ਚੋਣ ਵਾਅਦੇ ਚਾਰ ਸਾਲਾਂ ’ਚ ਕੀਤੇ ਪੂਰੇ : ਟੀਨੂੰ
“ਸ਼ਾਨਦਾਰ 4 ਸਾਲ ਭਗਵੰਤ ਮਾਨ ਦੇ ਨਾਲ” ਮੁਹਿੰਮ ਤਹਿਤ ਪਿੰਡ ਕਿਸ਼ਨਗੜ੍ਹ ’ਚ ਆਪ ਆਗੂਆਂ ਦੀ ਮੀਟਿੰਗ
Publish Date: Sat, 28 Mar 2026 08:33 PM (IST)
Updated Date: Sat, 28 Mar 2026 08:35 PM (IST)
ਸੁਰਜੀਤ ਪਾਲ, ਪੰਜਾਬੀ ਜਾਗਰਣ, ਕਿਸ਼ਨਗੜ੍ਹ : ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਮੌਕੇ “ਸ਼ਾਨਦਾਰ 4 ਸਾਲ ਭਗਵੰਤ ਮਾਨ ਦੇ ਨਾਲ” ਸੰਵਾਦ ਪ੍ਰੋਗਰਾਮ ਮੁਹਿੰਮ ਤਹਿਤ ਪਿੰਡ ਕਿਸ਼ਨਗੜ੍ਹ ’ਚ ਵਿਸ਼ੇਸ਼ ਮੀਟਿੰਗ ਕਰਵਾਈ ਗਈ। ਇਹ ਮੀਟਿੰਗ ਹਲਕਾ ਆਦਮਪੁਰ ਦੇ ਇੰਚਾਰਜ ਤੇ ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਈ। ਮੀਟਿੰਗ ਦੌਰਾਨ ਜ਼ਿਲ੍ਹਾ ਸਕੱਤਰ ਮਦਨ ਸਿੰਘ ਤੇ ਬਲਾਕ ਪ੍ਰਧਾਨ ਪਰਮਜੀਤ ਸਿੰਘ ਮਿਨਹਾਸ ਸਮੇਤ ਹੋਰ ਆਗੂਆਂ ਨੇ ਇਕੱਠੇ ਹੋਏ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਕੀਤੇ ਗਏ ਵਿਕਾਸ ਕਾਰਜਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਵੱਲੋਂ ਕੀਤੇ ਵਾਅਦੇ ਚਾਰ ਸਾਲਾਂ ’ਚ ਹੀ ਪੂਰੇ ਕਰਕੇ ਦਿਖਾਏ ਗਏ ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸਹੂਲਤ ਲਈ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ, ਨਹਿਰੀ ਪਾਣੀ ਦੀ ਸਪਲਾਈ ਸ਼ੁਰੂ ਕੀਤੀ ਗਈ ਹੈ ਤੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਨੂੰ ਦੇਸ਼ ਦੇ ਸਿਖਰ ’ਤੇ ਲਿਆਉਣ ਲਈ ਵੱਡੇ ਪੱਧਰ ’ਤੇ ਸੁਧਾਰ ਕੀਤੇ ਗਏ ਹਨ ਤੇ ਪੇਂਡੂ ਖੇਤਰਾਂ ’ਚ 9000 ਤੋਂ ਵੱਧ ਆਧੁਨਿਕ ਖੇਡ ਮੈਦਾਨ ਬਣਾਏ ਗਏ ਹਨ। ਆਗੂਆਂ ਨੇ ਦੱਸਿਆ ਕਿ 40 ਹਜ਼ਾਰ ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦਾ ਨਵੀਨੀਕਰਨ ਕੀਤਾ ਗਿਆ ਹੈ ਤੇ ਕਿਸਾਨਾਂ ਨੂੰ ਦਿਨ ਦੇ ਸਮੇਂ 8 ਘੰਟੇ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ। ਪੰਜਾਬ ਦੇ 90 ਫ਼ੀਸਦੀ ਘਰਾਂ ਨੂੰ ਜ਼ੀਰੋ ਬਿਜਲੀ ਬਿੱਲ ਦਾ ਲਾਭ ਮਿਲ ਰਿਹਾ ਹੈ। ਇਸ ਤੋਂ ਇਲਾਵਾ ਔਰਤਾਂ ਲਈ ਮਹੀਨਾਵਾਰ ਆਰਥਿਕ ਸਹਾਇਤਾ ਯੋਜਨਾਵਾਂ ਵੀ ਜਲਦ ਲਾਗੂ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ 65 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਤੇ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਖ਼ਿਲਾਫ਼ ਵੱਡੇ ਪੱਧਰ ’ਤੇ ਕਾਰਵਾਈ ਕੀਤੀ ਗਈ ਹੈ। ਉਦਯੋਗਿਕ ਵਿਕਾਸ ਤਹਿਤ 1.55 ਲੱਖ ਕਰੋੜ ਰੁਪਏ ਦਾ ਨਿਵੇਸ਼ ਲਿਆਂਦਾ ਗਿਆ ਹੈ ਤੇ ਭਾਰਤ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦਾ ਗਠਨ ਵੀ ਪੰਜਾਬ ’ਚ ਕੀਤਾ ਗਿਆ ਹੈ। ਇਸ ਮੌਕੇ ਗਿਆਨ ਸਿੰਘ, ਪ੍ਰੋਫੈਸਰ ਸੁਰਿੰਦਰ ਕੁਮਾਰ, ਕੇਵਲ ਕ੍ਰਿਸ਼ਨ, ਸੁਰਜੀਤ ਮਹੇ, ਅਮਨਦੀਪ ਹਨੀ, ਹੀਰਾ ਸਿੰਘ, ਨਰਿੰਦਰ ਸਿੰਘ, ਅਮਨਦੀਪ ਸੋਂਧੀ, ਰਣਜੀਤ ਰਾਏ, ਪਰਮਜੀਤ ਕੰਬੋਜ, ਸੁਖਦੇਵ ਜੂੜੀ, ਪ੍ਰਦੀਪ ਕੁਮਾਰ ਕਾਲੂ, ਮਲਕੀਤ ਚੰਦ ਬੱਲੀ, ਕਰਨੈਲ ਚੰਦ, ਕਸ਼ਮੀਰੀ ਲਾਲ, ਜਸਵੀਰ ਸਿੰਘ, ਸਰਵਣ ਕੁਮਾਰ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।