ਕੰਵਰਪਾਲ ਸਿੰਘ ਕਾਹਲੋਂ, ਭੋਗਪੁਰ : ਮੋਦੀ ਸਰਕਾਰ ਗਰੀਬਾਂ ਦੀ ਹਿਤੈਸ਼ੀ ਸਰਕਾਰ ਹੈ ਤੇ ਪਾਰਟੀ ਦੀਆਂ ਨੀਤੀਆਂ ਤੋਂ ਦੇਸ਼ ਦਾ ਹਰ ਵਰਗ ਖ਼ੁਸ਼ ਹੈ। ਜਦਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੈਟਰੋਲ, ਡੀਜ਼ਲ ਤੋਂ ਐਕਸਾਈਜ਼ ਡਿਊਟੀ ਘਟਾ ਕੇ ਅਤੇ ਐੱਲ.ਪੀ.ਜੀ ਗੈਸ ਸਿਲੰਡਰਾਂ ਦੇ ਰੇਟ 'ਚ 200 ਰੁਪਏ ਦੀ ਕਮੀ ਕਰਕੇ ਸ਼ਲਾਘਾਯੋਗ ਕੰਮ ਕੀਤਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਭਾਜਪਾ ਜਲੰਧਰ ਦਿਹਾਤੀ ਦੇ ਮੀਤ ਪ੍ਰਧਾਨ ਮਨਮੀਤ ਸਿੰਘ ਵਿੱਕੀ ਨੇ ਕੀਤਾ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਜਦੋਂ ਤੋਂ ਦੇਸ਼ ਦੇ ਪ੍ਰਧਾਨ ਮੰਤਰੀ ਬਣੇ ਹਨ, ਉਦੋਂ ਤੋਂ ਭਾਰਤ ਦੀ ਸਾਖ ਵਿਦੇਸ਼ਾਂ 'ਚ ਮਜ਼ਬੂਤ ਹੋਈ ਹੈ। ਮਨਮੀਤ ਵਿੱਕੀ ਨੇ ਪੈਟਰੋਲ, ਡੀਜ਼ਲ ਤੇ ਗੈਸ ਦੀਆਂ ਕੀਮਤਾਂ ਘੱਟ ਕਰਨ ਲਈ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੀ ਤੇਲ ਦੀਆਂ ਕੀਮਤਾਂ 'ਤੇ ਵੈਟ ਘਟਾ ਕੇ ਪੰਜਾਬ ਦੀ ਜਨਤਾ ਨੂੰ ਰਾਹਤ ਮੁਹੱਈਆ ਕਰਵਾਏ।