- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਸਬੰਧੀ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਿਆਸੀ ਨੁਮਾਇੰਦਿਆਂ ਨਾਲ ਮੀਟਿੰਗ
ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਹੁਣ 24 ਅਕਤੂਬਰ ਨੂੰ ਲੱਗਣਗੇ ਕੈਂਪ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ-2027 ਨੂੰ ਮੁੱਖ ਰੱਖਦਿਆਂ ਪੋਲਿੰਗ ਬੂਥਾਂ ਦੀ ਰੈਸ਼ਨਲਾਈਜ਼ੇਸ਼ਨ ਸਬੰਧੀ ਜ਼ਿਲ੍ਹੇ ਦੀਆਂ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਏਡੀਸੀਪ (ਜਨਰਲ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਮਨਿੰਦਰ ਕੌਰ ਵੱਲੋਂ ਅੱਜ ਮੀਟਿੰਗ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਦੀ ਪ੍ਰਕਿਰਿਆ ਮੁਕੰਮਲ ਹੋ ਗਈ ਹੈ ਤੇ 9 ਵਿਧਾਨ ਸਭਾ ਹਲਕਿਆਂ ਵਿੱਚ ਪਹਿਲਾਂ ਵਾਂਗ 1997 ਪੋਲਿੰਗ ਸਟੇਸ਼ਨ ਹੀ ਹਨ। ਵਿਧਾਨ ਸਭਾ ਚੋਣ ਹਲਕਾ ਫਿਲੌਰ ਵਿੱਚ 244, ਨਕੋਦਰ ਵਿੱਚ 255, ਸ਼ਾਹਕੋਟ ਵਿੱਚ 252, ਕਰਤਾਰਪੁਰ ਵਿੱਚ 225, ਜਲੰਧਰ ਪੱਛਮੀ ਵਿੱਚ 192, ਜਲੰਧਰ ਕੇਂਦਰੀ ਵਿੱਚ 191, ਜਲੰਧਰ ਉੱਤਰੀ ਵਿੱਚ 204, ਜਲੰਧਰ ਛਾਉਣੀ ਵਿੱਚ 218 ਅਤੇ ਵਿਧਾਨ ਸਭਾ ਚੋਣ ਹਲਕਾ ਆਦਮਪੁਰ ਵਿੱਚ 216 ਪੋਲਿੰਗ ਸਟੇਸ਼ਨ ਸਥਾਪਤ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 12 ਨਵੰਬਰ 2026 ਨੂੰ ਹੋਵੇਗੀ, ਜਿਸ ’ਤੇ 11 ਦਸੰਬਰ 2026 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ 28 ਦਸੰਬਰ 2026 ਤੱਕ ਕੀਤਾ ਜਾਵੇਗਾ ਤੇ 4 ਜਨਵਰੀ 2027 ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ। ਇਸ ਮੌਕੇ ਚੋਣ ਤਹਿਸੀਲਦਾਰ ਡਾ. ਦੀਪਕ ਰਾਜ ਵੀ ਮੌਜੂਦ ਸਨ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 12 ਅਕਤੂਬਰ 2026 ਨੂੰ ਪ੍ਰਕਾਸ਼ਿਤ ਅੰਤਿਮ ਵੋਟਰ ਸੂਚੀ ਅਨੁਸਾਰ ਜ਼ਿਲ੍ਹੇ ਵਿੱਚ 778194 ਪੁਰਸ਼, 747203 ਮਹਿਲਾ ਅਤੇ 53 ਥਰਡ ਜੈਂਡਰ ਵੋਟਰਾਂ ਸਮੇਤ ਕੁੱਲ 1525450 ਵੋਟਰ ਹਨ। ਉਨ੍ਹਾਂ ਦੱਸਿਆ ਕਿ ਯੋਗ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ 25 ਅਕਤੂਬਰ ਨੂੰ ਲਗਾਇਆ ਜਾਣ ਵਾਲਾ ਵਿਸ਼ੇਸ਼ ਕੈਂਪ ਹੁਣ 24 ਅਕਤੂਬਰ ਨੂੰ ਦੁਪਹਿਰ 3 ਤੋਂ ਸ਼ਾਮ 5 ਵਜੇ ਤੱਕ ਲਗਾਇਆ ਜਾ ਰਿਹਾ ਹੈ। ਕੈਂਪਾਂ ਦੌਰਾਨ ਯੋਗਤਾ ਮਿਤੀ 1 ਜਨਵਰੀ 2027 ਦੇ ਆਧਾਰ ’ਤੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋੜੀਂਦੇ ਦਸਤਾਵੇਜ਼ਾਂ ਸਮੇਤ ਫਾਰਮ ਨੰਬਰ 6, 6ਏ ਅਤੇ 8 ਭਰਨ ਅਤੇ ਜਮ੍ਹਾ ਕਰਵਾਉਣ ਵਿੱਚ ਵੀ ਸਹਿਯੋਗ ਕੀਤਾ ਜਾਵੇਗਾ। ਜ਼ਿਲ੍ਹਾ ਚੋਣ ਦਫ਼ਤਰ ਤੇ ਚੋਣਕਾਰ ਰਜਿਸਟ੍ਰੇਸ਼ਨ ਦਫ਼ਤਰਾਂ ਵਿੱਚ ਹੈਲਪ ਡੈਸਕ ਵੀ ਸਥਾਪਤ ਕੀਤੇ ਗਏ ਹਨ। ਇਸ ਤੋਂ ਇਲਾਵਾ ਹੈਲਪਲਾਈਨ ਨੰਬਰ 1950 ’ਤੇ ਕਾਲ ਕਰਕੇ ਕੋਈ ਵੀ ਵੋਟਰ ਆਪਣੀ ਵੋਟ ਜਾਂ ਵੋਟਰ ਸੂਚੀ ਸਬੰਧੀ ਕੋਈ ਵੀ ਸੁਵਿਧਾ ਪ੍ਰਾਪਤ ਕਰ ਸਕਦਾ ਹੈ।