
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮੀਟਿੰਗ ਤੋਂ ਮੁੱਖ ਮੰਤਰੀ ਦੇ ਪਿੱਛੇ ਹਟਣ ’ਤੇ ਮੁਲਾਜ਼ਮ ਜਥੇਬੰਦੀਆਂ ਵੱਲੋਂ ਸੰਘਰਸ਼ ਤੇਜ਼ ਕਰਨ ਦਾ ਐਲਾਨ

-28-29 ਅਗਸਤ ਨੂੰ ਥਾਂ-ਥਾਂ ਮੁੱਖ ਮੰਤਰੀ ਦੇ ਪੁਤਲੇ ਫੂਕੇ ਜਾਣਗੇ
-30 ਅਗਸਤ ਨੂੰ ਲੁਧਿਆਣਾ ਵਿਖੇ ਅਗਲੇ ਸੰਘਰਸ਼ ਦਾ ਐਲਾਨ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਤੇ ਸਾਂਝਾ ਮੁਲਾਜ਼ਮ ਮੰਚ ’ਤੇ ਆਧਾਰਿਤ ਸਾਂਝੀ ਤਾਲਮੇਲ ਕਮੇਟੀ ਨੇ ਮੁੱਖ ਮੰਤਰੀ ਪੰਜਾਬ ਵੱਲੋਂ ਮੀਟਿੰਗ ਨਾ ਕਰਨ ’ਤੇ ਤਿੱਖਾ ਰੋਸ ਪ੍ਰਗਟ ਕਰਦਿਆਂ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਕਮੇਟੀ ਨੇ ਕਿਹਾ ਕਿ 28 ਤੇ 29 ਅਗਸਤ ਨੂੰ ਪੰਜਾਬ ਭਰ ’ਚ ਜ਼ਿਲ੍ਹਾ, ਤਹਿਸੀਲ ਤੇ ਬਲਾਕ ਪੱਧਰ ’ਤੇ ਸਰਕਾਰੀ ਦਫ਼ਤਰਾਂ ਤੇ ਸੰਸਥਾਵਾਂ ਅੱਗੇ ਮੁੱਖ ਮੰਤਰੀ ਦੇ ਪੁਤਲੇ ਫੂਕੇ ਜਾਣਗੇ। ਮੁਲਾਜ਼ਮ ਵਿਰੋਧੀ ਟਵੀਟ ਤੇ 27 ਅਗਸਤ ਨੂੰ ਜਾਰੀ ਕੀਤੇ ਗਏ ਧਮਕੀ ਭਰੇ ਪੱਤਰ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਗੁਰਨਾਮ ਸਿੰਘ ਵਿਰਕ, ਸਤੀਸ਼ ਰਾਣਾ, ਸੁਖਚੈਨ ਸਿੰਘ ਖਹਿਰਾ, ਰਣਜੀਤ ਸਿੰਘ ਰਾਣਵਾ, ਸੁਸ਼ੀਲ ਕੁਮਾਰ ਫੌਜੀ, ਕਰਮ ਸਿੰਘ ਧਨੋਆ, ਹਰਜਿੰਦਰ ਸਿੰਘ ਪੰਨੂ, ਜਰਮਨਜੀਤ ਸਿੰਘ, ਮਨਪ੍ਰੀਤ ਸਿੰਘ, ਭਜਨ ਸਿੰਘ ਗਿੱਲ, ਐੱਨਕੇ ਕਲਸੀ, ਮਨਜੀਤ ਸਿੰਘ ਬਾਸਰਕੇ, ਤਰਸੇਮ ਸਿੰਘ ਭੱਠਲ, ਸੁਖਦੇਵ ਸਿੰਘ ਸੈਣੀ, ਗੁਰਸ਼ਰਨ ਸਿੰਘ ਹੁੰਦਲ, ਗਗਨਦੀਪ ਸਿੰਘ ਭੁੱਲਰ, ਦੀਦਾਰ ਸਿੰਘ ਚੋਕਰ, ਅਮਰੀਕ ਸਿੰਘ ਕੰਗ, ਦਿਲਪ੍ਰੀਤ ਸਿੰਘ, ਦਿਗਵਿਜੇ ਪਾਲ ਸ਼ਰਮਾ, ਹਰਨੇਕ ਸਿੰਘ, ਅਵਤਾਰ ਸਿੰਘ ਕੈਂਥ, ਰਘਵੀਰ ਸਿੰਘ ਬਡਵਾਲ ਅਤੇ ਜਗਦੀਸ਼ ਸਿੰਘ ਚਾਹਲ ਨੇ ਕਿਹਾ ਕਿ 7 ਅਗਸਤ ਨੂੰ ਚੰਡੀਗੜ੍ਹ ਵਿਖੇ ਹੋਈ ਮਹਾਂ ਰੈਲੀ ਤੋਂ ਬਾਅਦ ਸਰਕਾਰ ਵੱਲੋਂ 27 ਅਗਸਤ ਨੂੰ ਪੰਜਾਬ ਭਵਨ, ਚੰਡੀਗੜ੍ਹ ਵਿਖੇ ਮੀਟਿੰਗ ਦਾ ਲਿਖਤੀ ਸੱਦਾ ਦਿੱਤਾ ਗਿਆ ਸੀ। ਬਾਅਦ ’ਚ ਮੀਟਿੰਗ ਦਾ ਸਥਾਨ ਬਦਲ ਕੇ ਪੀਏਪੀ ਜਲੰਧਰ ਕਰ ਦਿੱਤਾ ਗਿਆ। ਆਗੂਆਂ ਅਨੁਸਾਰ ਮੀਟਿੰਗ ਲਈ ਪੀਏਪੀ ਦੇ ਗੋਲਫ ਕਲੱਬ ਵਿਖੇ ਪਹੁੰਚੇ ਮੁਲਾਜ਼ਮ ਆਗੂਆਂ ਨੂੰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕਿਹਾ ਗਿਆ ਕਿ ਮੁੱਖ ਮੰਤਰੀ ਨਾਲ ਮੀਟਿੰਗ ਤੋਂ ਪਹਿਲਾਂ ਹੜਤਾਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ ਕਰਕੇ ਡਿਊਟੀ ਜੁਆਇਨ ਕਰਨ ਸਬੰਧੀ ਲਿਖਤੀ ਭਰੋਸਾ ਦੇਣਾ ਪਵੇਗਾ। ਆਗੂਆਂ ਨੇ ਇਸ ਸ਼ਰਤ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਇਸ ਕਾਰਨ ਮੁੱਖ ਮੰਤਰੀ ਵੱਲੋਂ ਇਕ ਵਾਰ ਫਿਰ ਮੀਟਿੰਗ ਤੋਂ ਪਿੱਛੇ ਹਟਿਆ ਗਿਆ। ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਨੇ ਕਿਹਾ, “ਅਜੇ ਤਾਂ ਇਹ ਅੰਗੜਾਈ ਹੈ, ਅੱਗੇ ਹੋਰ ਲੜਾਈ ਹੈ।” ਉਨ੍ਹਾਂ ਮੁੱਖ ਮੰਤਰੀ ਦੇ ਰਵੱਈਏ ਦੀ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਦੀ ਮੁਲਾਜ਼ਮ ਲੀਡਰਸ਼ਿਪ ਨੂੰ ਲਿਖਤੀ ਸੱਦਾ ਦੇ ਕੇ ਮੀਟਿੰਗ ਨਾ ਕਰਨਾ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਵੱਡਾ ਫ਼ਰੇਬ ਹੈ। ਆਗੂਆਂ ਨੇ ਸਰਕਾਰ ਵੱਲੋਂ ਹੜਤਾਲੀ ਮੁਲਾਜ਼ਮਾਂ ਸਬੰਧੀ ਜਾਰੀ ਕੀਤੇ ਪੱਤਰ ਨੂੰ ਰੱਦ ਕਰਦਿਆਂ ਕਿਹਾ ਕਿ ਮੁਲਾਜ਼ਮ ਜਥੇਬੰਦੀਆਂ ਸਰਕਾਰ ਦੀਆਂ ਅਜਿਹੀਆਂ ਕਾਰਵਾਈਆਂ ਤੋਂ ਪਿੱਛੇ ਨਹੀਂ ਹਟਣਗੀਆਂ। ਉਨ੍ਹਾਂ ਦੱਸਿਆ ਕਿ ਅਗਲੇ ਸੰਘਰਸ਼ ਦੀ ਰਣਨੀਤੀ ਤੈਅ ਕਰਨ ਲਈ 30 ਅਗਸਤ ਨੂੰ ਲੁਧਿਆਣਾ ਵਿਖੇ ਪੰਜਾਬ ਦੀਆਂ ਸਮੂਹ ਜਥੇਬੰਦੀਆਂ ਦੀ ਮੀਟਿੰਗ ਸੱਦੀ ਗਈ ਹੈ। ਇਸ ਮੀਟਿੰਗ ’ਚ ਸਰਕਾਰ ਵਿਰੁੱਧ ਅਗਲੇ ਤਿੱਖੇ ਸੰਘਰਸ਼ਾਂ ਦਾ ਐਲਾਨ ਕੀਤਾ ਜਾਵੇਗਾ। ਸਾਂਝੀ ਤਾਲਮੇਲ ਕਮੇਟੀ ਨੇ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 28 ਤੇ 29 ਅਗਸਤ ਦੇ ਪ੍ਰਦਰਸ਼ਨਾਂ ’ਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।