- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁਲਾਜ਼ਮਾਂ ਨੇ ਫੂਕਿਆ ਡੀਸੀ ਦਫ਼ਤਰ ਅੱਗੇ ਸਰਕਾਰ ਦਾ ਪੁਤਲਾ

-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਗੇਟ ਰੈਲੀ
ਲਖਬੀਰ, ਪੰਜਾਬੀ ਜਾਗਰਣ, ਜਲੰਧਰ
ਪੰਜਾਬ ਦੇ ਸਰਕਾਰੀ ਵਿਭਾਗਾਂ ਵਿੱਚ ਕੰਮ ਕਰਦੇ ਕਲੈਰੀਕਲ ਮੁਲਾਜ਼ਮਾਂ ਦਾ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਗੁੱਸਾ ਲਗਾਤਾਰ ਵਧਦਾ ਜਾ ਰਿਹਾ ਹੈ। ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਨਾ ਹੋਣ ਕਾਰਨ ਮੁਲਾਜ਼ਮਾਂ ਨੇ ਹੁਣ ਸੰਘਰਸ਼ ਦਾ ਰਾਹ ਅਖਤਿਆਰ ਕਰ ਲਿਆ ਹੈ। ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਸੂਬਾ ਪੱਧਰ ’ਤੇ ਉਲੀਕੇ ਗਏ ਸੰਘਰਸ਼ ਤਹਿਤ ਬੁੱਧਵਾਰ ਨੂੰ ਡੀਸੀ ਦਫ਼ਤਰ ਦੇ ਸਾਹਮਣੇ ਜ਼ਿਲ੍ਹਾ ਪੱਧਰੀ ਗੇਟ ਰੈਲੀ ਕੀਤੀ ਗਈ। ਇਸ ਦੌਰਾਨ ਦੁਪਹਿਰ 12:30 ਵਜੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸਰਕਾਰ ਦਾ ਪੁਤਲਾ ਫੂਕਿਆ ਅਤੇ ਮੰਗਾਂ ਪੂਰੀਆਂ ਕਰਨ ਦੀ ਮੰਗ ਉਠਾਈ। ਇਹ ਸੰਘਰਸ਼ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਮੋਗਾ ਵਿਖੇ ਕੀਤੀ ਗਈ ਸੂਬਾ ਪੱਧਰੀ ਮੀਟਿੰਗ ਵਿੱਚ ਲਏ ਗਏ ਫ਼ੈਸਲਿਆਂ ਅਨੁਸਾਰ ਕੀਤਾ ਜਾ ਰਿਹਾ ਹੈ। ਮੀਟਿੰਗ ਦੀ ਅਗਵਾਈ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ, ਸੂਬਾ ਜਨਰਲ ਸਕੱਤਰ ਤਰਸੇਮ ਸਿੰਘ ਭੱਠਲ ਅਤੇ ਸੂਬਾ ਚੇਅਰਮੈਨ ਰਘਬੀਰ ਸਿੰਘ ਬਡਵਾਲ ਵੱਲੋਂ ਕੀਤੀ ਗਈ ਸੀ। ਇਸ ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਸੀ ਕਿ ਸਰਕਾਰ ਦਾ ਧਿਆਨ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਖਿੱਚਣ ਲਈ ਜ਼ਿਲ੍ਹਾ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਤੇ ਲੋੜ ਪੈਣ ’ਤੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸੇ ਤਰ੍ਹਾਂ 5 ਤੇ 6 ਨਵੰਬਰ ਨੂੰ ਕਲਮ ਛੋੜ ਹੜਤਾਲ ਦਾ ਐਲਾਨ ਕੀਤਾ ਗਿਆ ਹੈ।
----------------------
ਮੁਲਾਜ਼ਮਾਂ ਦੀਆਂ ਮੁੱਖ ਮੰਗਾਂ
