- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੰਗਾਂ ਨੂੰ ਲੈ ਕੇ ਦੂਜੇ ਦਿਨ ਵੀ ਜਾਰੀ ਰਿਹਾ ਕਿਸਾਨਾਂ ਦਾ ਧਰਨਾ, ਸ਼ੁੱਕਰਵਾਰ ਤੱਕ ਰਹੇਗਾ ਜਾਰੀ

- ਕੈਬਨਿਟ ਮੰਤਰੀ ਦੇ ਘਰ ਦੇ ਬਾਹਰ ਲਾਇਆ ਮੋਰਚਾ
ਸ਼ੈਲੀ, ਪੰਜਾਬੀ ਜਾਗਰਣ, ਜਲੰਧਰ : ਮੰਗਾਂ ਨੂੰ ਲੈ ਕੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ’ਤੇ ਮੰਗਲਵਾਰ ਨੂੰ ਵੀ ਕੈਬਨਿਟ ਮੰਤਰੀ ਮੋਹਿੰਦਰ ਭਗਤ ਦੇ ਅਰਬਨ ਅਸਟੇਟ ਫੇਜ਼-2 ਸਥਿਤ ਨਿਵਾਸ ਸਥਾਨ ਦੇ ਸਾਹਮਣੇ ਪਾਰਕ ’ਚ ਕਿਸਾਨਾਂ ਦਾ ਧਰਨਾ ਜਾਰੀ ਰਿਹਾ। ਸੋਮਵਾਰ ਨੂੰ ਲਾਇਆ ਗਿਆ ਇਹ ਧਰਨਾ ਸ਼ੁੱਕਰਵਾਰ ਤੱਕ ਜਾਰੀ ਰਹੇਗਾ। ਧਰਨੇ ਦੌਰਾਨ ਕਿਸਾਨਾਂ ਨੇ ਪਾਰਕ ਦੇ ਆਲੇ-ਦੁਆਲੇ ਟਰੈਕਟਰ-ਟਰਾਲੀਆਂ ਖੜ੍ਹੀਆਂ ਕਰ ਦਿੱਤੀਆਂ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਜੇ ਉਨ੍ਹਾਂ ਦੀਆਂ ਮੰਗਾਂ ਜਲਦ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਕਿਸਾਨਾਂ ਨੇ ਪਾਰਕ ’ਚ ਟੈਂਟ ਲਗਾ ਕੇ ਸ਼ੁੱਕਰਵਾਰ ਤੱਕ ਉੱਥੇ ਹੀ ਰੁਕਣ ਦਾ ਪ੍ਰਬੰਧ ਕੀਤਾ ਹੈ। ਇਸ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸਲਵਿੰਦਰ ਸਿੰਘ ਜਾਨੀਆ ਨੇ ਕਿਹਾ ਕਿ ਸਰਕਾਰ ਦੀਆਂ ਕਿਸਾਨ-ਮਜ਼ਦੂਰ ਵਿਰੋਧੀ ਨੀਤੀਆਂ ਕਾਰਨ ਹੀ ਉਹ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਏ ਹਨ। ਪ੍ਰਮੁੱਖ ਮੰਗਾਂ ’ਚ ਕਿਸਾਨਾਂ ਦੀਆਂ ਸਾਰੀਆਂ ਫ਼ਸਲਾਂ ਐੱਮਐੱਸਪੀ ’ਤੇ ਖਰੀਦਣ ਦੀ ਗਾਰੰਟੀ ਵਾਲਾ ਕਾਨੂੰਨ ਬਣਾਉਣ ਦੀ ਮੰਗ ਸ਼ਾਮਲ ਹੈ। ਕਿਸਾਨਾਂ ਦੀ ਪੂਰਨ ਕਰਜ਼ਾ ਮੁਆਫ਼ੀ ਦੀ ਮੰਗ ਵੀ ਕੀਤੀ ਗਈ। ਆਗੂਆਂ ਨੇ ਕਿਹਾ ਕਿ ਹਵਾ ਪ੍ਰਦੂਸ਼ਣ, ਦੂਸ਼ਿਤ ਪਾਣੀ ਤੇ ਪਰਾਲੀ ਵਰਗੇ ਮੁੱਦਿਆਂ ਨੂੰ ਹੱਲ ਕਰਨ ਦੀ ਜ਼ਿੰਮੇਵਾਰੀ ਸਰਕਾਰ ਨੂੰ ਲੈਣੀ ਚਾਹੀਦੀ ਹੈ ਤੇ ਇਸ ਲਈ ਕਿਸਾਨਾਂ ਨੂੰ ਦੋਸ਼ੀ ਠਹਿਰਾਉਣਾ ਬੰਦ ਕੀਤਾ ਜਾਵੇ। ਇਸ ਤੋਂ ਇਲਾਵਾ ਸਮਾਰਟ ਚਿੱਪ ਵਾਲੇ ਬੇਲੋੜੇ ਬਿਜਲੀ ਮੀਟਰ ਲਗਾਉਣੇ ਬੰਦ ਕਰਨ ਤੇ ਆਮ ਲੋਕਾਂ ਦੇ ਵੱਡੀ ਰਕਮ ਵਾਲੇ ਬਿਜਲੀ ਬਿੱਲ ਰੱਦ ਕਰਨ ਦੀ ਮੰਗ ਵੀ ਰੱਖੀ ਗਈ। ਇਸ ਮੌਕੇ ਰਾਜਿੰਦਰ ਸਿੰਘ ਰਾਜੂ ਨੰਗਲੰਬੀਆ, ਜਗਦੀਸ਼ ਪਾਲ ਸਿੰਘ ਚੱਕ ਬਾਹਮਣੀਆਂ, ਨਿਰਮਲ ਸਿੰਘ ਢੰਡੋਵਾਲ, ਬਲਰਾਜ ਸਿੰਘ, ਲਵਪ੍ਰੀਤ ਸਿੰਘ ਕੋਟਲੀ ਗਾਜਰਾਂ, ਸ਼ੇਰ ਸਿੰਘ ਰਾਮੇ, ਮਹਿੰਦਰ ਸਿੰਘ ਰਾਜੇਵਾਲ, ਗੁਰਮੁਖ ਸਿੰਘ ਕੋਟਲਾ ਸੂਰਜ ਮੱਲ, ਧੰਨਾ ਸਿੰਘ, ਇਕਬਾਲ ਸਿੰਘ, ਕੁਲਦੀਪ ਸਿੰਘ ਜਾਨੀਆਂ, ਤਰਸੇਮ ਸਿੰਘ ਢਿੱਲੋਂ, ਰਣਜੀਤ ਸਿੰਘ ਖੇਲਾ, ਰਸ਼ਪਾਲ ਸਿੰਘ ਸ਼ਾਦੀਪੁਰ, ਕਸ਼ਮੀਰ ਸਿੰਘ ਪੰਨੂ, ਸੁਖਬੀਰ ਸਿੰਘ ਕੁੱਕੜ ਪਿੰਡ ਸਮੇਤ ਹੋਰ ਕਿਸਾਨ ਹਾਜ਼ਰ ਸਨ।