- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਲੰਧਰ ਕਮਿਸ਼ਨਰੇਟ ਪੁਲਿਸ ਦਾ

ਜਲੰਧਰ ਕਮਿਸ਼ਨਰੇਟ ਪੁਲਿਸ ਦਾ ਨਸ਼ਾ ਤਸਕਰਾਂ ਖ਼ਿਲਾਫ਼ ਹੱਲਾ ਬੋਲ
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਖਿਲਾਫ ਛੇੜੀ ਗਈ ਮੁਹਿੰਮ ਤਹਿਤ ਪੁਲਿਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਚਾਰ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਹੈਰੋਇਨ ਬਰਾਮਦ ਕਰਨ ’ਚ ਸਫਲਤਾ ਹਾਸਲ ਕੀਤੀ ਹੈ।
ਜਾਣਕਾਰੀ ਅਨੁਸਾਰ ਥਾਣਾ ਨੰਬਰ ਦੋ ਦੇ ਏਐੱਸਆਈ ਗੋਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਵਰਕਸ਼ਾਪ ਚੌਕ ਵਿੱਚ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੈਦਲ ਆ ਰਹੇ ਇੱਕ ਨੌਜਵਾਨ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਜਦ ਨਾਂ ਪੁੱਛਿਆ ਤਾਂ ਉਸਨੇ ਆਪਣਾ ਨਾਮ ਵਿਜੇ ਰਾਜ ਵਾਸੀ ਗਾਂਧੀ ਕੈਂਪ ਦੱਸਿਆ। ਜਦ ਏਐੱਸਆਈ ਵੱਲੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਜੇਬ ਵਿੱਚੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ ਜਿਸ ’ਤੇ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ।
ਥਾਣਾ ਨੰਬਰ ਸੱਤ ਦੇ ਸਬ-ਇੰਸਪੈਕਟਰ ਸਤਪਾਲ ਸਿੰਘ ਪੁਲਿਸ ਪਾਰਟੀ ਸਮੇਤ ਵਿਜੇ ਕਾਲੋਨੀ ’ਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਗਲੀ ਵਿੱਚੋਂ ਨਿਕਲੇ ਇੱਕ ਨੌਜਵਾਨ ਨੇ ਜਦ ਪੁਲਿਸ ਪਾਰਟੀ ਦੇਖੀ ਤਾਂ ਇਕਦਮ ਘਬਰਾ ਗਿਆ ਅਤੇ ਪਿਛਾਂਹ ਮੁੜਨ ਲੱਗਾ। ਸਬ-ਇੰਸਪੈਕਟਰ ਸਤਪਾਲ ਸਿੰਘ ਵੱਲੋਂ ਉਸ ਨੂੰ ਪਿੱਛਾ ਕਰਕੇ ਕਾਬੂ ਕੀਤਾ ਗਿਆ। ਜਦੋਂ ਨਾਂ ਪੁੱਛਿਆ ਗਿਆ ਤਾਂ ਉਸਨੇ ਆਪਣਾ ਨਾਮ ਦੀਪਕ ਵਾਸੀ ਅੰਮ੍ਰਿਤਸਰ ਦੱਸਿਆ। ਜਦ ਉਸ ਕੋਲੋਂ ਜਲੰਧਰ ਆਉਣ ਦਾ ਕਾਰਨ ਪੁੱਛਿਆ ਗਿਆ ਤਾਂ ਉਹ ਕੋਈ ਢੁੱਕਵਾਂ ਜਵਾਬ ਨਹੀਂ ਦੇ ਸਕਿਆ ਤੇ ਘਬਰਾਹਟ ’ਚ ਗਲਤ ਜਵਾਬ ਦੇਣ ਲੱਗਾ। ਸ਼ੱਕ ਦੇ ਆਧਾਰ ’ਤੇ ਪੁਲਿਸ ਪਾਰਟੀ ਨੇ ਤਲਾਸ਼ੀ ਲਈ ਤਾਂ ਜੇਬ ਵਿੱਚੋਂ 5.40 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ’ਤੇ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ।
ਬਸਤੀ ਬਾਵਾ ਖੇਲ ਦੇ ਏਐੱਸਆਈ ਰਜਿੰਦਰ ਕੁਮਾਰ ਲੈਦਰ ਕੰਪਲੈਕਸ ’ਚ ਨਾਕਾਬੰਦੀ ’ਤੇ ਮੌਜੂਦ ਸਨ। ਇਸ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਇੱਕ ਨੌਜਵਾਨ ਹੈਰੋਇਨ ਦੀ ਸਪਲਾਈ ਦੇਣ ਲਈ ਲੈਦਰ ਕੰਪਲੈਕਸ ’ਚ ਘੁੰਮ ਰਿਹਾ ਹੈ। ਜਿਸ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਪਾਰਟੀ ਨੇ ਦੱਸੀ ਥਾਂ ’ਤੇ ਛਾਪੇਮਾਰੀ ਕਰਕੇ ਅਨਮੋਲ ਬੈਂਸ ਵਾਸੀ ਬਸਤੀ ਨੌਂ ਨੂੰ ਕਾਬੂ ਕਰਕੇ ਉਸ ਕੋਲੋਂ ਚਾਰ ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸੇ ਤਰ੍ਹਾਂ ਕ੍ਰਾਈਮ ਬ੍ਰਾਂਚ ਦੇ ਏਐੱਸਆਈ ਰੁਪਿੰਦਰ ਸਿੰਘ ਲੱਦੇਵਾਲੀ ਰੋਡ ’ਤੇ ਸਥਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਲਾਗੇ ਗਸ਼ਤ ਕਰ ਰਹੇ ਸਨ। ਇੱਕ ਨੌਜਵਾਨ ਜੋ ਕਿ ਸੜਕ ਕੰਢੇ ਖੜ੍ਹਾ ਸੀ, ਨੇ ਜਦ ਪੁਲਿਸ ਪਾਰਟੀ ਦੇਖੀ ਤਾਂ ਇਕਦਮ ਘਬਰਾ ਗਿਆ ਤੇ ਆਪਣੀ ਜੇਬ ਵਿੱਚੋਂ ਇੱਕ ਲਿਫਾਫਾ ਕੱਢ ਕੇ ਆਪਣੇ ਪਿਛਲੇ ਪਾਸੇ ਸੁੱਟ ਦਿੱਤਾ। ਸ਼ੱਕ ਪੈਣ ’ਤੇ ਏਐੱਸਆਈ ਰੁਪਿੰਦਰ ਸਿੰਘ ਨੇ ਉਸ ਨੂੰ ਰੋਕ ਕੇ ਜਦ ਉਸਦਾ ਨਾਂ ਪੁੱਛਿਆ ਤਾਂ ਉਸ ਨੇ ਆਪਣਾ ਨਾਂ ਸੁਭਾਸ਼ ਚੰਦ ਵਾਸੀ ਪਿੰਡ ਚੋਹਕ ਕਲਾਂ ਦੱਸਿਆ। ਜਦ ਪੁਲਿਸ ਪਾਰਟੀ ਨੇ ਉਸ ਵੱਲੋਂ ਸੁੱਟੇ ਗਏ ਲਿਫਾਫੇ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ ਸੱਤ ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ’ਤੇ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ। ਫੜੇ ਗਏ ਮੁਲਜ਼ਮਾਂ ਖਿਲਾਫ ਐੱਨਡੀਪੀਐੱਸ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।