ਮੁਲਜ਼ਮ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਕੀਤਾ ਗ੍ਰਿਫ਼ਤਾਰ
ਆੜ੍ਹਤੀ ਹੱਤਿਆਕਾਂਡ ’ਚ 10 ਸਾਲਾਂ ਤੋਂ ਲੋੜੀਂਦੇ ਅੱਠਵੇਂ ਮੁਲਜ਼ਮ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆ ਕੇ ਕੀਤਾ ਗ੍ਰਿਫ਼ਤਾਰ
Publish Date: Wed, 24 Dec 2025 08:59 PM (IST)
Updated Date: Wed, 24 Dec 2025 09:01 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਗੁਰਾਇਆ ਦੇ ਪਿੰਡ ਢੇਸੀਆਂ ਕਾਹਨਾ ’ਚ ਕਰੀਬ 10 ਸਾਲ ਪਹਿਲਾਂ ਹੋਈ ਆੜ੍ਹਤੀ ਨਰਿੰਦਰ ਸਿੰਘ ਉਰਫ਼ ਨਿੰਦਰ ਦੀ ਹੱਤਿਆ ਦੇ ਮਾਮਲੇ ’ਚ ਲੁੜੀਂਦੇ ਚੱਲ ਰਹੇ ਅੱਠਵੇਂ ਮੁਲਜ਼ਮ ਨੂੰ ਪੁਲਿਸ ਨੇ ਰਾਜਸਥਾਨ ਦੀ ਬਾੜਮੇਰ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਪਿੰਡ ਡਵਿੰਡਾ, ਜ਼ਿਲ੍ਹਾ ਹੁਸ਼ਿਆਰਪੁਰ (ਹਰਿਆਣਾ) ਦੇ ਰਹਿਣ ਵਾਲੇ ਭੂਪਿੰਦਰ ਸਿੰਘ ਉਰਫ਼ ਭਿੰਡਾ ਵਜੋਂ ਹੋਈ ਹੈ। ਥਾਣਾ ਇੰਚਾਰਜ ਸਿਕੰਦਰ ਸਿੰਘ ਨੇ ਦੱਸਿਆ ਕਿ ਸਾਲ 2015 ’ਚ ਪਿੰਡ ਢੇਸੀਆਂ ਕਾਹਨਾ ਦੇ ਆੜ੍ਹਤੀ ਨਰਿੰਦਰ ਸਿੰਘ (ਨਿੰਦਰ) ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ’ਚ ਪੁਲਿਸ ਨੇ ਹੱਤਿਆ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਅੱਠ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ। ਜਾਂਚ ਦੌਰਾਨ ਸੱਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ’ਚ ਪੇਸ਼ ਕੀਤਾ ਗਿਆ, ਜਿਨ੍ਹਾਂ ਨੂੰ ਸਜ਼ਾ ਵੀ ਹੋ ਚੁੱਕੀ ਹੈ। ਮਾਮਲੇ ਦਾ ਅੱਠਵਾਂ ਮੁਲਜ਼ਮ ਭੂਪਿੰਦਰ ਸਿੰਘ ਉਰਫ਼ ਭਿੰਡਾ, ਵਾਸੀ ਪਿੰਡ ਡਵਿੰਡਾ, ਜ਼ਿਲ੍ਹਾ ਹੁਸ਼ਿਆਰਪੁਰ (ਹਰਿਆਣਾ) ਲੰਮੇ ਸਮੇਂ ਤੋਂ ਫ਼ਰਾਰ ਚੱਲ ਰਿਹਾ ਸੀ। ਪੁਲਿਸ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਰਾਜਸਥਾਨ ਦੀ ਬਾੜਮੇਰ ਜੇਲ੍ਹ ’ਚ ਬੰਦ ਹੈ, ਜਿਸ ਤੋਂ ਬਾਅਦ ਉਸ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆ ਕੇ ਗ੍ਰਿਫ਼ਤਾਰ ਕੀਤਾ ਗਿਆ। ਥਾਣਾ ਇੰਚਾਰਜ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਖ਼ਿਲਾਫ਼ ਵੱਖ-ਵੱਖ ਥਾਣਿਆਂ ’ਚ ਕੁੱਲ 16 ਅਪਰਾਧਿਕ ਮਾਮਲੇ ਦਰਜ ਹਨ। ਮੁਲਜ਼ਮ ਨੂੰ ਇਕ ਦਿਨ ਦੇ ਪੁਲਿਸ ਰਿਮਾਂਡ ’ਤੇ ਲਿਆ ਗਿਆ ਸੀ। ਰਿਮਾਂਡ ਖ਼ਤਮ ਹੋਣ ਤੋਂ ਬਾਅਦ ਉਸ ਨੂੰ ਮੁੜ ਰਾਜਸਥਾਨ ਦੀ ਬਾੜਮੇਰ ਜੇਲ੍ਹ ਭੇਜ ਦਿੱਤਾ ਗਿਆ ਹੈ।