ਬਾਈਕ ਦੀ ਟੱਕਰ ਨਾਲ ਸਾਈਕਲ ਸਵਾਰ ਬਜ਼ੁਰਗ ਜ਼ਖ਼ਮੀ
ਤੇਜ਼ ਰਫਤਾਰ ਮੋਟਰਸਾਈਕਲ ਦੀ ਟੱਕਰ ਨਾਲ ਸਾਈਕਲ ਸਵਾਰ ਬਜ਼ੁਰਗ ਗੰਭੀਰ ਜ਼ਖਮੀ
Publish Date: Tue, 21 Apr 2026 09:01 PM (IST)
Updated Date: Tue, 21 Apr 2026 09:04 PM (IST)
ਸੁਰਜੀਤ ਪਾਲ, ਪੰਜਾਬੀ ਜਾਗਰਣ, ਕਿਸ਼ਨਗੜ੍ਹ : ਜਲੰਧਰ-ਪਠਾਨਕੋਟ ਕੌਮੀ ਰਾਜ ਮਾਰਗ ’ਤੇ ਅੱਡਾ ਨੂਰਪੁਰ ਨੇੜੇ ਇਕ ਸੜਕ ਹਾਦਸੇ ’ਚ ਤੇਜ਼ ਰਫਤਾਰ ਮੋਟਰਸਾਈਕਲ ਸਵਾਰ ਵੱਲੋਂ ਸਾਈਕਲ ਸਵਾਰ ਬਜ਼ੁਰਗ ਨੂੰ ਟੱਕਰ ਮਾਰ ਦਿੱਤੀ ਗਈ, ਜਿਸ ਨਾਲ ਬਜ਼ੁਰਗ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਤੇਜ਼ ਰਫਤਾਰ ਮੋਟਰਸਾਈਕਲ ਦੀ ਟੱਕਰ ਕਾਰਨ ਬਜ਼ੁਰਗ ਸੜਕ ’ਤੇ ਡਿੱਗ ਕੇ ਗੰਭੀਰ ਜ਼ਖਮੀ ਹੋ ਗਿਆ। ਮੌਕੇ ’ਤੇ ਇਕੱਠੇ ਹੋਏ ਰਾਹਗੀਰਾਂ ਦੀ ਮਦਦ ਨਾਲ ਜ਼ਖਮੀ ਬਜ਼ੁਰਗ ਨੂੰ ਤੁਰੰਤ ਨਜ਼ਦੀਕੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਜਾਰੀ ਹੈ। ਹਾਦਸੇ ਦੀ ਸੂਚਨਾ ਮਿਲਣ ’ਤੇ ਪੁਲਿਸ ਕੰਟਰੋਲ ਰੂਮ ਦੀ ਟੀਮ ਮੌਕੇ ’ਤੇ ਪਹੁੰਚੀ ਤੇ ਦੋਵੇਂ ਵਾਹਨਾਂ ਨੂੰ ਕਬਜ਼ੇ ’ਚ ਲੈ ਲਿਆ ਗਿਆ। ਇਸ ਤੋਂ ਬਾਅਦ ਪੰਜਾਬ ਪੁਲਿਸ ਦੇ ਥਾਣਾ ਮਕਸੂਦਾਂ ਦੀ ਟੀਮ ਏਐੱਸਆਈ ਸਤਨਾਮ ਸਿੰਘ ਦੀ ਅਗਵਾਈ ਹੇਠ ਮੌਕੇ ’ਤੇ ਪਹੁੰਚੀ ਤੇ ਜਾਂਚ ਸ਼ੁਰੂ ਕੀਤੀ ਗਈ। ਏਐੱਸਆਈ ਸਤਨਾਮ ਸਿੰਘ ਨੇ ਦੱਸਿਆ ਕਿ ਜ਼ਖਮੀ ਬਜ਼ੁਰਗ ਸਤੀਸ਼ ਕੁਮਾਰ ਪੁੱਤਰ ਦੇਵਰਾਜ, ਵਾਸੀ ਪਿੰਡ ਨੂਰਪੁਰ ਹੈ, ਜਿਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਤੇ ਉਹ ਬਿਆਨ ਦੇਣ ਦੀ ਸਥਿਤੀ ’ਚ ਨਹੀਂ ਹੈ। ਉਨ੍ਹਾਂ ਕਿਹਾ ਕਿ ਬਿਆਨਾਂ ਤੇ ਜਾਂਚ ਦੇ ਆਧਾਰ ’ਤੇ ਮੋਟਰਸਾਈਕਲ ਸਵਾਰ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।