ਕਿਸਾਨਾਂ ਤੇ ਮਜ਼ਦੂਰਾਂ ਨੇ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫੂਕਿਆ ਬਿਲਗਾ ’ਚ ਕਿਸਾਨਾਂ ਤੇ ਮਜ਼ਦੂਰਾਂ ਨੇ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫੂਕਿਆ
Publish Date: Wed, 07 Oct 2026 07:12 PM (IST)
Updated Date: Wed, 07 Oct 2026 07:14 PM (IST)
ਰੇਸ਼ਮ ਲਾਲ, ਪੰਜਾਬੀ ਜਾਗਰਣ ਬਿਲਗਾ : ਜਮਹੂਰੀ ਕਿਸਾਨ ਸਭਾ ਦੇ ਸੱਦੇ ’ਤੇ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਕਸਬਾ ਬਿਲਗਾ ਵਿਖੇ ਰੋਸ ਪ੍ਰਦਰਸ਼ਨ ਕਰਦਿਆਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕਿਆ ਗਿਆ। ਇਸ ਦੌਰਾਨ ਇਕੱਤਰ ਹੋਏ ਕਿਸਾਨਾਂ ਤੇ ਮਜ਼ਦੂਰਾਂ ਨੇ ਕੇਂਦਰ ਸਰਕਾਰ ਤੇ ਚੋਣ ਪ੍ਰਬੰਧ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਆਲ ਇੰਡੀਆ ਕਿਸਾਨ ਮਹਾਸਭਾ ਦੇ ਕੇਂਦਰੀ ਕਮੇਟੀ ਮੈਂਬਰ ਤੇ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਸਕੱਤਰ ਸੰਤੋਖ ਸਿੰਘ ਬਿਲਗਾ ਨੇ ਦੋਸ਼ ਲਗਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਚੋਣ ਪ੍ਰਕਿਰਿਆ ਨੂੰ ਆਪਣੇ ਹਿੱਤਾਂ ਲਈ ਵਰਤ ਰਹੀ ਹੈ। ਉਨ੍ਹਾਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਭੂਮਿਕਾ ’ਤੇ ਸਵਾਲ ਚੁੱਕਦਿਆਂ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕੀਤੀ। ਸੰਤੋਖ ਸਿੰਘ ਨੇ ਕਿਹਾ ਕਿ ਵੋਟ ਦਾ ਅਧਿਕਾਰ ਸੰਵਿਧਾਨ ਵੱਲੋਂ ਦਿੱਤਾ ਗਿਆ ਮਹੱਤਵਪੂਰਨ ਅਧਿਕਾਰ ਹੈ ਤੇ ਇਸ ਦੀ ਰਾਖੀ ਲਈ ਲੋਕਾਂ ਨੂੰ ਜਾਗਰੂਕ ਹੋਣ ਦੀ ਲੋੜ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਨੌਜਵਾਨਾਂ, ਵਿਦਿਆਰਥੀਆਂ ਤੇ ਹੋਰ ਵਰਗਾਂ ਵੱਲੋਂ ਸੰਘਰਸ਼ ਕੀਤੇ ਜਾ ਰਹੇ ਹਨ ਤੇ ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ ਵੀ ਇਸ ਸੰਘਰਸ਼ ਦਾ ਹਿੱਸਾ ਬਣੀ ਹੋਈ ਹੈ। ਸਭਾ ਦੇ ਆਗੂਆਂ ਨੇ ਦਿੱਲੀ ਦੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਨਾਲ ਸਬੰਧਤ ਮਾਮਲਿਆਂ ਦਾ ਜ਼ਿਕਰ ਕਰਦਿਆਂ ਦੋਸ਼ ਲਾਇਆ ਕਿ ਸੰਘਰਸ਼ਕਾਰੀਆਂ ਨੂੰ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦੇਣ ’ਚ ਰੁਕਾਵਟਾਂ ਪਾਈਆਂ ਗਈਆਂ। ਉਨ੍ਹਾਂ ਕਿਹਾ ਕਿ ਲੋਕਤੰਤਰ ਤੇ ਸੰਵਿਧਾਨ ਦੀ ਰਾਖੀ ਲਈ ਸ਼ਾਂਤਮਈ ਢੰਗ ਨਾਲ ਆਵਾਜ਼ ਉਠਾਉਣ ਵਾਲੇ ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਕੀਤੀ ਜਾਣੀ ਚਾਹੀਦੀ ਹੈ। ਆਗੂਆਂ ਨੇ ਨੌਜਵਾਨਾਂ, ਵਿਦਿਆਰਥੀਆਂ ਤੇ ਆਮ ਲੋਕਾਂ ਨੂੰ ਸੰਵਿਧਾਨਕ ਹੱਕਾਂ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਰਾਖੀ ਲਈ ਜਥੇਬੰਦ ਹੋਣ ਦੀ ਅਪੀਲ ਕੀਤੀ। ਇਸ ਮੌਕੇ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਆਗੂ ਮਾਸਟਰ ਕੁਲਦੀਪ ਵਾਲੀਆ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਚੱਲ ਰਹੇ ਸੰਘਰਸ਼ਾਂ ਦੀ ਹਮਾਇਤ ਕਰਨ ਦਾ ਐਲਾਨ ਕੀਤਾ। ਪੁਤਲਾ ਫੂਕਣ ਮੌਕੇ ਡਾ. ਸਰਬਜੀਤ ਮੁਠੱਡਾ, ਸਰਬਜੀਤ ਸੰਗੋਵਾਲ, ਕੁਲਵੰਤ ਖਹਿਰਾ, ਬਲਬੀਰ ਬੀਰੀ, ਸੁਰਿੰਦਰ ਮੰਗਾ, ਬਿਹਾਰੀ ਲਾਲ ਔਜਲਾ, ਰਾਮ ਔਜਲਾ, ਕੁਲਵੰਤ ਔਜਲਾ, ਕੁਲਦੀਪ ਸਿਆਣ, ਸਤੀਸ਼ ਪੁਆਦੜਾ, ਬਲਬੀਰ ਸਿੰਘ ਰਾਣਾ ਆਦਿ ਹਾਜ਼ਰ ਸਨ।