ਅਮਰਜੀਤ ਸਿੰਘ ਵੇਹਗਲ, ਜਲੰਧਰ : ਪੰਜਾਬ 'ਚ ਦਿਨੋਂ-ਦਿਨ ਆ ਰਹੇ ਸਰਬਪੱਖੀ ਨਿਘਾਰ 'ਤੇ ਡੂੰਘੀ ਚਿੰਤਾ ਪ੍ਰਗਟਾਉਂਦਿਆਂ ਹੋਇਆਂ ਇਸ ਨੂੰ ਇਕ ਮੰਚ 'ਤੇ ਇਕੱਠੇ ਹੋ ਕੇ ਖ਼ਤਮ ਕਰਨ ਦੀ ਚਰਚਾ ਕੀਤੀ ਗਈ। ਗੁਰਮਤਿ ਲੋਕਧਾਰਾ ਵਿਚਾਰ ਮੰਚ ਵੱਲੋਂ ਕੀਤੀ ਗਈ ਪ੍ਰਰੈੱਸ ਕਾਨਫ਼ਰੰਸ 'ਚ ਡਾ. ਸਵਰਾਜ ਸਿੰਘ ਨੇ ਗੰਭੀਰ ਚਿੰਤਾ ਪ੍ਰਗਟਾਈ ਕਿ ਪੰਜਾਬ 'ਚ ਦਿਨੋਂ ਦਿਨ ਆ ਰਹੇ ਨਿਘਾਰ ਲਈ ਸਰਕਾਰਾਂ ਗੰਭੀਰ ਨਹੀਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਦਿਨੋਂ ਦਿਨ ਵੱਧ ਰਹੀ ਬੇਰੁਜ਼ਗਾਰੀ ਵੱਲ ਸਰਕਾਰ ਵੱਲੋਂ ਕੋਈ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ। ਇਸ ਕਾਰਨ ਨੌਜਵਾਨ ਮਜਬੂਰ ਹੋ ਕੇ ਵਿਦੇਸ਼ਾਂ ਵਿਚ ਵਾਸ ਕਰਨ ਲਈ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿਚ ਪੜ੍ਹਾਈ ਕਰਨ ਦੇ ਨਾਂ 'ਤੇ ਜਾ ਰਹੇ ਨੌਜਵਾਨਾਂ ਰਾਹੀਂ ਵਿਦੇਸ਼ਾਂ ਦੀਆਂ ਸਰਕਾਰਾਂ ਨੂੰ ਅਰਬਾਂ ਰੁਪਏ ਦਾ ਮੁਨਾਫ਼ਾ ਹੋ ਰਿਹਾ ਹੈ, ਜਦਕਿ ਪੰਜਾਬ ਨੂੰ ਅਰਬਾਂ ਰੁਪਏ ਦਾ ਘਾਟਾ ਪੈ ਰਿਹਾ ਹੈ। ਉਨ੍ਹਾਂ ਪਿਛਲੇ ਦਿਨੀਂ ਸੀਬੀਐੱਸਈ ਵੱਲੋਂ ਪੰਜਾਬੀ ਭਾਸ਼ਾ ਨੂੰ ਅਣਗੌਲਿਆਂ ਕਰਨ 'ਤੇ ਵੀ ਗੰਭੀਰ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਅੰਗਰੇਜ਼ਾਂ ਦੀ ਤਰ੍ਹਾਂ ਸੀਬੀਐੱਸਈ ਬੋਰਡ ਵੱਲੋਂ ਨੀਤੀ ਅਪਣਾ ਕੇ ਪੰਜਾਬੀਅਤ ਨੂੰ ਖ਼ਤਮ ਕਰਨ ਦੀ ਕੋਝੀ ਚਾਲ ਖੇਡੀ ਜਾ ਰਹੀ ਹੈ। ਇਸ ਤੋਂ ਇਲਾਵਾ ਪੰਜਾਬ 'ਚ ਦਿਨੋਂ-ਦਿਨ ਘੱਟ ਰਹੇ ਪਾਣੀ ਦੇ ਪੱਧਰ ਅਤੇ ਦਰਿਆਈ ਪਾਣੀਆਂ ਦੇ ਦੂਸ਼ਿਤ ਹੋਣ 'ਤੇ ਵੀ ਚਿੰਤਾ ਪ੍ਰਗਟਾਈ ਗਈ। ਕੇਂਦਰ ਸਰਕਾਰ ਵੱਲੋਂ ਕਿਸਾਨਾਂ 'ਤੇ ਥੋਪੇ ਗਏ ਕਾਲੇ ਕਾਨੂੰਨ ਦੀ ਚਰਚਾ ਕਰਦਿਆਂ ਹੋਇਆਂ ਉਨ੍ਹਾਂ ਕਿਹਾ ਕਿ ਆਖਰਕਾਰ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨ ਕੇ ਆਪਣੀ ਹਾਰ ਮੰਨਣੀ ਚਾਹੀਦੀ ਹੈ।

ਉਪਰੰਤ ਗੁਰਬਚਨ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗੰ੍ਥ ਸਾਹਿਬ ਜੀ ਨੂੰ ਆਪਣਾ ਗੁਰੂ ਮੰਨ ਤੇ ਗੁਰੂ ਸਾਹਿਬਾਨ ਦੀ ਵਿਚਾਰਧਾਰਾ 'ਤੇ ਚੱਲ ਕੇ ਹੀ ਇਨ੍ਹਾਂ ਸਮੱਸਿਆਵਾਂ ਦਾ ਹੱਲ ਕੱਿਢਆ ਜਾ ਸਕਦਾ ਹੈ।