ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਮੰਡਲ ਅਫ਼ਸਰ ਦਫ਼ਤਰ ਅੱਗੇ ਧਰਨਾ
ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਮੰਡਲ ਅਫ਼ਸਰ ਦਫ਼ਤਰ ਅੱਗੇ ਧਰਨਾ
Publish Date: Fri, 06 Feb 2026 06:44 PM (IST)
Updated Date: Fri, 06 Feb 2026 06:47 PM (IST)

ਤਜਿੰਦਰ ਕੁਮਾਰ, ਪੰਜਾਬੀ ਜਾਗਰਣ, ਬਿਲਗਾ/ਨੂਰਮਹਿਲ : ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੰਡਲ ਅਫ਼ਸਰ ਦਫ਼ਤਰ ਫਿਲੌਰ ਅੱਗੇ ਧਰਨਾ ਦਿੱਤਾ ਗਿਆ। ਇਸ ਮੌਕੇ ਯੂਨੀਅਨ ਦੇ ਮੰਡਲ ਪ੍ਰਧਾਨ ਸੁਖਦੇਵ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ 30 ਜੁਲਾਈ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੰਗਲਾਤ ਵਿਭਾਗ ਦੇ 58 ਤੇ 506 ਵਰਕਰਾਂ ਨੂੰ ਨਿਯੁਕਤੀ ਪੱਤਰ ਦੇ ਕੇ ਪੱਕਾ ਕੀਤਾ ਗਿਆ ਸੀ ਪਰ ਉਨ੍ਹਾਂ ਨੂੰ ਨਿਗੁਣੀਆਂ ਤਨਖਾਹਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਵਰਤਮਾਨ ’ਚ ਜੰਗਲਾਤ ਵਰਕਰਾਂ ਨੂੰ ਮਹੀਨੇ ਦੇ ਕੇਵਲ 15 ਹਜ਼ਾਰ ਰੁਪਏ ਦਿੱਤੇ ਜਾ ਰਹੇ ਹਨ, ਜਦਕਿ ਹਾਈਕੋਰਟ ਦੇ ਫੈਸਲੇ ਅਨੁਸਾਰ ਉਨ੍ਹਾਂ ਨੂੰ ਭੱਤਿਆਂ ਸਮੇਤ ਪੂਰੀ ਤਨਖਾਹ ਮਿਲਣੀ ਚਾਹੀਦੀ ਹੈ। ਸੁਖਦੇਵ ਸਿੰਘ ਨੇ ਮੰਗ ਕੀਤੀ ਕਿ ਜਿਨ੍ਹਾਂ ਵਰਕਰਾਂ ਨੇ 2006 ਤੱਕ 10 ਸਾਲ ਦੀ ਸੇਵਾ ਪੂਰੀ ਕਰ ਲਈ ਹੈ, ਉਨ੍ਹਾਂ 14 ਕਾਮਿਆਂ ਨੂੰ ਤੁਰੰਤ ਪੱਕਾ ਕੀਤਾ ਜਾਵੇ। ਇਸ ਦੇ ਨਾਲ ਹੀ ਪੱਕੇ ਵਰਕਰਾਂ ਦੀ ਰਿਟਾਇਰਮੈਂਟ ਉਮਰ 60 ਸਾਲ ਕੀਤੀ ਜਾਵੇ ਤੇ ਜਿਨ੍ਹਾਂ ਸੀਨੀਅਰ ਅਨਪੜ੍ਹ ਕਾਮਿਆਂ ਨੇ 16 ਮਈ 2023 ਤੱਕ 10 ਸਾਲ ਦੀ ਸੇਵਾ ਪੂਰੀ ਕੀਤੀ ਹੈ, ਉਨ੍ਹਾਂ ਨੂੰ ਵੀ ਜਲਦੀ ਪੱਕਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹਾਈਕੋਰਟ ਦੇ ਹੁਕਮਾਂ ਅਨੁਸਾਰ ਵਰਕਰਾਂ ਦਾ ਬਣਦਾ ਏਰੀਅਲ ਤੁਰੰਤ ਉਨ੍ਹਾਂ ਦੇ ਖਾਤਿਆਂ ’ਚ ਪਾਇਆ ਜਾਵੇ ਤੇ ਪੱਕੇ ਕੀਤੇ ਵਰਕਰਾਂ ਦੀਆਂ ਤਨਖਾਹਾਂ ਜਾਰੀ ਕੀਤੀਆਂ ਜਾਣ। ਧਰਨੇ ਉਪਰੰਤ ਮੰਡਲ ਅਫ਼ਸਰ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ। ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਤੇ ਵਿਭਾਗ ਵੱਲੋਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ 14 ਫਰਵਰੀ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕੇ ਦਿੜ੍ਹਬਾ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ। ਇਸ ਧਰਨੇ ’ਚ ਵੱਖ-ਵੱਖ ਰੇਂਜਾਂ ਤੋਂ ਵੱਡੀ ਗਿਣਤੀ ’ਚ ਜੰਗਲਾਤ ਵਰਕਰ ਸ਼ਾਮਲ ਹੋਏ।