ਪੰਜਾਬ ਦੇ ਹੁਸ਼ਿਆਰਪੁਰ ਤੋਂ ਚਾਰ ਅੱਤਵਾਦੀ ਗ੍ਰਿਫ਼ਤਾਰ, 2.5 ਕਿਲੋ IED ਤੇ ਦੋ ਪਿਸਤੌਲ ਬਰਾਮਦ; ਬੱਬਰ ਖਾਲਸਾ ਦੇ ਇਸ਼ਾਰੇ 'ਤੇ ਰਚ ਰਹੇ ਸੀ ਸਾਜ਼ਿਸ਼
ਪੰਜਾਬ ਪੁਲਿਸ ਨੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖ਼ਾਲਸਾ ਇੰਟਰਨੈਸ਼ਨਲ (BKI) ਦੇ ਇੱਕ ਟੇਰਰ ਮਾਡਿਊਲ ਨੂੰ ਬੇਨਕਾਬ ਕਰਦੇ ਹੋਏ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ 2.5 ਕਿਲੋਗ੍ਰਾਮ ਆਰਡੀਐਕਸ ਨਾਲ ਤਿਆਰ ਕੀਤਾ ਇੱਕ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (IED), ਦੋ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ
Publish Date: Fri, 23 Jan 2026 08:49 PM (IST)
Updated Date: Fri, 23 Jan 2026 09:02 PM (IST)
ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਪੰਜਾਬ ਪੁਲਿਸ ਨੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖ਼ਾਲਸਾ ਇੰਟਰਨੈਸ਼ਨਲ (BKI) ਦੇ ਇੱਕ ਟੇਰਰ ਮਾਡਿਊਲ ਨੂੰ ਬੇਨਕਾਬ ਕਰਦੇ ਹੋਏ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ 2.5 ਕਿਲੋਗ੍ਰਾਮ ਆਰਡੀਐਕਸ ਨਾਲ ਤਿਆਰ ਕੀਤਾ ਇੱਕ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (IED), ਦੋ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਪੰਜਾਬ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਸੋਸ਼ਲ ਮੀਡੀਆ ਐਕਸ ਤੇ ਇੱਕ ਪੋਸਟ ਸਾਂਝੀ ਕਰਦੇ ਹੋਏ ਇਹ ਜਾਣਕਾਰੀ ਦਿੱਤੀ ਤੇ ਦੱਸਿਆ ਕਿ ਇਹ ਮਾਡਿਊਲ ਹੁਸ਼ਿਆਰਪੁਰ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਸਾਂਝੀ ਕਾਰਵਾਈ ਦੌਰਾਨ ਬੇਨਕਾਬ ਹੋਇਆ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ ਬਰਾਮਦ ਆਈਈਡੀ ਆਉਣ ਵਾਲੇ ਗਣਤੰਤਰ ਦਿਵਸ ਦੇ ਮੌਕੇ ਕਿਸੇ ਨਿਸ਼ਾਨਾਬੱਧ ਅੱਤਵਾਦੀ ਹਮਲੇ ਲਈ ਵਰਤੀ ਜਾਣੀ ਸੀ। DGP ਮੁਤਾਬਕ, ਇਹ ਟੇਰਰ ਮਾਡਿਊਲ ਅਮਰੀਕਾ ਵਿੱਚ ਬੈਠੇ BKI ਹੈਂਡਲਰਾਂ ਵੱਲੋਂ ਚਲਾਇਆ ਜਾ ਰਿਹਾ ਸੀ ਅਤੇ ਇਸਦੇ ਕੜੇ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ISI ਨਾਲ ਜੁੜੇ ਹੋਣ ਦੀ ਵੀ ਜਾਣਕਾਰੀ ਸਾਹਮਣੇ ਆਈ ਹੈ।
ਪੁਲਿਸ ਨੇ ਇਸ ਮਾਮਲੇ ਵਿੱਚ ਚਾਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ ਦਿਲਜੋਤ ਸਿੰਘ ਸੈਣੀ, ਹਰਮਨ ਉਰਫ਼ ਹੈਰੀ, ਅਜੈ ਉਰਫ਼ ਮੇਹਰਾ ਅਤੇ ਅਰਸ਼ਦੀਪ ਸਿੰਘ ਉਰਫ਼ ਅਰਸ਼ ਕੰਦੋਲਾ ਵਜੋਂ ਹੋਈ ਹੈ। ਸਾਰੇ ਦੋਸ਼ੀ ਹੁਸ਼ਿਆਰਪੁਰ ਜ਼ਿਲ੍ਹੇ ਦੇ ਗੜ੍ਹਸ਼ੰਕਰ ਇਲਾਕੇ ਦੇ ਵਸਨੀਕ ਦੱਸੇ ਜਾ ਰਹੇ ਹਨ। ਇਸ ਸਬੰਧੀ ਥਾਣਾ ਗੜ੍ਹਸ਼ੰਕਰ ਵਿੱਚ ਗੈਰਕਾਨੂੰਨੀ ਗਤਿਵਿਧੀਆਂ (ਰੋਕਥਾਮ) ਐਕਟ ਅਤੇ ਵਿਸਫੋਟਕ ਪਦਾਰਥ ਐਕਟ ਦੀਆਂ ਸਬੰਧਤ ਧਾਰਾਵਾਂ ਹੇਠ ਕੇਸ ਦਰਜ ਕਰ ਲਿਆ ਗਿਆ ਹੈ। ਮਾਮਲੇ ਦੀ ਹੋਰ ਜਾਂਚ ਜਾਰੀ ਹੈ।ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਰਾਜ ਦੀ ਅੰਦਰੂਨੀ ਸੁਰੱਖਿਆ ਨੂੰ ਲੈ ਕੇ ਪੂਰੀ ਤਰ੍ਹਾਂ ਸਚੇਤ ਹੈ ਅਤੇ ਰਾਜ ਵਿੱਚ ਅਮਨ-ਚੈਨ, ਸੁਰੱਖਿਆ ਅਤੇ ਭਾਈਚਾਰੇ ਦੀ ਸਾਂਝ ਕਾਇਮ ਰੱਖਣ ਲਈ ਅੱਤਵਾਦ ਅਤੇ ਸੰਗਠਿਤ ਅਪਰਾਧਕ ਨੈੱਟਵਰਕਾਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ।