ਇਸ ਨਾਜ਼ੁਕ ਸਥਿਤੀ ਦੇ ਮੱਦੇਨਜ਼ਰ ਡਾ. ਰਵਜੋਤ ਸਿੰਘ ਨੇ ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੂੰ ਪੱਤਰ ਲਿਖ ਕੇ ਤੁਰੰਤ ਮੀਟਿੰਗ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਮੱਧ ਪੂਰਬ ਵਿੱਚ ਅਮਰੀਕਾ, ਇਜ਼ਰਾਈਲ ਅਤੇ ਈਰਾਨ ਵਿਚਕਾਰ ਵਧਦੇ ਟਕਰਾਅ ਨੂੰ ਬਹੁਤ ਚਿੰਤਾਜਨਕ ਦੱਸਦਿਆਂ ਕਿਹਾ ਦੱਸਿਆ ਕਿ ਇਸ ਖੇਤਰ ਵਿੱਚ ਰਹਿਣ ਵਾਲੇ ਬਹੁਤ ਸਾਰੇ ਪੰਜਾਬ ਦੇ ਨਾਗਰਿਕਾਂ ਨੂੰ ਮੌਜੂਦਾ ਹਾਲਾਤ ਵਿੱਚ ਤੁਰੰਤ ਸਹਾਇਤਾ ਅਤੇ ਸੰਭਾਵਿਤ ਨਿਕਾਸੀ ਦੀ ਲੋੜ ਹੋ ਸਕਦੀ ਹੈ।

ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਈਰਾਨ-ਅਮਰੀਕਾ ਟਕਰਾਅ ਅਤੇ ਮੱਧ ਪੂਰਬ ਵਿੱਚ ਵਧ ਰਹੇ ਤਣਾਅ ਕਾਰਨ ਪੰਜਾਬ ਸਰਕਾਰ ਸੰਯੁਕਤ ਅਰਬ ਅਮੀਰਾਤ, ਖਾਸ ਕਰ ਕੇ ਦੁਬਈ ਦੇ ਵੱਖ-ਵੱਖ ਹਵਾਈ ਅੱਡਿਆਂ ’ਤੇ ਫਸੇ ਪੰਜਾਬੀਆਂ ਦੀ ਸੁਰੱਖਿਆ ਪ੍ਰਤੀ ਪੂਰੀ ਤਰ੍ਹਾਂ ਸੁਚੇਤ ਹੈ। ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਫਸੇ ਵਿਅਕਤੀਆਂ ਨਾਲ ਲਗਾਤਾਰ ਸੰਪਰਕ ਵਿੱਚ ਹੈ ਅਤੇ ਉਨ੍ਹਾਂ ਦੀ ਸੁਰੱਖਿਅਤ ਭਾਰਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਠੋਸ ਯਤਨ ਕਰ ਰਹੀ ਹੈ।
ਡਾ. ਰਵਜੋਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਦੁਬਈ ਅਤੇ ਯੂਏਈ ਦੇ ਹੋਰ ਹਵਾਈ ਅੱਡਿਆਂ ’ਤੇ ਫਸੇ ਪੰਜਾਬ ਦੇ ਸੈਲਾਨੀਆਂ ਅਤੇ ਪਰਵਾਸੀਆਂ ਨਾਲ ਟੈਲੀਫੋਨ ’ਤੇ ਗੱਲ ਕੀਤੀ। ਉਨ੍ਹਾਂ ਨੇ ਮੌਜੂਦਾ ਸਥਿਤੀ ਅਤੇ ਉੱਥੇ ਆ ਰਹੀਆਂ ਸਮੱਸਿਆਵਾਂ ਬਾਰੇ ਪੁੱਛਗਿੱਛ ਕਰਨ ਲਈ ਐੱਸਐੱਸਡੀ ਗਰਲਜ਼ ਕਾਲਜ, ਬਠਿੰਡਾ ਦੀ ਪ੍ਰਿੰਸੀਪਲ ਨੀਰੂ ਗਰਗ ਨਾਲ ਵੀ ਵਿਸ਼ੇਸ਼ ਤੌਰ ’ਤੇ ਗੱਲ ਕੀਤੀ। ਉਨ੍ਹਾਂ ਕਿਹਾ ਕਿ ਰੁਜ਼ਗਾਰ ਜਾਂ ਸੈਰ-ਸਪਾਟੇ ਲਈ ਵਿਦੇਸ਼ ਗਏ ਪੰਜਾਬੀਆਂ ਦੀ ਸੁਰੱਖਿਆ ਸੂਬਾ ਸਰਕਾਰ ਦੀ ਪਹਿਲੀ ਤਰਜੀਹ ਹੈ। ਪੰਜਾਬ ਸਰਕਾਰ ਪ੍ਰਭਾਵਿਤ ਲੋਕਾਂ ਦੀ ਸੁਰੱਖਿਅਤ ਅਤੇ ਜਲਦੀ ਵਾਪਸੀ ਨੂੰ ਯਕੀਨੀ ਬਣਾਉਣ ਲਈ ਕੇਂਦਰ ਸਰਕਾਰ ਅਤੇ ਸਬੰਧਤ ਭਾਰਤੀ ਦੂਤਾਵਾਸਾਂ ਨਾਲ ਨਿਰੰਤਰ ਤਾਲਮੇਲ ਵਿੱਚ ਹੈ।
ਇਸ ਨਾਜ਼ੁਕ ਸਥਿਤੀ ਦੇ ਮੱਦੇਨਜ਼ਰ ਡਾ. ਰਵਜੋਤ ਸਿੰਘ ਨੇ ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੂੰ ਪੱਤਰ ਲਿਖ ਕੇ ਤੁਰੰਤ ਮੀਟਿੰਗ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਮੱਧ ਪੂਰਬ ਵਿੱਚ ਅਮਰੀਕਾ, ਇਜ਼ਰਾਈਲ ਅਤੇ ਈਰਾਨ ਵਿਚਕਾਰ ਵਧਦੇ ਟਕਰਾਅ ਨੂੰ ਬਹੁਤ ਚਿੰਤਾਜਨਕ ਦੱਸਦਿਆਂ ਕਿਹਾ ਦੱਸਿਆ ਕਿ ਇਸ ਖੇਤਰ ਵਿੱਚ ਰਹਿਣ ਵਾਲੇ ਬਹੁਤ ਸਾਰੇ ਪੰਜਾਬ ਦੇ ਨਾਗਰਿਕਾਂ ਨੂੰ ਮੌਜੂਦਾ ਹਾਲਾਤ ਵਿੱਚ ਤੁਰੰਤ ਸਹਾਇਤਾ ਅਤੇ ਸੰਭਾਵਿਤ ਨਿਕਾਸੀ ਦੀ ਲੋੜ ਹੋ ਸਕਦੀ ਹੈ। ਉਨ੍ਹਾਂ ਵਿਦੇਸ਼ ਮੰਤਰੀ ਨੂੰ ਬੇਨਤੀ ਕੀਤੀ ਕਿ ਉਹ ਇਸ ਮੁੱਦੇ ’ਤੇ ਜਲਦੀ ਮੀਟਿੰਗ ਤੈਅ ਕਰਨ ਤਾਂ ਜੋ ਕੇਂਦਰ ਅਤੇ ਰਾਜ ਪੱਧਰ ’ਤੇ ਤਾਲਮੇਲ ਕਾਰਜ ਯੋਜਨਾ ਤਿਆਰ ਕਰ ਕੇ ਪੰਜਾਬ ਦੇ ਨਾਗਰਿਕਾਂ ਦੀ ਸੁਰੱਖਿਆ ਅਤੇ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਇਆ ਜਾ ਸਕੇ।
ਵਿਦੇਸ਼ਾਂ ਵਿੱਚ ਫਸੇ ਪੰਜਾਬੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਭਰੋਸਾ ਦਿਵਾਉਂਦੇ ਹੋਏ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਹਾਲਾਤ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੀ ਸੁਰੱਖਿਆ ਅਤੇ ਸਨਮਾਨਜਨਕ ਵਾਪਸੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ।