ਕਿਸਾਨ ਜਥੇਬੰਦੀਆਂ ਨੇ ਭਲਕੇ ਭੋਗਪੁਰ ਥਾਣਾ ਘੇਰਨ ਦਾ ਕੀਤਾ ਐਲਾਨ, ਪੁਲਿਸ ਪ੍ਰਸਾਸ਼ਨ ਨੂੰ ਦਿੱਤੀ ਇਹ ਚਿਤਾਵਨੀ
ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਮੱਲੀਨੰਗਲ ਨੇ ਦੱਸਿਆ ਕਿ ਪਿਛਲੇ ਸਾਲ ਕਾਲਾ ਬੱਕਰਾ ਖੇਤਰ ’ਚ ਕਿਸਾਨ ਅਮਰਜੀਤ ਸਿੰਘ ਦੀ ਹਵੇਲੀ ’ਚ ਰੱਖੇ ਸਾਮਾਨ ਨੂੰ ਅੱਗ ਲਾ ਕੇ ਭਾਰੀ ਨੁਕਸਾਨ ਪਹੁੰਚਾਇਆ ਗਿਆ ਸੀ।
Publish Date: Thu, 01 Jan 2026 11:55 AM (IST)
Updated Date: Thu, 01 Jan 2026 11:58 AM (IST)
ਸੰਵਾਦ ਸੂਤਰ, ਜਾਗਰਣ, ਭੋਗਪੁਰ : ਦੁਆਬਾ ਕਿਸਾਨ ਸੰਘਰਸ਼ ਕਮੇਟੀ ਦੀ ਇਕ ਐਮਰਜੈਂਸੀ ਮੀਟਿੰਗ ਗੁਰਦੁਆਰਾ ਸਾਹਿਬ, ਡੱਲੀ ’ਚ ਕਰਵਾਈ ਗਈ। ਬੈਠਕ ’ਚ ਸਰਬ-ਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ 2 ਜਨਵਰੀ ਨੂੰ ਭੋਗਪੁਰ ਥਾਣੇ ਦਾ ਘਿਰਾਓ ਕੀਤਾ ਜਾਵੇਗਾ।
ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਮੱਲੀਨੰਗਲ ਨੇ ਦੱਸਿਆ ਕਿ ਪਿਛਲੇ ਸਾਲ ਕਾਲਾ ਬੱਕਰਾ ਖੇਤਰ ’ਚ ਕਿਸਾਨ ਅਮਰਜੀਤ ਸਿੰਘ ਦੀ ਹਵੇਲੀ ’ਚ ਰੱਖੇ ਸਾਮਾਨ ਨੂੰ ਅੱਗ ਲਾ ਕੇ ਭਾਰੀ ਨੁਕਸਾਨ ਪਹੁੰਚਾਇਆ ਗਿਆ ਸੀ। ਮਾਮਲੇ ਦੀ ਜਾਂਚ ਅਮਰਜੀਤ ਸਿੰਘ ਦੇ ਪੱਖ ’ਚ ਹੋਣ ਦੇ ਬਾਵਜੂਦ ਅਜੇ ਤੱਕ ਮੁਲਜ਼ਮਾਂ ਖ਼ਿਲਾਫ਼ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਦੋਸ਼ ਲਾਇਆ ਕਿ ਪੁਲਿਸ ਨਾ ਸਿਰਫ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕਰ ਰਹੀ, ਸਗੋਂ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਵੀ ਕਰ ਰਹੀ ਹੈ।
ਬਲਵਿੰਦਰ ਸਿੰਘ ਨੇ ਕਿਹਾ ਕਿ ਇਸ ਮੁੱਦੇ ਨੂੰ ਲੈ ਕੇ ਪੁਲਿਸ ਅਧਿਕਾਰੀਆਂ ਨੂੰ ਮੰਗ ਪੱਤਰ ਵੀ ਦਿੱਤਾ ਗਿਆ ਸੀ, ਪਰ ਜਦੋਂ ਕੋਈ ਨਤੀਜਾ ਨਹੀਂ ਨਿਕਲਿਆ ਤਾਂ ਮਜਬੂਰ ਹੋ ਕੇ ਥਾਣੇ ਦੇ ਘਿਰਾਓ ਦਾ ਫੈਸਲਾ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਇਸ ਘਿਰਾਓ ’ਚ ਸਾਰੇ ਕਿਸਾਨ ਸੰਗਠਨ ਸ਼ਾਮਲ ਹੋਣਗੇ। ਕਿਸਾਨ ਸੰਘਰਸ਼ ਕਮੇਟੀ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਇਸ ਦੌਰਾਨ ਕੋਈ ਅਣਹੋਣੀ ਸਥਿਤੀ ਪੈਦਾ ਹੁੰਦੀ ਹੈ ਤਾਂ ਇਸ ਦੀ ਪੂਰੀ ਜ਼ਿੰਮੇਵਾਰੀ ਪੁਲਿਸ ਪ੍ਰਸ਼ਾਸਨ ਦੀ ਹੋਵੇਗੀ।