ਯੂਨੀਅਨ ਵੱਲੋਂ ਸਰਕਾਰ ਤੋਂ ਕਈ ਅਹਿਮ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਨ੍ਹਾਂ ’ਚ ਮਹਿੰਗਾਈ ਭੱਤੇ (ਡੀਏ) ਦੀਆਂ ਰੁਕੀਆਂ ਕਿਸ਼ਤਾਂ ਤੇ ਬਕਾਏ ਜਾਰੀ ਕਰਨਾ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, ਤਨਖ਼ਾਹ ਕਮਿਸ਼ਨ ਨਾਲ ਸਬੰਧਤ ਮਸਲਿਆਂ ਤੇ ਵਿੱਤੀ ਲਾਭਾਂ ਦਾ ਹੱਲ ਕਰਨਾ ਸ਼ਾਮਲ ਹੈ। ਇਸ ਤੋਂ ਇਲਾਵਾ ਕੱਚੇ, ਠੇਕਾ ਤੇ ਆਰਜ਼ੀ ਮੁਲਾਜ਼ਮਾਂ ਨੂੰ ਪੱਕਾ ਕਰਨ, ਖਾਲੀ ਪਈਆਂ ਅਸਾਮੀਆਂ ’ਤੇ ਨਵੀਂ ਭਰਤੀ ਕਰਨ ਤੇ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਨਿਬੇੜਾ ਕਰਨ ਦੀ ਮੰਗ ਵੀ ਉਠਾਈ ਜਾ ਰਹੀ ਹੈ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਵੱਖ-ਵੱਖ ਵਿਭਾਗਾਂ ’ਚ ਲੋੜੀਂਦੀਆਂ ਅਸਾਮੀਆਂ ਖਾਲੀ ਪਈਆਂ ਹੋਣ ਕਾਰਨ ਮੌਜੂਦਾ ਸਟਾਫ਼ ’ਤੇ ਕੰਮ ਦਾ ਵਾਧੂ ਬੋਝ ਪੈ ਰਿਹਾ ਹੈ। ਯੂਨੀਅਨ ਵੱਲੋਂ ਠੇਕਾ ਪ੍ਰਣਾਲੀ ਖ਼ਤਮ ਕਰਕੇ ਮੁਲਾਜ਼ਮਾਂ ਨੂੰ ਸਿੱਧੇ ਵਿਭਾਗਾਂ ਅਧੀਨ ਲਿਆਉਣ, ਬਰਾਬਰ ਕੰਮ ਲਈ ਬਰਾਬਰ ਤਨਖ਼ਾਹ ਦੇਣ, ਸਮੇਂ ਸਿਰ ਤਨਖ਼ਾਹ ਜਾਰੀ ਕਰਨ ਤੇ ਵਾਧੂ ਡਿਊਟੀ ਦੇ ਬਣਦੇ ਲਾਭ ਦੇਣ ਵਰਗੇ ਮੁੱਦੇ ਵੀ ਉਠਾਏ ਜਾ ਰਹੇ ਹਨ। ਮੁਲਾਜ਼ਮ ਜਥੇਬੰਦੀ ਦਾ ਮੰਨਣਾ ਹੈ ਕਿ ਜਦੋਂ ਸਰਕਾਰੀ ਵਿਭਾਗਾਂ ’ਚ ਕੰਮ ਕਰਨ ਵਾਲੇ ਕਰਮਚਾਰੀ ਜ਼ਿੰਮੇਵਾਰੀਆਂ ਨਿਭਾਅ ਰਹੇ ਹਨ ਤਾਂ ਉਨ੍ਹਾਂ ਦੇ ਸੇਵਾ ਤੇ ਵਿੱਤੀ ਲਾਭਾਂ ਨਾਲ ਜੁੜੇ ਮਸਲਿਆਂ ਦਾ ਹੱਲ ਵੀ ਸਮੇਂ ਸਿਰ ਹੋਣਾ ਚਾਹੀਦਾ ਹੈ।
-------------------------
ਚੁਣੌਤੀ ਬਣਦਾ ਜਾ ਰਿਹੈ ਮੁਲਾਜ਼ਮਾਂ ਦਾ ਸੰਘਰਸ਼
ਜ਼ਿਲ੍ਹਾ ਪੱਧਰੀ ਗੇਟ ਰੈਲੀ ਤੇ ਪੁਤਲਾ ਫੂਕ ਪ੍ਰਦਰਸ਼ਨ ਤੋਂ ਬਾਅਦ ਹੁਣ ਮੁਲਾਜ਼ਮਾਂ ਦੀਆਂ ਨਜ਼ਰਾਂ ਸਰਕਾਰ ਦੇ ਅਗਲੇ ਕਦਮ ’ਤੇ ਟਿਕੀਆਂ ਹੋਈਆਂ ਹਨ। ਇਕ ਪਾਸੇ ਮੁਲਾਜ਼ਮ ਮੰਗਾਂ ਪੂਰੀਆਂ ਕਰਵਾਉਣ ਲਈ ਸੰਘਰਸ਼ ਤੇਜ਼ ਕਰ ਰਹੇ ਹਨ, ਦੂਜੇ ਪਾਸੇ ਦੋ ਦਿਨਾਂ ਦੀ ਹੜਤਾਲ ਕਾਰਨ ਸਰਕਾਰੀ ਕੰਮਕਾਜ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਅਜਿਹੇ ’ਚ ਸਵਾਲ ਇਹ ਹੈ ਕਿ ਕੀ ਸਰਕਾਰ ਮੁਲਾਜ਼ਮਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੀਆਂ ਲਟਕਦੀਆਂ ਮੰਗਾਂ ਦਾ ਹੱਲ ਕੱਢੇਗੀ ਜਾਂ ਫਿਰ ਆਉਣ ਵਾਲੇ ਦਿਨਾਂ ’ਚ ਇਹ ਸੰਘਰਸ਼ ਹੋਰ ਵੱਡਾ ਰੂਪ ਧਾਰਨ ਕਰੇਗਾ।