ਨੋਟੀਫਿਕੇਸ਼ਨਾਂ ਦੀ ਕਾਪੀਆਂ ਸਾੜ ਕੇ ਪ੍ਰਗਟਾਇਆ ਰੋਸ
ਪੁਰਾਣੀ ਪੈਨਸ਼ਨ ਤੇ ਹੋਰ ਮੰਗਾਂ ਨੂੰ ਲੈ ਕੇ ਕਰਮਚਾਰੀਆਂ ਦਾ ਪ੍ਰਦਰਸ਼ਨ, ਨੋਟੀਫਿਕੇਸ਼ਨਾਂ ਦੀਆਂ ਕਾਪੀਆਂ ਸਾੜੀਆਂ
Publish Date: Thu, 05 Mar 2026 09:26 PM (IST)
Updated Date: Thu, 05 Mar 2026 09:29 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ: ਸੀਪੀਐੱਫ ਕਰਮਚਾਰੀ ਯੂਨੀਅਨ ਤੇ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਪੁਰਾਣੀ ਪੈਨਸ਼ਨ ਸਕੀਮ, ਬਰਾਬਰ ਕੰਮ ਲਈ ਬਰਾਬਰ ਤਨਖਾਹ ਤੇ ਹੋਰ ਪੈਂਡਿੰਗ ਮੰਗਾਂ ਨੂੰ ਲੈ ਕੇ ਜਲੰਧਰ ਦੇ ਵੱਖ-ਵੱਖ ਸਰਕਾਰੀ ਦਫਤਰਾਂ ’ਚ ਗੇਟ ਰੈਲੀਆਂ ਕੀਤੀਆਂ ਗਈਆਂ। ਇਸ ਦੌਰਾਨ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ। ਪ੍ਰਦਰਸ਼ਨ ਤੋਂ ਬਾਅਦ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਦੇ ਵੱਖ-ਵੱਖ ਨੋਟੀਫਿਕੇਸ਼ਨਾਂ ਦੀਆਂ ਕਾਪੀਆਂ ਸਾੜ ਕੇ ਆਪਣਾ ਰੋਸ ਜਤਾਇਆ ਗਿਆ। ਇਨ੍ਹਾਂ ’ਚ ਪੁਰਾਣੀ ਪੈਨਸ਼ਨ ਸਕੀਮ ਸਬੰਧੀ ਜਾਰੀ ਕੀਤਾ ਨੋਟੀਫਿਕੇਸ਼ਨ, ਜੋ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ, ਅਤੇ 17 ਜੁਲਾਈ 2020 ਨੂੰ ਜਾਰੀ ਕੀਤਾ ਗਿਆ ਸੱਤਵੇਂ ਪੇ ਕਮਿਸ਼ਨ ਸਬੰਧੀ ਨੋਟੀਫਿਕੇਸ਼ਨ ਵੀ ਸ਼ਾਮਲ ਸੀ। ਸੀਪੀਐੱਫ ਕਰਮਚਾਰੀ ਯੂਨੀਅਨ ਦੇ ਪੰਜਾਬ ਪ੍ਰਧਾਨ ਸੁਖਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਟਾਲਮਟੋਲ ਦੀ ਨੀਤੀ ਅਪਣਾ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੁਲਾਜ਼ਮਾਂ ਨਾਲ ਮੀਟਿੰਗਾਂ ਲਈ ਪੱਤਰ ਤਾਂ ਜਾਰੀ ਕਰ ਦਿੱਤੇ ਜਾਂਦੇ ਹਨ ਪਰ ਮੀਟਿੰਗ ਵਾਲੇ ਦਿਨ ਉਨਾਂ ਨੂੰ ਰੱਦ ਕਰਕੇ ਕਿਸੇ ਹੋਰ ਤਰੀਕ ਲਈ ਨਵਾਂ ਪੱਤਰ ਜਾਰੀ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਰਵੱਈਏ ਤੋਂ ਸਪੱਸ਼ਟ ਹੁੰਦਾ ਹੈ ਕਿ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਲਾਗੂ ਕਰਨ ਤੋਂ ਕਤਰਾ ਰਹੀ ਹੈ। ਇਸ ਮੌਕੇ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਨੇ ਦੱਸਿਆ ਕਿ 6 ਮਾਰਚ ਨੂੰ ਜ਼ਿਲ੍ਹਾ ਜਲੰਧਰ ਦੇ ਮੁਲਾਜ਼ਮ ਦੁਪਹਿਰ 3 ਵਜੇ ਪੀਪੀਆਰ ਮਾਲ ਵਿਖੇ ਇਕੱਠੇ ਹੋਣਗੇ। ਇਸ ਤੋਂ ਬਾਅਦ ਮੁਲਾਜ਼ਮ ਨਾਅਰੇਬਾਜ਼ੀ ਕਰਦੇ ਹੋਏ ਕੈਬਨਿਟ ਮੰਤਰੀ ਮਹਿੰਦਰ ਭਗਤ ਦੇ ਘਰ ਵੱਲ ਮਾਰਚ ਕਰਨਗੇ ਤੇ ਮੁੱਖ ਮੰਤਰੀ ਪੰਜਾਬ ਦੇ ਖ਼ਿਲਾਫ਼ ਅਰਥੀ ਫੂਕ ਪ੍ਰਦਰਸ਼ਨ ਵੀ ਕੀਤਾ ਜਾਵੇਗਾ।