- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਵਿਧਾਨ ਦਿਵਸ ਮੌਕੇ ਪੁਰਾਣੀ ਪੈਨਸ਼ਨ ਦੀ ਮੰਗ ਕਰਦੇ ਮੁਲਾਜ਼ਮਾ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ

ਸਰਕਾਰ ਖ਼ਿਲਾਫ਼ ਜਲਦ ਕੀਤਾ ਜਾਵੇਗਾ ਵੱਡਾ ਪ੍ਰਦਰਸ਼ਨ : ਸੁਖਜੀਤ ਸਿੰਘ ਡਿੰਪੀ
ਸੀਨੀਅਰ ਸਟਾਫ ਰਿਪੋਰਟਰ ਪੰਜਾਬੀ ਜਾਗਰਣ
ਅੱਜ ਮੋਗਾ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਪੰਜਾਬ ਦੀ ਰੈਲੀ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਦੀ ਸ਼ਹਿ ’ਤੇ ਸੰਵਿਧਾਨ ਦਿਵਸ ਮੌਕੇ ਪੁਰਾਣੀ ਪੈਨਸ਼ਨ ਦੀ ਬਹਾਲੀ ਦੀ ਮੰਗ ਕਰਦੇ ਸੀ.ਪੀ.ਐੱਫ਼ ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਡਿੰਪੀ, ਜਲੰਧਰ ਦੇ ਜ਼ਿਲ੍ਹਾ ਪ੍ਰਧਾਨ ਕਮਲਜੀਤ ਸਿੰਘ ਸਮੇਤ ਕਈ ਜ਼ਿਲ੍ਹਿਆਂ ਦੇ ਪ੍ਰਧਾਨਾਂ ਅਤੇ ਮੁੱਖ ਆਗੂਆਂ ਨੂੰ ਘਰਾਂ ਅਤੇ ਥਾਣਿਆ ’ਚ ਨਜ਼ਰਬੰਦ ਕੀਤਾ ਗਿਆ। ਇਸ ਦੀ ਜਥੇਬੰਦੀ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਸੂਬਾ ਪ੍ਰਧਾਨ ਸੁਖਜੀਤ ਸਿੰਘ ਡਿੰਪੀ ਅਤੇ ਜ਼ਿਲ੍ਹਾ ਪ੍ਰਧਾਨ ਕਮਲਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੇ ਸੰਘਰਸ਼ ਤੋਂ ਪੂਰੀ ਤਰ੍ਹਾਂ ਬੌਖਲਾਹਟ ਵਿੱਚ ਹੈ। ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਉਨ੍ਹਾਂ ਨੂੰ ਨਜ਼ਰਬੰਦ ਕਰਕੇ ਮੁਲਾਜ਼ਮਾਂ ਦੇ ਸੰਘਰਸ਼ ਨੂੰ ਦਬਾਇਆ ਨਹੀਂ ਜਾ ਸਕਦਾ। ਉਹਨਾਂ ਇਹ ਵੀ ਕਿਹਾ ਕਿ ਅੱਜ 26 ਨਵੰਬਰ ਨੂੰ ਸਰਕਾਰ ਜਥੇਬੰਦੀ ਨਾਲ ਮੀਟਿੰਗ ਕਰਨ ਤੋਂ ਫਿਰ ਭੱਜ ਗਈ ਹੈ। ਹੁਣ ਸਰਕਾਰ ਵੱਲੋਂ 3 ਦਸੰਬਰ ਨੂੰ ਪੁਰਾਣੀ ਪੈਨਸ਼ਨ ਦੇ ਮੁੱਦੇ ’ਤੇ ਗੱਲਬਾਤ ਕਰਨ ਲਈ ਪੱਤਰ ਜਾਰੀ ਕੀਤਾ ਗਿਆ ਹੈ। ਆਗੂਆਂ ਨੇ ਕਿਹਾ ਕਿ ਜੇ ਇਸ ਮੀਟਿੰਗ ਵਿੱਚ ਕੋਈ ਹੱਲ ਨਾ ਨਿਕਲਿਆ ਤਾਂ 18 ਦਸੰਬਰ ਨੂੰ ਸੂਬਾ ਪੱਧਰੀ ਐਕਸ਼ਨ ਕੀਤਾ ਜਾਵੇਗਾ। ਪੰਜਾਬ ਦੇ ਲੋਕ 2027 ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ, ਜਿਸ ਵਿੱਚ ਮੌਜੂਦਾ ਸਰਕਾਰ ਨੂੰ ਚੱਲਦਾ ਕਰਨ ਵਿਚ ਪੰਜਾਬ ਦੇ ਸਮੂਹ ਮੁਲਾਜ਼ਮ ਕੋਈ ਕਸਰ ਨਹੀਂ ਛੱਡਣਗੇ।