
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵਲੋਂ ਦਰਸਾਏ ਮਾਰਗ ’ਤੇ ਚੱਲਕੇ ਹੀ ਆਦਰਸ਼ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ- ਮੋਹਿੰਦਰ ਭਗਤ

ਲੋਕ ਸਭਾ ਮੈਂਬਰ ਰਾਜ ਕੁਮਾਰ ਚੱਬੇਵਾਲ ਵਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਜੀਵਨ ’ਚ ਅਪਣਾਉਣ ਦਾ ਸੱਦਾ
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫਿਲੌਰ ਵਿਖੇ ਹੋਇਆ ਮਹਾਨ ਕੀਰਤਨ ਸਮਾਗਮ
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ :
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਸਮਾਗਮ ਅੱਜ ਨਵੀਂ ਦਾਣਾ ਮੰਡੀ, ਪਿੰਡ ਸੈਫਾਬਾਦ, ਫਿਲੌਰ ਵਿਖੇ ਕਰਵਾਇਆ ਗਿਆ। ਮਹਾਨ ਕੀਰਤਨ ਸਮਾਗਮ ਦੌਰਾਨ ਪੰਜਾਬ ਦੇ ਰੱਖਿਆ ਸੇਵਾਵਾਂ ਅਤੇ ਭਲਾਈ, ਸੁਤੰਤਰਤਾ ਸੈਨਾਨੀ ਤੇ ਬਾਗਬਾਨੀ ਮੰਤਰੀ ਮਹਿੰਦਰ ਭਗਤ, ਹੁਸ਼ਿਆਰਪੁਰ ਤੋਂ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਹਲਕਾ ਇੰਚਾਰਜ ਫਿਲੌਰ ਹਰਜੋਤ ਕੌਰ ਲੋਹਟੀਆ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਵਧੀਕ ਡਿਪਟੀ ਕਮਿਸ਼ਨਰ ਅਮਰਜੀਤ ਸਿੰਘ ਬੈਂਸ ਤੇ ਐੱਸ.ਡੀ.ਐੱਮ.ਦੀਪਕ ਭਾਟੀਆ ਸਮੇਤ ਵੱਖ-ਵੱਖ ਪ੍ਰਮੁੱਖ ਸਖਸ਼ੀਅਤਾਂ ਨੇ ਮੱਥਾ ਟੇਕ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਮਹਾਨ ਕੀਰਤਨ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਲਗਾ ਕੇ ਗੁਰਬਾਣੀ ਕੀਰਤਨ, ਕਥਾ ਅਤੇ ਭਗਤੀ ਭਜਨਾਂ ਦਾ ਆਨੰਦ ਮਾਣਿਆ। ਇਸ ਮੌਕੇ ਪੂਰਾ ਮਾਹੌਲ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਤੇ ਉਪਦੇਸ਼ਾਂ ਦੀ ਰੂਹਾਨੀ ਰੌਸ਼ਨੀ ਵਿੱਚ ਰੂਹਾਨੀਅਤ ਦੇ ਰੰਗ ’ਚ ਰੰਗਿਆ ਗਿਆ।
ਇਸ ਮੌਕੇ ਪ੍ਰਸਿੱਧ ਰਾਗੀ ਭਾਈ ਦਵਿੰਦਰ ਸਿੰਘ ਸੋਢੀ (ਲੁਧਿਆਣਾ ਵਾਲੇ) ਤੇ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਵੱਲੋਂ ਕੀਤੇ ਗਏ ਰਸਭਿੰਨੇ ਗੁਰਬਾਣੀ ਕੀਰਤਨ ਨੇ ਸੰਗਤਾਂ ਨੂੰ ਨਾਮ-ਰਸ ਵਿੱਚ ਲੀਨ ਕਰ ਦਿੱਤਾ। ਇਸ ਤੋਂ ਬਾਅਦ ਭਾਈ ਗੁਰਮੀਤ ਸਿੰਘ ਨੇ ਗੁਰਬਾਣੀ ਕਥਾ ਕਰਦਿਆਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਉਨ੍ਹਾਂ ਦੀ ਬਾਣੀ, ਸਮਾਨਤਾ, ਨਿਮਰਤਾ ਅਤੇ ਨਿਸ਼ਕਾਮ ਸੇਵਾ ਦੇ ਸੰਦੇਸ਼ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ ਅਤੇ ਸੰਗਤਾਂ ਨੂੰ ਗੁਰੂ ਸਾਹਿਬ ਦੇ ਆਦਰਸ਼ਾਂ ਨੂੰ ਅਮਲ ਵਿੱਚ ਲਿਆਉਣ ਦੀ ਪ੍ਰੇਰਣਾ ਦਿੱਤੀ। ਮੰਤਰੀ ਨੇ ਸੰਗਤਾਂ ਦੇ ਰੂਬਰੂ ਹੁੰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਪਵਿੱਤਰ ਬਾਣੀ ਸਰਬ ਸਾਂਝੀਵਾਲਤਾ, ਮਨੁੱਖੀ ਬਰਾਬਰੀ, ਸਮਾਜਿਕ ਨਿਆਂ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਰਸਾਏ ਮਾਰਗ ’ਤੇ ਚੱਲ ਕੇ ਹੀ ਆਦਰਸ਼ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਲੰਧਰ ਦੇ ਪਿੰਡ ਨੌਗੱਜਾ/ਫਰੀਦਪੁਰ ਵਿਖੇ 10 ਏਕੜ ਤੋਂ ਵੱਧ ਰਕਬੇ ਵਿੱਚ 37 ਕਰੋੜ ਰੁਪਏ ਦੀ ਲਾਗਤ ਨਾਲ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਲੋਕ ਸਭਾ ਮੈਂਬਰ ਡਾ.ਰਾਜ ਕੁਮਾਰ ਚੱਬੇਵਾਲ ਵਲੋਂ ਸਮੂਹ ਸੰਗਤਾਂ ਨੂੰ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆ ਨੂੰ ਜੀਵਨ ਵਿੱਚ ਅਪਣਾਉਣ ਦਾ ਸੱਦਾ ਦਿੱਤਾ ਗਿਆ। ਉਨ੍ਹਾਂ ਨੇ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਦੱਸੇ ਧਰਮ ਦਇਆ ਤੇ ਮਨੁੱਖਤਾ ਦੇ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ।
ਅਖੀਰ ਵਿੱਚ ਹਲਕਾ ਇੰਚਾਰਜ ਫਿਲੌਰ ਹਰਜੋਤ ਕੌਰ ਲੋਹਟੀਆਂ ਵੱਲੋਂ ਸਮੂਹ ਸੰਗਤਾਂ ਦਾ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਮਹਾਨ ਕੀਰਤਨ ਦਰਬਾਰ ’ਚ ਪਹੁੰਚਣ ਅਤੇ ਕੀਰਤਨ ਸਮਾਗਮ ਨੂੰ ਸਫ਼ਲ ਬਣਾਉਣ ਲਈ ਸਮੂਹ ਧਾਰਮਿਕ ਸੰਸਥਾਵਾਂ ਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਪ੍ਰੇਮ ਕੁਮਾਰ, ਡਾਕਟਰ ਅਸ਼ਵਨੀ ਕੁਮਾਰ ਸ਼ਾਹਪੁਰੀ ਸਰਪੰਚ ਪਿੰਡ ਸ਼ਾਹਪੁਰ, ਸੰਤ ਬਾਬਾ ਸੁਖਵਿੰਦਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸ਼੍ਰੀਮਾਨ ਸੰਤ ਬਾਬਾ ਜਰਨੈਲ ਸਿੰਘ ਨੰਗਲ ਬੇਟ ਆਲੋਵਾਲ, ਸੁਮੀਤ ਲਾਡੀ ਬਸਰਾ ਸਰਪੰਚ ਪਿੰਡ ਵਿਰਕ, ਰੋਸ਼ਨ ਲਾਲ ਰੋਸੀ਼ ਚੇਅਰਮੈਨ ਮਾਰਕਿਟ ਕਮੇਟੀ ਫਿਲੌਰ, ਸੁਖਵਿੰਦਰ ਸਿੰਘ ਲੰਬੜਦਾਰ,ਅਵਤਾਰ ਚੰਦ ਤਾਰੀ ਬਲਾਕ ਪ੍ਰਧਾਨ ਫਿਲੌਰ, ਹਰਕਮਲ ਸਿੰਘ ਬੇਗਮਪੁਰ, ਡਾਕਟਰ ਗੁਰਚਰਨ ਭਾਟੀਆ, ਆਪ ਪਾਰਟੀ ਲੀਡਰਸ਼ਿਪ ਵਲੰਟੀਅਰ ਬਲਾਕ ਪ੍ਰਧਾਨ ਤੇ ਸੰਗਤਾਂ ਹਾਜ਼ਰ ਸਨ।