ਰਾਕੇਸ਼ ਗਾਂਧੀ, ਜਲੰਧਰ

ਕੁਝ ਦਿਨ ਪਹਿਲਾਂ ਦੋਆਬਾ ਹਸਪਤਾਲ ਵਿਚ ਇਕ ਗਰਭਵਤੀ ਅੌਰਤ ਨੂੰ ਇਲਾਜ ਲਈ ਲਿਆਂਦਾ ਗਿਆ ਸੀ ਜਿੱਥੇ ਉਸ ਨੇ ਇੱਕ ਬੱਚੇ ਨੂੰ ਜਨਮ ਦਿੱਤਾ ਅਤੇ ਕੁਝ ਸਮੇਂ ਬਾਅਦ ਹੀ ਉਸ ਦੀ ਸਿਹਤ ਵਿਗੜ ਗਈ ਜਿਸ ਨੂੰ ਡਾਕਟਰਾਂ ਨੇ ਕਿਸੇ ਹੋਰ ਹਸਪਤਾਲ ਲਈ ਰੈਫਰ ਕਰ ਦਿੱਤਾ । ਦੂਜੇ ਹਸਪਤਾਲ ਵਾਲਿਆਂ ਵੱਲੋਂ ਵੀ ਉਸ ਦੇ ਇਲਾਜ ਦੌਰਾਨ ਉਨ੍ਹਾਂ ਨੂੰ ਲੁਧਿਆਣਾ ਦੇ ਡੀਐਮਸੀ ਵਿੱਚ ਭੇਜ ਦਿੱਤਾ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਮਿ੍ਤਕਾ ਦੇ ਪਰਿਵਾਰ ਵਾਲਿਆਂ ਨੇ ਦੋਆਬਾ ਹਸਪਤਾਲ ਦੇ ਡਾਕਟਰਾਂ ਖ਼ਿਲਾਫ਼ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਪਰ ਪੁਲਿਸ ਵੱਲੋਂ ਕੋਈ ਵੀ ਜਾਂਚ ਨਾ ਕੀਤੇ ਜਾਣ ਤੋਂ ਗੁੱਸੇ ਵਿਚ ਆਏ ਪਰਿਵਾਰ ਦੇ ਮੈਂਬਰਾਂ ਅਤੇ ਉਨ੍ਹ੍ਰਾਂ ਦੇ ਸਮੱਰਥਕਾਂ ਨੇ ਅੱਜ ਦੋਆਬਾ ਹਸਪਤਾਲ ਦੇ ਬਾਹਰ ਧਰਨਾ ਲਗਾ ਕੇ ਹਸਪਤਾਲ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਇਸ ਮੌਕੇ ਮਿ੍ਤਕਾ ਦੇ ਪਤੀ ਜਿਤੇਂਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਬਾਵਜੂਦ ਪੁਲਿਸ ਨੇ ਹਸਪਤਾਲ ਦੇ ਡਾਕਟਰ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਅਤੇ ਉਸ ਨੂੰ ਰੋਜ਼ਾਨਾ ਹੀ ਥਾਣੇ ਬੁਲਾ ਕੇ ਸਾਰਾ ਦਿਨ ਬਿਠਾਈ ਰੱਖਿਆ ਜਾਂਦਾ ਸੀ ਅਤੇ ਸ਼ਾਮ ਨੂੰ ਇਹੀ ਕਹਿ ਕੇ ਭੇਜ ਦਿੱਤਾ ਜਾਂਦਾ ਹੈ ਕਿ ਵੱਡੇ ਸਾਬ੍ਹ ਹਾਲੇ ਆਏ ਨਹੀਂ ਹੈ। ਜਿਤੇਂਦਰ ਨੇ ਦੱਸਿਆ ਕਿ ਜਦ ਤਕ ਦੋਆਬਾ ਹਸਪਤਾਲ ਦੇ ਡਾਕਟਰ ਖਿਲਾਫ ਕਾਰਵਾਈ ਨਹੀਂ ਕੀਤੀ ਜਾਂਦੀ, ਤਦ ਤਕ ਉਹ ਸੰਘਰਸ਼ ਜਾਰੀ ਰੱਖਣਗੇ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਧਰਨਾ ਲਗਾ ਕੇ ਬੈਠੇ ਪਰਿਵਾਰ ਦੇ ਮੈਂਬਰਾਂ ਨੂੰ ਸ਼ਾਂਤ ਕਰਵਾਇਆ। ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਜਲਦ ਹੀ ਜਾਂਚ ਕੀਤੀ ਜਾਵੇਗੀ ਅਤੇ ਜੇਕਰ ਜਾਂਚ ਵਿਚ ਕੋਈ ਦੋਸ਼ੀ ਪਾਇਆ ਗਿਆ ਤਾਂ ਉਸ ਦੇ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।