- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿਛਲੇ ਦਿਨੀੰ ਪ੍ਰੇਮ ਸਿੰਘ ਚੰਦੂਮਾਜਰਾ ਵੱਲੋੰ ਸ਼ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਛੱਡ ਕੇ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਲ ਹੋਣ ਅਤੇ ਬੀਬੀ ਜਾਗੀਰ ਕੌਰ ਦੀ ਭਲਕੇ ਘਰ ਵਾਪਸੀ ਦੀ ਖਬਰਾਂ ਨਾਲ ਸਿਆਸੀ ਗਲਿਆਰਿਆਂ ਵਿੱਚ ਇਸ ਸਮੇਂ ਇਹ ਚਰਚਾ ਜ਼ੋਰਾਂ ’ਤੇ ਹੈ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦਾ ਸਿਆਸੀ ਭਵਿੱਖ ਕੀ ਹੋਵੇਗਾ।

ਤੇਜਿੰਦਰ ਕੌਰ ਥਿੰਦ, ਪੰਜਾਬੀ ਜਾਗਰਣ, ਜਲੰਧਰ : ਵਿਧਾਨ ਸਭਾ ਚੋਣਾਂ ਨੇੜੇ ਆਉਣ ਨਾਲ ਪੰਜਾਬ ਦੀ ਸਿਆਸਤ ਵਿੱਚ ਇਸ ਸਮੇਂ ਹਲਚਲ ਤੇਜ਼ ਹੈ। ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਵਡਾਲਾ ਨੇ ਪਾਰਟੀ ਦੇ ਮੌਜੂਦਾ ਸਿਆਸੀ ਹਾਲਾਤ ਅਤੇ ਬਾਗੀ ਸੁਰਾਂ ਅਖ਼ਤਿਆਰ ਕਰਨ ਵਾਲੇ ਸੀਨੀਅਰ ਆਗੂਆਂ ਬਾਰੇ ਬਹੁਤ ਹੀ ਸਪੱਸ਼ਟ ਅਤੇ ਬੇਬਾਕ ਟਿੱਪਣੀ ਕੀਤੀ ਹੈ। ਉਨ੍ਹਾਂ ਸਾਫ਼ ਕਰ ਦਿੱਤਾ ਹੈ ਕਿ ਉਹ ਆਪਣੇ ਤੈਅ ਕੀਤੇ ਹੋਏ ਸਿਆਸੀ ਸਟੈਂਡ ’ਤੇ ਪੂਰੀ ਤਰ੍ਹਾਂ ਕਾਇਮ ਰਹਿਣਗੇ ਅਤੇ ਪੰਥਕ ਹਿੱਤਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਪਿਛਲੇ ਦਿਨੀੰ ਪ੍ਰੇਮ ਸਿੰਘ ਚੰਦੂਮਾਜਰਾ ਵੱਲੋੰ ਸ਼ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਛੱਡ ਕੇ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਲ ਹੋਣ ਅਤੇ ਬੀਬੀ ਜਾਗੀਰ ਕੌਰ ਦੀ ਭਲਕੇ ਘਰ ਵਾਪਸੀ ਦੀ ਖਬਰਾਂ ਨਾਲ ਸਿਆਸੀ ਗਲਿਆਰਿਆਂ ਵਿੱਚ ਇਸ ਸਮੇਂ ਇਹ ਚਰਚਾ ਜ਼ੋਰਾਂ ’ਤੇ ਹੈ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦਾ ਸਿਆਸੀ ਭਵਿੱਖ ਕੀ ਹੋਵੇਗਾ। ਗੁਰਪ੍ਰਤਾਪ ਸਿੰਘ ਵਡਾਲਾ ਅਤੇ ਹੋਰ ਆਗੂਆਂ ਦੀਆਂ ਸਰਗਰਮੀਆਂ ਕਾਰਨ ਪੰਜਾਬ ਦੀ ਸਿਆਸਤ ਵਿੱਚ ਨਵੇਂ ਸਮੀਕਰਨ ਬਣਦੇ ਦਿਖਾਈ ਦੇ ਰਹੇ ਹਨ। ਆਗੂਆਂ ਦੇ ‘ਨਿੱਜੀ ਮੁਫ਼ਾਦ’ ਸਿਆਸਤ ’ਤੇ ਹਮਲਾ : ਗੁਰਪ੍ਰਤਾਪ ਸਿੰਘ ਵਡਾਲਾ ਨੇ ਬੀਬੀ ਜਗੀਰ ਕੌਰ ਅਤੇ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਪਾਰਟੀ ਛੱਡ ਕੇ ਮੁੜ ਸੁਖਬੀਰ ਬਾਦਲ ਦੀ ਪਾਰਟੀ ਦਾ ਪੱਲਾ ਫੜ ਲੈਣ ’ਤੇ ਕਰਾਰਾ ਵਿਅੰਗ ਕੱਸਦਿਆਂ ਕਿਹਾ ਕਿ ਇਹ ਆਗੂ ਸਿਰਫ਼ ਅਤੇ ਸਿਰਫ਼ ਆਪਣਾ ਨਿੱਜੀ ਫ਼ਾਇਦਾ ਸੋਚ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਪੰਥਕ ਮੁੱਦਿਆਂ ਲਈ ਇਕੱਠੇ ਹੋ ਕੇ ਲੜਨ ਦਾ ਸਮਾਂ ਹੈ, ਤਾਂ ਕੁਝ ਆਗੂ ਆਪਣੇ ਨਿੱਜੀ ਰਾਜਸੀ ਹਿੱਤਾਂ ਲਈ ਪਾਰਟੀ ਮੂਹਰੇ ਰੁਕਾਵਟਾਂ ਖੜ੍ਹੀਆਂ ਕਰ ਰਹੇ ਹਨ। ਅਕਾਲੀ ਦਲ (ਪੁਨਰ ਸੁਰਜੀਤ) ਦਾ ਸਟੈਂਡ ਅਤੇ ਪੰਥਕ ਹਿੱਤ ਪਾਰਟੀ ਦੇ ਅੰਦਰੂਨੀ ਹਾਲਾਤਾਂ ਮੁਤਾਬਕ, ਕੁਝ ਵੱਡੇ ਆਗੂਆਂ ਦੇ ਪਾਰਟੀ ਛੱਡਣ ਦੀਆਂ ਚਰਚਾਵਾਂ ਵੀ ਸਾਹਮਣੇ ਆ ਰਹੀਆਂ ਹਨ। ਹਾਲਾਂਕਿ, ਪ੍ਰਧਾਨ ਵਡਾਲੀ ਵੱਲੋਂ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਉਹ ਆਪਣੇ ਸਟੈਂਡ ‘ਤੇ ਡਟੇ ਹੋਏ ਹਨ ਅਤੇ ਆਉਣ ਵਾਲੀਆਂ ਚੋਣਾਂ ਪੂਰੀ ਤਾਕਤ ਨਾਲ ਲੜਨਗੇ। ਉਨ੍ਹਾਂ ਕਿਹਾ ਕਿ ਸਿੱਖੀ ਦੇ ਮੁੱਦਿਆਂ ’ਤੇ ਲੜ ਰਹੇ ਹਾਂ ਤੇ ਲੜਦੇ ਰਹਾਂਗੇ। ਪੰਥਕ ਸਿਆਸਤ ’ਚ ਨਵੀਂ ਚਰਚਾ : ਵਡਾਲਾ ਦੇ ਇਸ ਤਿੱਖੇ ਬਿਆਨ ਤੋਂ ਬਾਅਦ ਪੰਜਾਬ ਦੇ ਸਿਆਸੀ ਗਲਿਆਰਿਆਂ ਵਿੱਚ ਗਰਮੀ ਆ ਗਈ ਹੈ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਅਕਾਲੀ ਦਲ ਦੇ ਅੰਦਰੂਨੀ ਸਮੀਕਰਨਾਂ ਵਿੱਚ ਹੋਰ ਵੱਡੀਆਂ ਤਬਦੀਲੀਆਂ ਦੇਖਣ ਨੂੰ ਮਿਲ ਸਕਦੀਆਂ ਹਨ। ਇੱਕ ਪਾਸੇ ਜਿੱਥੇ ਬਾਗੀ ਧੜੇ ਆਪਣੀ ਰਣਨੀਤੀ ਘੜ ਰਹੇ ਹਨ, ਉੱਥੇ ਹੀ ਵਡਾਲਾ ਧੜੇ ਨੇ ਆਪਣੇ ਮੂਲ ਸਟੈਂਡ ’ਤੇ ਕਾਇਮ ਰਹਿ ਕੇ ਸਾਫ਼ ਕਰ ਦਿੱਤਾ ਹੈ ਕਿ ਉਹ ਪੰਥ ਅਤੇ ਪੰਜਾਬ ਦੀ ਆਵਾਜ਼ ਨੂੰ ਬੁਲੰਦ ਰੱਖਣ ਲਈ ਪੂਰੀ ਤਰ੍ਹਾਂ ਤਿਆਰ ਹਨ। ਦੂਜੇ ਪਾਸੇ ਸੁਖਬੀਰ ਬਾਦਲ ਨਾਰਾਜ਼ ਆਗੂਆਂ ਨੂੰ ਮਨਾ ਕੇ ਘਰ ਵਾਪਸੀ ਦੀ ਮੁਹਿੰਮ ਨੂੰ ਤੇਜ਼ ਕਰ ਰਹੇ ਹਨ।