ਭਿਆਨਕ ਸੜਕ ਹਾਦਸਾ : ਤੇਜ਼ ਰਫ਼ਤਾਰ ਬੇਕਾਬੂ ਕਾਰ ਦਰੱਖਤ ਨਾਲ ਟਕਰਾਈ, ਨੌਜਵਾਨ ਦੀ ਮੌਤ ਤੇ ਦੋਸਤ ਗੰਭੀਰ ਜ਼ਖ਼ਮੀ ਸ਼ਾਹਕੋਟ-ਜਲੰਧਰ ਰਾਸ਼ਟਰੀ ਮਾਰਗ 'ਤੇ ਮਲਸੀਆਂ ਨੇੜੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਦਰੱਖਤ ਨਾਲ ਜਾ ਟਕਰਾਈ। ਇਸ ਭਿਆਨਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦੋਂ ਕਿ ਉਸ ਦਾ ਦੋਸਤ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਅਤੇ ਦੋਵੇਂ ਨੌਜਵਾਨ ਗੱਡੀ ਦੇ ਅੰਦਰ ਹੀ ਫਸ ਗਏ।
Publish Date: Fri, 23 Oct 2026 11:54 AM (IST)
Updated Date: Fri, 23 Oct 2026 11:55 AM (IST)
ਗਿਆਨ ਸੈਦਪੁਰੀ, ਪੰਜਾਬੀ ਜਾਗਰਣ, ਜਲੰਧਰ : ਸ਼ਾਹਕੋਟ-ਜਲੰਧਰ ਰਾਸ਼ਟਰੀ ਮਾਰਗ 'ਤੇ ਮਲਸੀਆਂ ਨੇੜੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਦਰੱਖਤ ਨਾਲ ਜਾ ਟਕਰਾਈ। ਇਸ ਭਿਆਨਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦੋਂ ਕਿ ਉਸ ਦਾ ਦੋਸਤ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਅਤੇ ਦੋਵੇਂ ਨੌਜਵਾਨ ਗੱਡੀ ਦੇ ਅੰਦਰ ਹੀ ਫਸ ਗਏ।
ਜਾਣਕਾਰੀ ਅਨੁਸਾਰ, ਲਵਪ੍ਰੀਤ ਸਿੰਘ (26) ਪੁੱਤਰ ਕੁਲਵੰਤ ਸਿੰਘ ਨਿਵਾਸੀ ਪਿੰਡ ਐਦਲਪੁਰ (ਸ਼ਾਹਕੋਟ) ਅਤੇ ਉਸ ਦਾ ਦੋਸਤ ਰਾਜਨਪ੍ਰੀਤ ਸਿੰਘ ਪੁੱਤਰ ਸਰਬਜੀਤ ਸਿੰਘ ਨਿਵਾਸੀ ਪਿੰਡ ਰਾਮੇ (ਸ਼ਾਹਕੋਟ) ਚਿੱਟੇ ਰੰਗ ਦੀ ਕਾਰ ਵਿੱਚ ਸਵਾਰ ਹੋ ਕੇ ਸ਼ਾਹਕੋਟ ਤੋਂ ਨਕੋਦਰ ਵੱਲ ਜਾ ਰਹੇ ਸਨ। ਮਲਸੀਆਂ ਤੋਂ ਅੱਗੇ ਨਿਕਲਦਿਆਂ ਹੀ ਕਾਰ ਦੀ ਰਫ਼ਤਾਰ ਤੇਜ਼ ਹੋਣ ਕਾਰਨ ਚਾਲਕ ਦਾ ਗੱਡੀ ਤੋਂ ਕੰਟਰੋਲ ਹਟ ਗਿਆ ਅਤੇ ਕਾਰ ਬੇਕਾਬੂ ਹੋ ਕੇ ਸਿੱਧੀ ਦਰੱਖਤ ਨਾਲ ਜਾ ਟਕਰਾਈ।
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਮਲਸੀਆਂ ਪੁਲਿਸ ਚੌਕੀ ਦੇ ਇੰਚਾਰਜ ਏ.ਐਸ.ਆਈ. ਜਗਤਾਰ ਸਿੰਘ ਅਤੇ ਸੜਕ ਸੁਰੱਖਿਆ ਫੋਰਸ ਦੇ ਕਰਮਚਾਰੀ ਕੁਲਵਿੰਦਰ ਸਿੰਘ ਤੇ ਬਲਜੀਤ ਸਿੰਘ ਤੁਰੰਤ ਮੌਕੇ 'ਤੇ ਪਹੁੰਚੇ। ਮੌਕੇ 'ਤੇ ਮੌਜੂਦ ਰਾਹਗੀਰਾਂ ਅਤੇ ਟਰੈਕਟਰ ਦੀ ਮਦਦ ਨਾਲ ਪੁਲਿਸ ਕਰਮਚਾਰੀਆਂ ਨੇ ਕਾਰ ਦੇ ਬੁਰੀ ਤਰ੍ਹਾਂ ਨੁਕਸਾਨੇ ਗਏ ਹਿੱਸਿਆਂ ਨੂੰ ਖਿੱਚ ਕੇ ਬਾਹਰ ਕੱਢਿਆ ਅਤੇ ਮੁਸ਼ੱਕਤ ਨਾਲ ਦੋਵਾਂ ਨੌਜਵਾਨਾਂ ਨੂੰ ਗੱਡੀ ਵਿੱਚੋਂ ਬਾਹਰ ਕੱਢ ਕੇ ਨਜ਼ਦੀਕੀ ਨਿੱਜੀ ਹਸਪਤਾਲ ਪਹੁੰਚਾਇਆ।
ਹਸਪਤਾਲ ਵਿੱਚ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਦੋਵਾਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਨ੍ਹਾਂ ਨੂੰ ਨਕੋਦਰ ਰੈਫਰ ਕਰ ਦਿੱਤਾ ਗਿਆ। ਨਕੋਦਰ ਪਹੁੰਚਣ 'ਤੇ ਡਾਕਟਰਾਂ ਨੇ ਲਵਪ੍ਰੀਤ ਸਿੰਘ ਨੂੰ ਮ੍ਰਿਤਕ ਐਲਾਨ ਕਰ ਦਿੱਤਾ, ਜਦੋਂ ਕਿ ਰਾਜਨਪ੍ਰੀਤ ਸਿੰਘ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਮੁੱਢਲੇ ਇਲਾਜ ਲਈ ਅੱਗੇ ਜਲੰਧਰ ਰੈਫਰ ਕਰ ਦਿੱਤਾ ਗਿਆ ਹੈ। ਮ੍ਰਿਤਕ ਲਵਪ੍ਰੀਤ ਸਿੰਘ ਦਾ ਸ਼ੁੱਕਰਵਾਰ ਨੂੰ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ। ਇਸ ਦਰਦਨਾਕ ਹਾਦਸੇ ਕਾਰਨ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।