਮਾੜੀਮੇਘਾ, ਪ੍ਰੈੱਸ ਸਕੱਤਰ ਟਹਿਲ ਸਿੰਘ ਸਰਾਭਾ ਵੱਲੋਂ ਸਾਂਝਾ ਪ੍ਰੈੱਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ ਸਰਕਾਰੀ ਸਕੂਲਾਂ ’ਚ ਪੜ੍ਹਾ ਰਹੇ ਅਧਿਆਪਕਾਂ ਦੀਆਂ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਤਰ੍ਹਾਂ ਦੀਆਂ ਗੈਰ ਵਿੱਦਿਅਕ ਡਿਊਟੀਆਂ ਜਿਵੇਂ ਬੀ.ਐੱਲ.ਓ. ਡਿਊਟੀਆਂ, ਜਨਗਣਨਾ, ਡਰੱਗਜ਼ ਜਨਗਣਨਾ, 10 ਲੱਖ ਤੱਕ ਰਾਜ ਦੇ ਮੁਫਤ ਹੈਲਥ ਕਾਰਡ ਬਣਾਉਣਾ, ਵੋਟਰਾਂ ਦੀ ਸਪੈਸ਼ਲ ਵੈਰੀਫਿਕੇਸ਼ਨ (ਐੱਸ.ਆਈ.ਆਰ.) ਆਦਿ ਵੱਖ-ਵੱਖ ਤਰ੍ਹਾਂ ਦੀਆਂ ਗੈਰ-ਵਿੱਦਿਅਕ ਡਿਊਟੀਆਂ ’ਚ ਸੂਬੇ ਦੇ ਹਜ਼ਾਰਾਂ ਅਧਿਆਪਕਾਂ ਨੂੰ ਲਗਾਇਆ ਗਿਆ ਹੈ, ਜਿਸ ਨਾਲ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਪੰਜਾਬ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੀ ਲਹਿਰ ਲੀਰੋ-ਲੀਰ ਹੋਣ ਦੇ ਨਾਲ-ਨਾਲ ਅਧਿਆਪਕਾਂ ਤੋਂ ਬਿਨਾ ਸਕੂਲੀ ਸਿੱਖਿਆ ਲੀਹੋਂ ਲਹਿ ਗਈ ਹੈ। ਆਗੂਆਂ ਵੱਲੋਂ ਦੱਸਿਆ ਗਿਆ ਕਿ ਇਸ ਸਮੇਂ ਸਰਕਾਰੀ ਸਕੂਲਾਂ ਦੇ ਅਧਿਆਪਕ ਅੱਠਵੀਂ, ਦਸਵੀਂ, ਬਾਰ੍ਹਵੀਂ ਦੀ ਬੋਰਡ ਪ੍ਰੀਖਿਆਵਾਂ ਦੀ ਮਾਰਕਿੰਗ ਦਾ ਕੰਮ ਵੀ ਕਰ ਰਿਹਾ ਹੈ ਤੇ ਨਵਾਂ ਵਿਦਿਅਕ ਸੈਸ਼ਨ ਵੀ ਸ਼ੁਰੂ ਹੋ ਗਿਆ ਹੈ ਪਰ ਬੜੇ ਦੁੱਖ ਦੀ ਗੱਲ ਹੈ ਕਿ ਪੰਜਾਬ ਸਰਕਾਰ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਨੂੰ ਵੱਖ-ਵੱਖ ਤਰ੍ਹਾਂ ਦੇ ਗੈਰ ਵਿੱਦਿਅਕ ਕੰਮਾਂ ਵਿੱਚ ਉਲਝਾ ਕੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆਂ ਦੀ ਮਿਆਰੀ ਤੇ ਗੁਣਾਤਮਕ ਸਿੱਖਿਆ ਨੂੰ ਭਾਰੀ ਨੁਕਸਾਨ ਹੋਣ ਕਰਕੇ ਵਿਦਿਆਰਥੀਆਂ ਦਾ ਭਵਿੱਖ ਤਬਾਹ ਹੋ ਰਿਹਾ ਹੈ, ਜਿਸ ਦੀ ਨਿਰੋਲ ਜ਼ਿੰਮੇਵਾਰ ਪੰਜਾਬ ਸਰਕਾਰ ਹੈ। ਆਗੂਆਂ ਨੇ ਕਿਹਾ ਕਿ ਹਰ ਤਰ੍ਹਾਂ ਦੇ ਗੈਰ-ਵਿੱਦਿਅਕ ਕੰਮਾਂ ਲਈ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਨਵੀਂ ਵਿਭਾਗੀ ਭਰਤੀ ਕਰਨੀ ਚਾਹੀਦੀ ਹੈ, ਜਿਨ੍ਹਾਂ ਦਾ ਕੰਮ ਹਰ ਤਰ੍ਹਾਂ ਦੇ ਸਰਵੇ ਅਤੇ ਹੋਰ ਕੰਮਾਂ ਵਾਸਤੇ ਵਰਤਿਆ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਆਗੂਆਂ ਨੇ ਮੰਗ ਕੀਤੀ ਹੈ ਕਿ ਬਹੁਤ ਸਾਰੇ ਅਧਿਆਪਕਾਂ ਦੇ ਬੱਚੇ ਵਿਦੇਸ਼ਾਂ ਵਿੱਚ ਹਨ ਤੇ ਜੂਨ ਦੀਆਂ ਛੁੱਟੀਆਂ ਵਿੱਚ ਅਧਿਆਪਕਾਂ ਨੇ ਆਪਣੇ ਬੱਚਿਆਂ ਕੋਲ ਜਾਣਾ ਹੁੰਦਾ ਹੈ ਪ੍ਰੰਤੂ ਵਿਦੇਸ਼ ਛੁੱਟੀ ਉੱਪਰ ਅਣ-ਐਲਾਨੀ ਰੋਕ ਲਗਾ ਰੱਖੀ ਹੈ। ਵਿਦੇਸ ਛੁੱਟੀ ਉੱਪਰ ਲੱਗੀ ਅਣਐਲਾਨੀ ਰੋਕ ਤੁਰੰਤ ਹਟਾ ਕੇ ਵਿਦੇਸ਼ ਛੁੱਟੀ ਬਹਾਲ ਕੀਤੀ ਜਾਵੇ।