ਸੀਨੀਅਰ ਸਟਾਫ ਰਿਪੋਰਟਰ, ਜਲੰਧਰ : ਝੋਨੇ ਦੇ ਸੀਜ਼ਨ ਦੌਰਾਨ ਮੋਟਰਾਂ ਵਾਲੀ ਬਿਜਲੀ ਸਪਲਾਈ 8 ਘੰਟੇ ਪੂਰੀ ਨਾ ਮਿਲਣ ਕਾਰਨ ਨਾਰਾਜ਼ ਕਿਸਾਨ 25 ਸਵੇਰੇ 10 ਵਜੇ ਸ਼ਕਤੀ ਸਦਨ ਸਥਿਤ ਪਾਵਰਕਾਮ ਦੀ ਚੀਫ ਇੰਜੀਨੀਅਰ ਦਾ ਦਫਤਰ ਘੇਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆ ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਯੂਥ ਪ੍ਰਧਾਨ ਅਮਰਜੋਤ ਸਿੰਘ ਜੋਤੀ ਨੇ ਦੱਸਿਆ ਕਿ ਸਰਕਾਰ ਵੱਲੋਂ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦਾ ਐਲਾਨ ਕੀਤਾ ਗਿਆ ਸੀ ਪਰ ਕਿਸਾਨਾਂ ਨੂੰ ਪੂਰੇ 8 ਘੰਟੇ ਬਿਜਲੀ ਦੀ ਸਪਲਾਈ ਪੂਰੀ ਨਹੀਂ ਦਿੱਤੀ ਜਾ ਰਹੀ, ਜਿਸ ਕਾਰਨ ਝੋਨਾ ਲੁਆਉਣ 'ਚ ਕਿਸਾਨਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨ ਆਗੂ ਨੇ ਕਿਹਾ ਕਿ ਬਿਜਲੀ ਸਪਲਾਈ ਨਾ ਮਿਲਣ ਕਾਰਨ ਕਿਸਾਨਾਂ 'ਚ ਰੋਸ ਪਾਇਆ ਜਾ ਰਿਹਾ ਹੈ ਤੇ ਇਸ ਲਈ ਵੱਡੀ ਗਿਣਤੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਅਗਵਾਈ ਹੇਠ 25 ਜੂਨ ਨੂੰ ਸਵੇਰੇ 10 ਵਜੇ ਪਾਵਰਕਾਮ ਦੇ ਚੀਫ ਇੰਜੀਨੀਅਰ ਦਾ ਸ਼ਕਤੀ ਸਦਨ ਸਥਿਤ ਦਫਤਰ ਘੇਰਨਗੇ।