ਸੀਨੀਅਰ ਸਟਾਫ ਰਿਪੋਰਟਰ, ਜਲੰਧਰ : ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਕਿਸਾਨਾਂ ਨੂੰ ਕਿਹਾ ਕਿ ਉਹ ਆਪਣੀ ਕਣਕ ਦੀ ਫ਼ਸਲ ਨੂੰ 31 ਮਈ ਤਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਵੇਚਣ ਲਈ ਲਿਆ ਸਕਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦ ਕਰਨ ਦੀ ਵਚਨਬੱਧਤਾ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਣਕ ਦੀ ਖ਼ਰੀਦ ਪ੍ਰਕਿਰਿਆ ਲਈ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ ਵਲੋਂ 156 ਖ਼ਰੀਦ ਕੇਂਦਰ ਸਥਾਪਤ ਕੀਤੇ ਗਏ ਹਨ ਜਿੱਥੇ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਮਾਜਿਕ ਦੂਰੀ ਦੇ ਨਿਯਮ ਦੀ ਪਾਲਣਾ ਕਰਦੇ ਹੋਏ ਕਣਕ ਦੀ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚੜ੍ਹ ਰਹੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤਕ ਜ਼ਿਲ੍ਹੇ ਦੀਆਂ ਮੰਡੀਆਂ 'ਚੋਂ 5.50 ਲੱਖ ਮੀਟਿ੍ਕ ਟਨ ਦੀ ਖ਼ਰੀਦ ਕਰਕੇ 5.36 ਲੱਖ ਮੀਟਿ੍ਕ ਟਨ ਕਣਕ ਦੀ ਚੁਕਾਈ ਕਰਨ ਦੇ ਨਾਲ 1027.99 ਕਰੋੜ ਰੁਪਏ ਦੀ ਕਿਸਾਨਾਂ ਨੂੰ ਅਦਾਇਗੀ ਕੀਤੀ ਜਾ ਚੁੱਕੀ ਹੈ। ਕਣਕ ਦੀ ਸਮੁੱਚੀ ਖ਼ਰੀਦ ਪ੍ਰਕਿਰਿਆ ਨੂੰ ਨਿਰਵਿਘਨ ਤੇ ਪਾਰਦਰਸ਼ੀ ਢੰਗ ਨਾਲ ਚਲਾਇਆ ਗਿਆ ਤਾਂ ਕਿ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ। 31 ਮਈ ਨਂੂੰ ਕਣਕ ਦੀ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਮੁਕੰਮਲ ਹੋਣ ਉਪਰੰਤ ਅੱਗੋਂ ਸਾਊਣੀ ਸੀਜ਼ਨ ਦੀ ਸ਼ੁਰੂਆਤ ਹੋਣ ਜਾ ਰਹੀ ਹੈ।