ਹੱਕਾਂ ਦੀ ਰਾਖੀ ਲਈ ਅਰਥੀ ਫੂਕ ਮੁਜ਼ਾਹਰਾ
ਕਿਸਾਨਾਂ ਤੇ ਮਜ਼ਦੂਰ ਜਥੇਬੰਦੀ ਨੇ ਕਿਸਾਨਾਂ ਨਾਲ ਸਰਕਾਰ ਦੀ ਧੱਕੇਸ਼ਾਹੀ ਦੇ ਵਿਰੋਧ ’ਚ ਸਰਕਾਰ ਦੀ ਅਰਥੀ ਫੂਕੀ
Publish Date: Sat, 07 Feb 2026 08:18 PM (IST)
Updated Date: Sat, 07 Feb 2026 08:20 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਹਿਤਪੁਰ : ਕਿਰਤੀ ਕਿਸਾਨ ਯੂਨੀਅਨ ਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਕਿਸਾਨਾਂ ਤੇ ਮਜ਼ਦੂਰਾਂ ਦੇ ਅਧਿਕਾਰਾਂ ਦੀ ਰਾਖੀ ਲਈ ਸਰਕਾਰ ਵਿਰੋਧੀ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਨਕੋਦਰ ਤਹਿਸੀਲ ਦੇ ਪਿੰਡ ਉਧੋਵਾਲ ਤੇ ਮੰਡਿਆਲਾ ’ਚ ਹੋਇਆ, ਜਿਸ ਦੌਰਾਨ ਪੰਜਾਬ ਸਰਕਾਰ ਖਿਲਾਫ ਅਰਥੀ ਫੂਕਣ ਦੀ ਕਾਰਵਾਈ ਕੀਤੀ ਗਈ। ਕਿਸਾਨ ਜਿਹੜੇ ਬਠਿੰਡਾ ’ਚ ਜੇਲ੍ਹ ’ਚ ਬੰਦ ਕੀਤੇ ਗਏ ਆਗੂਆਂ ਦੀ ਰਿਹਾਈ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ’ਚ ਪ੍ਰਦਰਸ਼ਨ ਕਰਨ ਜਾ ਰਹੇ ਸਨ, ਉਨ੍ਹਾਂ ’ਤੇ ਪੰਜਾਬ ਪੁਲਿਸ ਵੱਲੋਂ ਲਾਠੀ ਚਾਰਜ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਇਸ ਕਦਮ ਦੀ ਨਿੰਦਾ ਕੀਤੀ ਤੇ ਕਿਹਾ ਕਿ ਇਸ ਤਰ੍ਹਾਂ ਦੇ ਦਬਾਅ ਨਾਲ ਲੋਕਾਂ ਦੇ ਬੁਨਿਆਦੀ ਜਮਹੂਰੀ ਹੱਕਾਂ ਨੂੰ ਕੁਚਲਿਆ ਜਾ ਰਿਹਾ ਹੈ। ਕਿਸਾਨ ਮਜ਼ਦੂਰ ਆਗੂਆਂ, ਜਿਵੇਂ ਕਿ ਕਿਰਤੀ ਕਿਸਾਨ ਯੂਨੀਅਨ ਦੀਆਂ ਗੁਰਦੇਵ ਕੌਰ ਨਾਗਰਾ, ਮਨਜੀਤ ਕੌਰ, ਪਰਮਜੀਤ ਕੌਰ ਤੇ ਪੇਂਡੂ ਮਜ਼ਦੂਰ ਯੂਨੀਅਨ ਦੇ ਤਰਸੇਮ ਪੀਟਰ, ਕਸ਼ਮੀਰ ਮੁਡਿਆਲਾ, ਸੁਖਦੇਵ ਮੰਡਿਆਲਾ ਆਦਿ ਨੇ ਕਿਹਾ ਕਿ ਬਠਿੰਡਾ ਦੇ ਪਿੰਡ ਜਿਊਦ ’ਚ ਕਿਸਾਨ ਜਮੀਨ ਬਚਾਉਣ ਲਈ ਸੰਘਰਸ਼ ਕਰ ਰਹੇ ਹਨ। ਸਰਕਾਰ ਦੇ ਦਬਾਅ ਤਹਿਤ ਪੰਜਾਬ ਪੁਲਿਸ ਨੇ ਘਰਾਂ ’ਚ ਛਾਪੇਮਾਰੀ ਕਰਕੇ 4 ਦਰਜਨ ਤੋਂ ਵੱਧ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕੀਤਾ ਤੇ ਕਈ ਨੂੰ ਨਜ਼ਰਬੰਦ ਕੀਤਾ। ਉਨ੍ਹਾਂ ਨੇ ਦੱਸਿਆ ਕਿ ਬਠਿੰਡਾ ਜੇਲ੍ਹ ’ਚ ਬੰਦ ਕੀਤੇ ਕਿਸਾਨ ਆਗੂ ਸ਼ਗਨਦੀਪ ਸਿੰਘ ਸ਼ਗਨੀ ਤੇ ਬਲਦੇਵ ਸਿੰਘ ਚੌਕੇ ਦੀ ਰਿਹਾਈ ਲਈ 6 ਫ਼ਰਵਰੀ ਤੋਂ ਪੰਜਾਬ ਪੱਧਰੀ ਪੱਕਾ ਮੋਰਚਾ ਚੱਲ ਰਿਹਾ ਸੀ। ਸਰਕਾਰ ਵੱਲੋਂ ਇਸ ਮੋਰਚੇ ਨੂੰ ਤਾਰਪੀਡੋ ਕਰਨ ਲਈ ਪੁਲਿਸ ਵੱਲੋਂ ਪ੍ਰਚੰਡ ਕਾਰਵਾਈ ਕੀਤੀ ਗਈ। ਬਰਨਾਲਾ ਤੇ ਸੰਗਰੂਰ ’ਚ ਕਿਸਾਨਾਂ ਤੇ ਕਿਸਾਨ ਬੀਬੀਆਂ ’ਤੇ ਲਾਠੀਚਾਰਜ ਕੀਤਾ ਗਿਆ। ਆਗੂਆਂ ਦਾ ਕਹਿਣਾ ਹੈ ਕਿ ਸੂਬਾ ਸਰਕਾਰ ਲੋਕਾਂ ਦੇ ਇਕੱਠੇ ਹੋਣ, ਬੋਲਣ ਤੇ ਵਿਰੋਧ ਪ੍ਰਗਟ ਕਰਨ ਦੇ ਮਨੁੱਖੀ ਤੇ ਜਮਹੂਰੀ ਹੱਕਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਕਿਸਾਨ ਆਗੂਆਂ ਨੇ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਮਾਮਲੇ ’ਚ ਕਿਸੇ ਹੋਰ ਹਾਕਮ ਪਾਰਟੀ ਤੋਂ ਵੱਖਰੀ ਨਹੀਂ ਹੈ ਤੇ ਹਰ ਵਰਗ ਦੇ ਸੰਘਰਸ਼ ਨੂੰ ਜਬਰ ਨਾਲ ਦਬਾਉਣਾ ਚਾਹੁੰਦੀ ਹੈ।