ਮੁਲਜ਼ਮ ਨੂੰ ਫੌਰੀ ਗ੍ਰਿਫ਼ਤਾਰ ਕੀਤਾ ਜਾਵੇ : ਗੋਰਾ
5 ਮਹੀਨੇ ਬਾਅਦ ਵੀ ਗੋਲੀ ਚਲਾਉਣ ਵਾਲੇ ਖ਼ਿਲਾਫ਼ ਸਖ਼ਤ ਕਾਰਵਾਈ ਨਹੀਂ, ਕਾਲੋਨਾਈਜ਼ਰ ਵੱਲੋਂ ਇਨਾਮ 5 ਲੱਖ ਕੀਤਾ
Publish Date: Mon, 23 Mar 2026 06:44 PM (IST)
Updated Date: Mon, 23 Mar 2026 06:46 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਿਲੌਰ : ਫਿਲੌਰ ਇਲਾਕੇ ਦੇ ਉੱਘੇ ਸਮਾਜ ਸੇਵੀ ਤੇ ਕਾਲੋਨਾਈਜ਼ਰ ਮਨਦੀਪ ਸਿੰਘ ਗੋਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਸ਼ ਲਾਇਆ ਕਿ ਉਨ੍ਹਾਂ ’ਤੇ ਪੰਜ ਮਹੀਨੇ ਪਹਿਲਾਂ ਗੋਲੀ ਚਲਾਉਣ ਵਾਲੇ ਮੁਲਜ਼ਮਾਂ ਖ਼ਿਲਾਫ਼ ਪੁਲਿਸ ਵੱਲੋਂ ਅਜੇ ਤੱਕ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਉਹ ਵਪਾਰ ਕਰਦੇ ਹਨ ਪਰ ਪਿਛਲੇ ਪੰਜ ਮਹੀਨਿਆਂ ਤੋਂ ਡਰ ਦੇ ਮਾਹੌਲ ਕਾਰਨ ਘਰ ਅੰਦਰ ਰਹਿ ਕੇ ਕੰਮ ਕਰਨਾ ਪੈ ਰਿਹਾ ਹੈ, ਜਦਕਿ ਗੋਲੀ ਚਲਾਉਣ ਵਾਲਾ ਮੁਲਜ਼ਮ ਰਾਹੁਲ ਖੁੱਲ੍ਹੇਆਮ ਘੁੰਮ ਰਿਹਾ ਹੈ ਤੇ ਧਮਕੀਆਂ ਦੇ ਰਿਹਾ ਹੈ। ਗੋਰਾ ਨੇ ਕਿਹਾ ਕਿ ਪੁਲਿਸ ਵੱਲੋਂ ਰਾਹੁਲ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ ਪਰ ਉਸ ਦੇ ਸਾਥੀ ਨੂੰ ਇਹ ਕਹਿ ਕੇ ਜ਼ਮਾਨਤ ਦਿਵਾ ਦਿੱਤੀ ਗਈ ਕਿ ਉਸ ਦੀ ਕੇਸ ’ਚ ਲੋੜ ਨਹੀਂ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਰਾਹੁਲ ਦੇ ਘਰ ਤੋਂ ਛਾਪੇ ਦੌਰਾਨ ਅਸਲਾ, ਨਕਦੀ, ਵਿਦੇਸ਼ੀ ਕਰੰਸੀ ਅਤੇ ਨਸ਼ੀਲੇ ਪਦਾਰਥ ਬਰਾਮਦ ਹੋਏ ਸਨ ਪਰ ਉਹ ਵੀ ਕਿਸੇ ਰਿਕਾਰਡ ’ਚ ਨਹੀਂ ਦਿਖਾਏ ਗਏ। ਉਨ੍ਹਾਂ ਕਿਹਾ ਕਿ ਮੁਲਜ਼ਮ ਤੇ ਉਸ ਦੇ ਸਾਥੀ ਖੁੱਲ੍ਹੇਆਮ ਕਹਿ ਰਹੇ ਹਨ ਕਿ ਉਨ੍ਹਾਂ ਨੇ ਸੀਆਈਏ ਸਟਾਫ ਤੇ ਲੋਕਲ ਪੁਲਿਸ ਨੂੰ ਪੈਸੇ ਦਿੱਤੇ ਹਨ, ਜਿਸ ਕਾਰਨ ਉਨ੍ਹਾਂ ’ਤੇ ਕਾਰਵਾਈ ਨਹੀਂ ਹੋ ਰਹੀ। ਇਕ ਪਾਸੇ ਪੰਜਾਬ ਪੁਲਿਸ ਗੈਂਗਸਟਰਾਂ ਖ਼ਿਲਾਫ਼ ਮੁਹਿੰਮ ਚਲਾ ਰਹੀ ਹੈ, ਜਦਕਿ ਦੂਜੇ ਪਾਸੇ ਗੋਲੀ ਚਲਾਉਣ ਵਾਲੇ ਅਪਰਾਧੀ ਆਜ਼ਾਦੀ ਨਾਲ ਘੁੰਮ ਰਹੇ ਹਨ। ਉਨ੍ਹਾਂ ਨੇ ਆਪਣੇ ਤੇ ਆਪਣੇ ਪਰਿਵਾਰ ਦੀ ਸੁਰੱਖਿਆ ਨੂੰ ਖਤਰਾ ਦੱਸਦਿਆਂ ਮੁਲਜ਼ਮ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ ਤੇ ਚਿਤਾਵਨੀ ਦਿੱਤੀ ਕਿ ਜੇ ਕਾਰਵਾਈ ਨਾ ਹੋਈ ਤਾਂ ਉਹ ਸੰਘਰਸ਼ ਦਾ ਰਾਹ ਅਪਣਾਉਣਗੇ। ਇਸ ਮਾਮਲੇ ’ਤੇ ਡੀਐੱਸਪੀ ਭਰਤ ਮਸੀਹ ਨੇ ਕਿਹਾ ਕਿ ਪੁਲਿਸ ਕਿਸੇ ਵੀ ਮੁਲਜ਼ਮ ਦੀ ਮਦਦ ਨਹੀਂ ਕਰ ਰਹੀ। ਉਨ੍ਹਾਂ ਦੱਸਿਆ ਕਿ 27 ਮਾਰਚ ਨੂੰ ਅਦਾਲਤ ’ਚ ਸੁਣਵਾਈ ਦੌਰਾਨ ਰਾਹੁਲ ਨੂੰ ਪੀਓ ਕਰਾਰ ਦੇਣ ਤੇ ਉਸ ਦੀ ਜਾਇਦਾਦ ਅਟੈਚ ਕਰਨ ਸਬੰਧੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਮਨਦੀਪ ਸਿੰਘ ਗੋਰਾ ਦੀ ਸੁਰੱਖਿਆ ਲਈ ਪੁਲਿਸ ਹਰ ਵੇਲੇ ਤਿਆਰ ਹੈ।